ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਕਿਸਾਨ ਜਥੇਬੰਦੀਆਂ ਇੱਕ ਵਾਰ ਫਿਰ ਇੱਕਜੁੱਟ ਹੋ ਗਈਆਂ ਹਨ। ਪੰਜਾਬ ਦੀਆਂ 5 ਕਿਸਾਨ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ ‘ਤੇ ਰੋਸ ਮੁਜਾਹਿਰਾ ਕਰਦਿਆਂ ਧਰਨਾ ਦਿੱਤਾ । ਇਸਤੋਂ ਪਹਿਲਾਂ ਸਾਰੀਆਂ ਕਿਸਾਨ ਜਥੇਬੰਦੀਆਂ ਗੁਰਦਵਾਰਾ ਬੰਗਲਾ ਸਾਹਿਬ ਵਿਖੇ ਇਕੱਠੀਆਂ ਹੋਈਆਂ ਹਨ। ਉਨ੍ਹਾਂ ਇੱਥੋਂ ਸੰਸਦ ਭਵਨ ਵੱਲ ਮਾਰਚ ਕੀਤਾ, ਪੁਲਿਸ ਵਲੋਂ ਰੋਕਾਂ ਲਾਉਣ ਕਰਕੇ ਓਹ ਜੰਤਰ ਮੰਤਰ ਪੁੱਜ ਗਏ । ਧਰਨੇ ਦੀ ਸਮਾਪਤੀ ਤੇ ਕਿਸਾਨ ਆਗੂਆਂ ਨੇ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ । ਕਿਸਾਨਾਂ ਦੇ ਇਸ ਪ੍ਰਦਰਸ਼ਨ ਨੂੰ ਦੇਖਦਿਆਂ ਦਿੱਲੀ ਪੁਲਿਸ ਅਲਰਟ ਮੋਡ ‘ਤੇ ਆਈ ਹੋਈ ਸੀ । ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਗੁਰਦਵਾਰਾ ਬੰਗਲਾ ਸਾਹਿਬ ਦੇ ਆਸ ਪਾਸ ਵੱਡੀ ਗਿਣਤੀ ਵਿੱਚ ਆਰਏਐਫ ਦੇ ਜਵਾਨ ਤਾਇਨਾਤ ਕੀਤੇ ਗਏ ਹਨ।
ਪ੍ਰਦਰਸ਼ਨ ਕਰਣ ਵਾਲੀਆਂ ਪੰਜ ਜਥੇਬੰਦੀਆਂ ਵਿੱਚ ਏਆਈਕੇਐਫ, ਭਾਰਤੀ ਕਿਸਾਨ ਯੂਨੀਅਨ ਮਾਨਸਾ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਸ਼ਾਮਲ ਹਨ।
ਭਾਰਤੀ ਕਿਸਾਨ ਯੂਨੀਅਨ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਵਿੱਚ ਨਾਕਾਮ ਰਹੀ ਹੈ, ਕੇਂਦਰ ਵੱਲੋਂ ਦਿੱਤੇ ਭਰੋਸੇ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ, ਜਿਸ ਕਾਰਨ ਉਹ ਇੱਕ ਵਾਰ ਫਿਰ ਬਜਟ ਸੈਸ਼ਨ ਦੇ ਦੂਜੇ ਪੜਾਅ ਵਿੱਚ ਧਰਨੇ ਲਈ ਦਿੱਲੀ ਪਹੁੰਚ ਗਏ ਹਨ। ਜਿਨ੍ਹਾਂ ਮੰਗਾਂ ਨੂੰ ਲੈ ਕੇ ਕਿਸਾਨ ਦਿੱਲੀ ਵਿੱਚ ਹਨ, ਉਨ੍ਹਾਂ ਵਿੱਚ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਕਾਨੂੰਨੀ ਗਾਰੰਟੀ, ਕਿਸਾਨਾਂ ਵਿਰੁੱਧ ਦਰਜ ਸਾਰੇ ਮੁਕੱਦਮਿਆਂ ਦਾ ਨਿਪਟਾਰਾ, ਦਿੱਲੀ, ਪੰਜਾਬ ਅਤੇ ਹਰਿਆਣਾ ਵਿਚ ਮਜ਼ਦੂਰਾਂ ਵਿਰੁੱਧ ਦਰਜ ਸਾਰੇ ਮੁਕੱਦਮੇ ਵਾਪਸ ਲੈਣ ਦੀ ਮੰਗ ਸ਼ਾਮਲ ਹੈ। ਫਲਾਂ ਅਤੇ ਸਬਜ਼ੀਆਂ ਸਮੇਤ ਸਾਰੀਆਂ ਫਸਲਾਂ ਲਈ ਯਕੀਨੀ ਮੰਡੀ, ਕਿਸਾਨਾਂ ਅਤੇ ਕਿਸਾਨਾਂ ਲਈ ਕੁੱਲ ਕਰਜ਼ਾ ਮੁਆਫੀ ਸ਼ਾਮਲ ਹੈ।
ਸੰਯੁਕਤ ਕਿਸਾਨ ਮੋਰਚੇ ਵਲੋਂ ਵੀਂ ਕੇਂਦਰ ਸਰਕਾਰ ‘ਤੇ ਚੋਣ ਮੈਨੀਫੈਸਟੋ ‘ਚ ਕੀਤੇ ਵਾਅਦਿਆਂ ਨੂੰ ਭੁੱਲਣ ਦਾ ਦੋਸ਼ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ 20 ਮਾਰਚ ਨੂੰ ਦਿੱਲੀ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਇਕੱਠੇ ਹੋ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ।