ਮਹਿਤਾ ਚੌਕ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਇਕ ਸਿਲੇਬਸ ਵਿਚ ਦਮਦਮੀ ਟਕਸਾਲ ਦੇ ਚੌਧਵੇ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਪ੍ਰਤੀ ਵਰਤੀ ਗਈ ਇਤਰਾਜ਼ਯੋਗ ਸ਼ਬਦਾਵਲੀ ਦਾ ਸਖ਼ਤ ਨੋਟਿਸ ਲਿਆ ਹੈ । ਉਨ੍ਹਾਂ ਯੂਨੀਵਰਸਿਟੀ ਵਾਈਸ ਚਾਂਸਲਰ ਪ੍ਰੋਫੈਸਰ ਅਰਵਿੰਦ ਜੀ ਨੂੰ ਆਪਣੀ ਗ਼ਲਤੀ ਸੁਧਾਰ ਲੈਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਸਿੱਖਾਂ ਦੇ ਹੱਕਾਂ ਹਿਤਾਂ ਲਈ ਸੰਘਰਸ਼ ਕਰਨ ਵਾਲੇ ਸੰਤ ਭਿੰਡਰਾਂਵਾਲੇ ਸਿੱਖ ਸਮਾਜ ਲਈ ਆਦਰਸ਼ ਹਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 20ਵੀ ਸਦੀ ਦੇ ਮਹਾਨ ਸਿੱਖ ਜਰਨੈਲ ਅਤੇ ਸ਼ਹੀਦ ਦੇ ਰੁਤਬੇ ਨਾਲ ਸਨਮਾਨਿਤ ਹਨ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਸੰਤਾਂ ਬਾਰੇ ਕੀਤੀ ਗਈ ਗ਼ਲਤ ਬਿਆਨੀ ਨੇ ਸਿੱਖ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ ਹੈ। ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਉਕਤ ਮਾਮਲੇ ਨੂੰ ਲੈ ਕੇ ਪੰਜਾਬੀ ਯੂਨੀਵਰਸਿਟੀ, ਵਿਰੁੱਧ ਲਏ ਗਏ ਸਟੈਂਡ ਦੀ ਸ਼ਲਾਘਾ ਕੀਤੀ । ਉਨ੍ਹਾਂ ਕਿਹਾ ਕਿ ਯੂਨੀਵਰਸਿਟੀਆਂ ਦਾ ਕਾਰਜ ਸੰਤੁਲਿਤ ਤੇ ਨਿਰਪੱਖ ਅਧਿਐਨ ਕਰਵਾਉਣਾ ਹੈ। ਪਰ ਪੰਜਾਬੀ ਯੂਨੀਵਰਸਿਟੀ ਦੇ ਡਿਸਟੈਂਸ ਐਜੂਕੇਸ਼ਨ ਵਿਭਾਗ ਵੱਲੋਂ ਐਮ.ਏ. ਰਾਜਨੀਤੀ ਵਿਗਿਆਨ ਦੇ ਚੌਥੇ ਸਮੈਸਟਰ ਦੇ ਸਿਲੇਬਸ, ਪੇਪਰ: ਪੰਜਾਬ ਦੀ ਰਾਜਨੀਤੀ, ਚੈਪਟਰ, ਪੰਜਾਬ ਦੇ ਸਿੱਖ ਜੰਗਜੂ ਅੰਦੋਲਨ ਦਾ ਵਿਸ਼ਲੇਸ਼ਣ, ਪੰਨਾ 26 ਵਿਚ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈ ਗਈ ਪੁਸਤਕ ਵਿਚ ਸਿੱਖ ਯੋਧੇ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਪ੍ਰਤੀ ਕੀਤੀ ਗਈ ਨਕਾਰਾਤਮਿਕ ਪੇਸ਼ਕਾਰੀ ਅੱਸੀ ਦੇ ਦਹਾਕੇ ਵਿਚ ਪੰਜਾਬ ਦੇ ਹੱਕਾਂ ਲਈ ਪੰਜਾਬੀਆਂ ਵੱਲੋਂ ਕੀਤੇ ਗਏ ਸੰਘਰਸ਼ ਦਾ ਇਕਪਾਸੜ ਤੇ ਗ਼ਲਤ ਵਿਸ਼ਲੇਸ਼ਣ ਹੋਵੇਗਾ। ਉਨ੍ਹਾਂ ਕਿਹਾ ਕਿ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਨੇ ਪੰਜਾਬ ਦੀਆਂ ਹੱਕੀ ਮੰਗਾਂ ਦੀ ਗੱਲ ਕੀਤੀ ਅਤੇ ਤਤਕਾਲੀ ਭਾਰਤ ਸਰਕਾਰ ਵੱਲੋਂ ਸਿੱਖਾਂ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਕੀਤੇ ਫ਼ੌਜੀ ਹਮਲੇ ਵਿਰੁੱਧ ਜੂਝਦਿਆਂ ਸ਼ਹਾਦਤ ਪ੍ਰਾਪਤ ਕੀਤੀ। ਦਮਦਮੀ ਟਕਸਾਲ ਦੇ ਮੁਖੀ ਨੇ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਸਮਗਰੀ ’ਤੇ ਤੁਰੰਤ ਰੋਕ ਲਾਉਣ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਰੜੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਪੰਜਾਬੀ ਯੂਨੀਵਰਸਿਟੀ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਾਉਣ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰੇ: ਗਿਆਨੀ ਹਰਨਾਮ ਸਿੰਘ ਖ਼ਾਲਸਾ
This entry was posted in ਪੰਜਾਬ.