ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਪ੍ਰੈਸ ਕਲੱਬ ਵਿਖੇ ਆਯੋਜਿਤ ਇੱਕ ਪ੍ਰੈਸ ਕਾਨਫਰੰਸ ਵਿੱਚ, ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਦੇਸ਼ ਦੇ ਸਾਰੇ ਰਾਜਾਂ ਅਤੇ ਕੇਂਦਰਾਂ ਨੂੰ 20 ਮਾਰਚ, ਨੂੰ ਹੋਣ ਵਾਲੀ ਕਿਸਾਨ ਮਹਾਂਪੰਚਾਇਤ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਦਿੱਲੀ ਦੇ ਰਾਮਲੀਲਾ ਮੈਦਾਨ ਵਿਖੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਤੋਂ ਲੱਖਾਂ ਕਿਸਾਨ ਦਿੱਲੀ ਪੁੱਜਣਗੇ ਅਤੇ ਤਿੰਨ ਸਾਲਾਂ ਬਾਅਦ ਦਿੱਲੀ ਵਿੱਚ ਫਿਰ ਗੂੰਜੇਗਾ ਕਿਸਾਨ ਅੰਦੋਲਨ ਦਾ ਸੱਦਾ।
ਐਸਕੇਐਮ ਦੇ ਨੇਤਾਵਾਂ ਨੇ ਅੱਜ ਸਵੇਰੇ ਇੱਕ ਮੀਟਿੰਗ ਕੀਤੀ ਅਤੇ ਕੇਂਦਰ ਸਰਕਾਰ ਦੇ ਕਾਰਪੋਰੇਟ ਪੱਖੀ “ਵਿਕਾਸ” ‘ਤੇ ਜ਼ੋਰ ਦੇਣ ਦੀ ਸਖ਼ਤ ਨਿਖੇਧੀ ਕੀਤੀ ਜੋ ਕਿ ਕਿਸਾਨਾਂ ਦੀ ਆਮਦਨ ਨੂੰ ਘਟਾ ਰਹੀ ਹੈ ਅਤੇ ਕਾਰਪੋਰੇਟ ਮੁਨਾਫ਼ਿਆਂ ਲਈ ਖੇਤਾਂ, ਜੰਗਲਾਂ ਅਤੇ ਕੁਦਰਤੀ ਸਰੋਤਾਂ ਨੂੰ ਖੋਹ ਰਹੀ ਹੈ। ਸੰਯੁਕਤ ਕਿਸਾਨ ਮੋਰਚਾ ਦੇ ਆਗੂ ਭਲਕੇ ਹੋਣ ਵਾਲੀ ਮਹਾਂਪੰਚਾਇਤ ਵਿੱਚ ਕਿਸਾਨਾਂ, ਆਦਿਵਾਸੀ ਕਿਸਾਨਾਂ, ਮਹਿਲਾ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਪ੍ਰਵਾਸੀ ਮਜ਼ਦੂਰਾਂ, ਪੇਂਡੂ ਮਜ਼ਦੂਰਾਂ, ਬੇਰੁਜ਼ਗਾਰੀ ਅਤੇ ਇਨ੍ਹਾਂ ਨੀਤੀਆਂ ਦੇ ਮਹਿੰਗਾਈ ਅਤੇ ਘਟਦੀ ਖਰੀਦ ਸ਼ਕਤੀ ਦੇ ਪ੍ਰਭਾਵਾਂ ਬਾਰੇ ਵਿਸਥਾਰ ਵਿੱਚ ਗੱਲ ਕਰਨਗੇ।
ਕਿਸਾਨ ਮਹਾਂਪੰਚਾਇਤ ਕੇਂਦਰ ਸਰਕਾਰ ਤੋਂ ਮੰਗ ਕਰੇਗੀ ਕਿ 9 ਦਸੰਬਰ 2021 ਨੂੰ ਸੰਯੁਕਤ ਕਿਸਾਨ ਮੋਰਚਾ ਨੂੰ ਦਿੱਤੇ ਗਏ ਲਿਖਤੀ ਭਰੋਸੇ ਨੂੰ ਪੂਰਾ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਦਰਪੇਸ਼ ਲਗਾਤਾਰ ਵੱਧਦੇ ਸੰਕਟ ਦੇ ਹੱਲ ਲਈ ਪ੍ਰਭਾਵੀ ਕਦਮ ਚੁੱਕੇ ਜਾਣ। ਉਨ੍ਹਾਂ ਆਪਣੀਆਂ 10 ਮੰਗਾ ਬਾਰੇ ਵੀਂ ਦਸਿਆ ਜਿਸ ਦਾ ਜਿਕਰ ਭਲਕੇ ਹੋਣ ਵਾਲੀ ਮਹਾਂਪੰਚਾਇਤ ਅੰਦਰ ਕੀਤਾ ਜਾਏਗਾ। ਉਨ੍ਹਾਂ ਕਿਹਾ ਕਿ ਭਾਰਤ ਦੇ ਕਿਸਾਨ ਮਹਾਂਪੰਚਾਇਤ ਰਾਹੀਂ ਆਪਣੀ ਆਵਾਜ਼ ਬੁਲੰਦ ਕਰਨਗੇ ਅਤੇ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ ਉਦੋਂ ਤੱਕ ਓਹ ਚੁੱਪ ਨਹੀਂ ਬੈਠਣਗੇ।