ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਦਸਮ ਪਿਤਾ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 29 ਦਸੰਬਰ ਨੂੰ ਮਨਾਇਆ ਜਾਵੇਗਾ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਕਾਲਕਾ ਅਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਉਹਨਾਂ ਦੇ ਧਿਆਨ ਵਿਚ ਆਇਆ ਹੈ ਕਿ ਇਸ ਮਾਮਲੇ ’ਤੇ ਕੁਝ ਪਾਸਿਓਂ ਗੁੰਮਰਾਹਕੁੰਨ ਪ੍ਰਚਾਰ ਹੋ ਰਿਹਾ ਹੈ, ਇਸ ਲਈ ਉਹ ਸੰਗਤਾਂ ਦੇ ਧਿਆਨ ਵਿਚ ਲਿਆਉਣਾ ਚਾਹੁੰਦੇ ਹਨ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਦਸਮ ਪਿਤਾ ਦੇ ਆਗਮਨ ਪੁਰਬ ਨੂੰ ਲੈ ਕੇ ਦਿੱਲੀ ਦੀਆਂ ਸਮੁੱਚੀਆਂ ਸਿੰਘ ਸਭਾਵਾਂ ਨਾਲ ਮੀਟਿੰਗ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਕੀਤੀ ਹੈ ਜਿਸ ਵਿਚ ਫੈਸਲਾ ਲਿਆ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ 29 ਦਸੰਬਰ ਨੂੰ ਮਨਾਇਆ ਜਾਵੇਗਾ। ਇਸ ਦਿਨ ਮਹਾਨ ਗੁਰਮਤਿ ਸਮਾਗਮ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕਰਵਾਇਆ ਜਾਵੇਗਾ।
ਸਰਦਾਰ ਕਾਲਕਾ ਅਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਇਸੇ ਤਰੀਕੇ ਫੈਸਲਾ ਲਿਆ ਗਿਆ ਕਿ ਗੁਰਪੁਰਬ ਸਬੰਧੀ ਨਗਰ ਕੀਰਤਨ 1 ਜਨਵਰੀ 2023 ਨੂੰ ਸਜਾਇਆ ਜਾਵੇਗਾ। ਇਹ ਨਗਰ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਆਰੰਭ ਹੋਵੇਗਾ ਤੇ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫਤਿਹ ਨਗਰ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ।
ਉਹਨਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਇਹਨਾਂ ਦੋਵਾਂ ਪ੍ਰੋਗਰਾਮਾਂ ਦੀਆਂ ਤਾਰੀਕਾਂ ਨੋਟਿਸ ਕਰ ਲੈਣ ਅਤੇ ਗੁੰਮਰਾਹਕੁੰਨ ਪ੍ਰਚਾਰ ਤੋਂ ਬਚਣ।