ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧ ਵਿਚ 13 ਅਗਸਤ ਨੂੰ ਸਵੇਰੇ 10 ਵਜੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੈਮੋਰੰਡਮ ਸੌਂਪੇ ਜਾਣਗੇ ਅਤੇ ਇਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਮੁਲਾਜ਼ਮ ਕਾਲੀਆਂ ਦਸਤਾਰਾਂ ਸਜਾ ਕੇ ਸ਼ਮੂਲੀਅਤ ਕਰਨਗੇ। ਇਹ ਫੈਸਲਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਦੀ ਧਾਮੀ ਦੀ ਅਗਵਾਈ ਵਿਚ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦੇਸ਼ ਦੀ ਅਜ਼ਾਦੀ ਵਿਚ 80 ਫੀਸਦੀ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਦਿੱਤੀਆਂ, ਪਰ ਦੁੱਖ ਦੀ ਗੱਲ ਹੈ ਕਿ 75 ਸਾਲਾਂ ਤੋਂ ਸਿੱਖਾਂ ਨੂੰ ਬੇਗਾਨਿਆਂ ਵਾਲਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਇਸ ਦੀ ਇਕ ਮਿਸਾਲ ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਜ਼ੇਲ੍ਹਾਂ ਵਿਚ ਬੰਦ ਸਿੰਘਾਂ ਨੂੰ ਉਮਰ ਕੈਦ ਤੋਂ ਵੱਧ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਰਿਹਾਅ ਨਾ ਕਰਨਾ ਹੈ। ਉਨ੍ਹਾਂ ਆਖਿਆ ਕਿ ਦੇਸ਼ ਦਾ ਸੰਵਿਧਾਨ ਇਥੇ ਵੱਸਣ ਵਾਲੇ ਹਰ ਇਕ ਨੂੰ ਬਰਾਬਰ ਦੇ ਅਧਿਕਾਰ ਦਿੰਦਾ ਹੈ, ਪਰੰਤੂ ਸਿੱਖਾਂ ਪ੍ਰਤੀ ਸਰਕਾਰਾਂ ਦਾ ਰਵੱਈਆ ਨਕਾਰਾਤਮਕ ਰਿਹਾ ਹੈ। ਇਸੇ ਸਿੱਖ ਵਿਰੋਧੀ ਰਵੱਈਏ ਕਾਰਨ ਹੀ 30-30 ਸਾਲਾਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਨੂੰ ਇਨਸਾਫ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਕ ਪਾਸੇ ਦੇਸ਼ ਆਪਣੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ, ਜਦਕਿ ਦੂਸਰੇ ਪਾਸੇ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਸਿੱਖਾਂ ਨੂੰ ਆਪਣੇ ਬੁਨਿਆਦੀ ਹੱਕਾਂ ਲਈ ਵੀ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੇ ਇਸੇ ਵਿਤਕਰੇ ਭਰੇ ਰਵੱਈਏ ਕਰਕੇ ਹੀ ਸ਼੍ਰੋਮਣੀ ਕਮੇਟੀ ਨੇ 13 ਅਗਸਤ ਨੂੰ ਪੰਜਾਬ ਭਰ ਅੰਦਰ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ।
ਇਸ ਦੇ ਨਾਲ ਹੀ ਅੰਤ੍ਰਿੰਗ ਕਮੇਟੀ ਨੇ ਹਰਿਆਣਾ ਅੰਦਰ ਜ਼ਿਲ੍ਹਾ ਪ੍ਰੀਸ਼ਦ ਅੰਬਾਲਾ ਦੇ ਪ੍ਰਸ਼ਾਸਨ ਵੱਲੋਂ ਦੇਸ਼ ਦੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸਰਕਾਰ ਦੇ ਪ੍ਰੋਗਰਾਮ ‘ਹਰ ਘਰ ਤਿਰੰਗਾ’ ਤਹਿਤ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅੰਬਾਲਾ ਅਤੇ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਵਿਖੇ ਸੱਭਿਆਚਾਰਕ ਪ੍ਰੋਗਰਾਮ ਉਲੀਕਣ ਅਤੇ ਤਿਰੰਗਾ ਲਹਿਰਾਉਣ ਦੇ ਹੁਕਮ ਜਾਰੀ ਕਰਨ ਦੀ ਕਰੜੀ ਨਿੰਦਾ ਕੀਤੀ। ਇਸ ਸਬੰਧ ਵਿਚ ਅੰਤ੍ਰਿੰਗ ਕਮੇਟੀ ਵੱਲੋਂ ਇਕ ਮਤਾ ਪਾਸ ਕਰਦਿਆਂ ਹਰਿਆਣਾ ਸਰਕਾਰ ਅਤੇ ਅੰਬਾਲਾ ਜ਼ਿਲ੍ਹਾ ਪ੍ਰੀਸ਼ਦ ਨੂੰ ਅਜਿਹੀਆਂ ਹਰਕਤਾਂ ਤੋਂ ਬਾਜ ਆਉਣ ਦੀ ਚੇਤਾਵਨੀ ਦਿੱਤੀ ਗਈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਬਾਰੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਇਕ ਵਿਲੱਖਣ ਮਰਯਾਦਾ ਹੈ, ਜਿਸ ਤਹਿਤ ਇਥੇ ਕੇਵਲ ਸਿੱਖ ਮਰਯਾਦਾ ਅਨੁਸਾਰ ਧਾਰਮਿਕ ਸਮਾਗਮ ਹੀ ਹੋ ਸਕਦੇ ਹਨ ਅਤੇ ਖਾਲਸਈ ਨਿਸ਼ਾਨ ਸਾਹਿਬ ਹੀ ਝੁਲ ਸਕਦਾ ਹੈ। ਪਰ ਅੰਬਾਲਾ ਜ਼ਿਲ੍ਹਾ ਪ੍ਰੀਸ਼ਦ ਨੇ ਗੁਰ-ਮਰਯਾਦਾ ਦੀ ਤੌਹੀਨ ਕੀਤੀ ਹੈ। ਭਾਵੇਂ ਗੁਰਦੁਆਰਾ ਪ੍ਰਬੰਧਕਾਂ ਦੇ ਵਿਰੋਧ ਮਗਰੋਂ ਉਨ੍ਹਾਂ ਨੇ ਫੈਸਲਾ ਵਾਪਸ ਲੈ ਲਿਆ ਹੈ, ਪਰ ਪ੍ਰਸ਼ਾਸਨ ਦੀ ਇਸ ਹਰਕਤ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਗੁਰ-ਮਰਯਾਦਾ ਨਾਲ ਛੇੜ ਛਾੜ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ ਅਤੇ ਸਰਕਾਰੀ ਅਦਾਰਿਆਂ ਨੂੰ ਅਜਿਹੇ ਸੰਜੀਦਾ ਮਾਮਲਿਆਂ ਵਿਚ ਮਨਮਾਨੀ ਨਹੀਂ ਕਰਨੀ ਚਾਹੀਦੀ।
ਅੰਤ੍ਰਿੰਗ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਅਤੇ ਮੈਂਬਰ ਜਥੇਦਾਰ ਤੋਤਾ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਵੀ ਫੈਸਲਾ ਕੀਤਾ ਗਿਆ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਅਤੇ ਵਿਦਿਅਕ ਅਦਾਰਿਆਂ ਦੇ ਮਾਮਲੇ ਵੀ ਵਿਚਾਰੇ ਗਏ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਮੋਰਚਾ ਗੁਰੂ ਕਾ ਬਾਗ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮਾਂ ਸਮੇਂ ਸਹਿਯੋਗ ਦੇਣ ਵਾਲਿਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਦੌਰਾਨ ਸਿੱਖ ਪੰਥ ਦੀਆਂ ਧਾਰਮਿਕ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਜਥੇਬੰਦੀਆਂ, ਸਭਾ-ਸੁਸਾਇਟੀਆਂ, ਕਾਰ ਸੇਵਾ ਵਾਲੇ ਮਹਾਂਪੁਰਖਾਂ, ਸੇਵਾ ਪੰਥੀ ਤੇ ਮਿਸ਼ਨਰੀ ਸੰਸਥਾਵਾਂ ਸਮੇਤ ਲੱਖਾਂ ਸੰਗਤਾਂ ਨੇ ਸ਼ਮੂਲੀਅਤ ਕਰਕੇ ਸਮਾਗਮਾਂ ਦੀ ਸ਼ੋਭਾ ਵਧਾਈ ਹੈ, ਜਿਸ ਲਈ ਸ਼੍ਰੋਮਣੀ ਕਮੇਟੀ ਸਭ ਦਾ ਧੰਨਵਾਦ ਕਰਦੀ ਹੈ।
ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸ. ਸਰਵਣ ਸਿੰਘ ਕੁਲਾਰ, ਸ. ਸੁਰਜੀਤ ਸਿੰਘ ਗੜ੍ਹੀ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਬਾਬਾ ਗੁਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਨਿਰਵੈਲ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਪਰਮਜੀਤ ਸਿੰਘ ਐਕਸੀਅਨ, ਇੰਚਾਰਜ ਸ. ਸ਼ਾਹਬਾਜ਼ ਸਿੰਘ ਅਤੇ ਸੁਪਰਡੰਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।