ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):–ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੁੱਕੇ ਮਸਲੇ ਉੱਤੇ ਹਾਂ ਪੱਖੀ ਹੁੰਗਾਰਾ ਭਰਦਿਆਂ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰੀ ਸ਼੍ਰੀ ਪਿਊਸ਼ ਗੋਇਲ ਨੇ ਦਿਹਾਤੀ ਵਿਕਾਸ ਫੰਡ ਦਾ 1760 ਕਰੋੜ ਰੁਪਏ ਜਾਰੀ ਕਰਨ ਦੀ ਵੱਡੀ ਮੰਗ ਮੰਨ ਲਈ ਹੈ।
ਕੇਂਦਰੀ ਮੰਤਰੀ ਨੂੰ ਰਾਜ ਸਭਾ ਸਕੱਤਰੇਤ ਵਿਖੇ ਮਿਲਣ ਉਪਰੰਤ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਮੰਤਰੀ ਵੱਲੋਂ ਪਿਛਲੇ ਸਾਉਣੀ ਅਤੇ ਹਾੜੀ ਦੇ ਖਰੀਦ ਸੀਜ਼ਨ ਲਈ ਬਕਾਇਆ ਦਿਹਾਤੀ ਵਿਕਾਸ ਫੰਡ ਦੇ ਭੁਗਤਾਨਾਂ ਨੂੰ ਜਾਰੀ ਕਰਨ ਸਬੰਧੀ ਇੱਕ ਵੱਡੀ ਮੰਗ ਨੂੰ ਪ੍ਰਵਾਨ ਕਰ ਲਿਆ ਗਿਆ ਅਤੇ ਹਾਜ਼ਰ ਅਧਿਕਾਰੀਆਂ ਨੂੰ ਇਸ ‘ਤੇ ਤੇਜ਼ੀ ਨਾਲ ਕਾਰਵਾਈ ਕਰਨ ਲਈ ਕਿਹਾ ਗਿਆ। ਉਹਨਾਂ ਕਿਹਾ ਕਿ ਇਸ ਨਾਲ ਪੰਜਾਬ ਰਾਜ ਨੂੰ 1700 ਕਰੋੜ ਰੁਪਏ ਤੋਂ ਵੱਧ ਦਾ ਵਿੱਤੀ ਲਾਭ ਹੋਵੇਗਾ।
ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨਾਲ ਮੁਲਾਕਤ ਕੀਤੀ ਅਤੇ ਅਹਿਮ ਫੌਰੀ ਮਹੱਤਵ ਵਾਲੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ। ਵਿਚਾਰ-ਵਟਾਂਦਰੇ ਦੌਰਾਨ ਕੇਂਦਰੀ ਮੰਤਰੀ ਨੇ ਮੁੱਖ ਮੰਤਰੀ ਨੂੰ ਸੂਬਾ ਸਰਕਾਰ ਵੱਲੋਂ ਉਠਾਈਆਂ ਮੰਗਾਂ ‘ਤੇ ਤੁਰੰਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ, ਜਿਸ ਨਾਲ ਪੰਜਾਬ ਸਰਕਾਰ ਨੂੰ ਸਾਲਾਨਾ 2800 ਕਰੋੜ ਰੁਪਏ ਤੋਂ ਵੱਧ ਦਾ ਵਿੱਤੀ ਲਾਭ ਹੋਵੇਗਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕੇਂਦਰੀ ਮੰਤਰੀ ਨੇ ਐਫ.ਸੀ.ਆਈ. ਨੂੰ ਉਪਲਬਧ ਵਿਆਜ ਦਰਾਂ ‘ਤੇ ਪੰਜਾਬ ਨੂੰ ਵਿਆਜ ਅਦਾਇਗੀਆਂ ਦੀ ਅਦਾਇਗੀ ਕਰਨ ਦੇ ਫੈਸਲੇ ‘ਤੇ ਮੁੜ ਵਿਚਾਰ ਕਰਨ ਦੀ ਉਨ੍ਹਾਂ ਦੀ ਬੇਨਤੀ ਨੂੰ ਵੀ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਨੇ ਰਾਜ ਸਰਕਾਰ ਦੇ ਇਸ ਸਟੈਂਡ ਨਾਲ ਸਹਿਮਤੀ ਜਤਾਈ ਕਿ ਉਹ ਐਫਸੀਆਈ, ਜਿਸ ਨੂੰ ਯੂਨੀਅਨ ਦੀ ਪ੍ਰਭੂਸੱਤਾ ਗਾਰੰਟੀ ਦਾ ਸਮਰਥਨ ਹੈ, ਨੂੰ ਉਪਲਬਧ ਵਿਆਜ ਦਰਾਂ ‘ਤੇ ਕਰਜ਼ਾ ਕਦੇ ਵੀ ਪ੍ਰਾਪਤ ਕਰਨ ਦੇ ਯੋਗ ਨਹੀਂ ਹੋਵੇਗੀ । ਨਤੀਜੇ ਵਜੋਂ ਮੰਤਰੀ ਨੇ ਆਪਣੇ ਅਧਿਕਾਰੀਆਂ ਨੂੰ ਅਨਾਜ ਦੀ ਸਾਲਾਨਾ ਖਰੀਦ ਲਈ ਸਸਤੀ ਕੈਸ਼ ਕਰੈਡਿਟ ਲਿਮਿਟਾਂ ਪ੍ਰਾਪਤ ਕਰਨ ਲਈ ਪੰਜਾਬ ਰਾਜ ਦੀ ਪੂਰੀ ਮਦਦ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਨਾਲ ਪੰਜਾਬ ਸਰਕਾਰ ‘ਤੇ 1000 ਕਰੋੜ ਸਾਲਾਨਾ, ਦੇ ਬੇਲੋੜੇ ਵਿੱਤੀ ਬੋਝ ਤੋਂ ਬਚਣ ਦੀ ਸੰਭਾਵਨਾ ਹੈ ।
ਮੁੱਖ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਦੋ ਮਹੀਨੇ ਪਹਿਲਾਂ ਕਣਕ ਦੀ ਖਰੀਦ ਲਈ ਕੀਤੇ ਖਰਚੇ ਦੀ ਨਾਕਾਫੀ ਭਰਪਾਈ ਦਾ ਮਾਮਲਾ ਵੀ ਉਠਾਇਆ। ਕੇਂਦਰੀ ਮੰਤਰੀ ਨੇ ਮੁੱਖ ਮੰਤਰੀ ਵੱਲੋਂ ਲੇਬਰ ਅਤੇ ਬਾਰਦਾਨੇ/ਪੀਪੀ ਬੈਗਾਂ ਲਈ ਮਨਜ਼ੂਰਸ਼ੁਦਾ ਦਰਾਂ ‘ਤੇ ਮੁੜ ਵਿਚਾਰ ਕਰਨ ਦੀ ਬੇਨਤੀ ‘ਤੇ ਹਾਂ-ਪੱਖੀ ਹੁੰਗਾਰਾ ਭਰਿਆ ਅਤੇ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਨ੍ਹਾਂ ਅੰਕੜਿਆਂ ਦਾ ਰਾਜ ਸਰਕਾਰ ਦੇ ਅਧਿਕਾਰੀਆਂ ਨਾਲ ਮਿਲਾਣ ਕਰਨ। ਇਸ ਫੈਸਲੇ ਦੇ ਲਾਗੂ ਹੋਣ ਨਾਲ ਰਾਜ ਨੂੰ 100 ਕਰੋੜ ਤੋਂ ਵੱਧ ਦਾ ਲਾਭ ਹੋਵੇਗਾ।
ਵੱਖ-ਵੱਖ ਮੁੱਦਿਆਂ ‘ਤੇ ਕੇਂਦਰੀ ਮੰਤਰੀ ਦੇ ਹਾਂ-ਪੱਖੀ ਹੁੰਗਾਰੇ ਲਈ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕਣਕ-ਝੋਨੇ ਦੇ ਚੱਕਰ ਨੂੰ ਤੋੜਨ ਲਈ, ਜਿਸ ਨੇ ਪੰਜਾਬ ਵਿੱਚ ਪਾਣੀ ਦੇ ਪੱਧਰ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ, ਫਸਲਾਂ ਦੀ ਵਿਭਿੰਨਤਾ ਦੇ ਸਕਾਰਾਤਮਕ ਨਤੀਜਿਆਂ ਦਾ ਭਰੋਸਾ ਦਿੱਤਾ ।