ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਮਹਾਨ ਸਿੱਖ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜੀ ਸ਼ਤਾਬਦੀ ਮਨਾਉਣ ਲਈ ਦਿੱਲੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਸਾਂਝੇ ਤੌਰ ’ਤੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਇਸੇ ਕੜੀ ਵਿੱਚ ਅੱਜ ਹਰੀ ਨਗਰ ਸਪੋਰਟਸ ਕੰਪਲੈਕਸ ਵਿਖੇ ਸ਼ਾਮ ਤੋਂ ਦੇਰ ਰਾਤ ਤੱਕ ਕੀਰਤਨ ਸਮਾਗਮ ਕਰਵਾਇਆ ਗਿਆ ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰ ਕੇ ਗੁਰੂ ਮਹਾਰਾਜ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਪੰਥ ਦੇ ਪ੍ਰਸਿੱਧ ਕੀਰਤਨੀ ਜੱਥਿਆਂ ਨੇ ਪਹੁੰਚ ਕੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਪ੍ਰਚਾਰਕਾਂ ਵੱਲੋਂ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਦਿੱਲੀ ਫ਼ਤਿਹ ਦੇ ਇਤਿਹਾਸ ’ਤੇ ਚਾਨਣਾ ਪਾਉਂਦੇ ਹੋਏ ਸੰਗਤ ਨੂੰ ਤੱਥ ਭਰਪੂਰ ਜਾਣਕਾਰੀ ਦਿੱਤੀ ਗਈ।
ਕੀਰਤਨ ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ.ਰਜਿੰਦਰ ਸਿੰਘ ਮਹਿਤਾ, ਸ.ਗੁਰਚਰਨ ਸਿੰਘ ਗਰੇਵਾਲ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਜਥੇਦਾਰ ਹੀਰਾ ਸਿੰਘ ਗਾਬੜੀਆ, ਜਾਗੋ ਪਾਰਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ, ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਕਰਤਾਰ ਸਿੰਘ ਚਾਵਲਾ ਤੇ ਉਨ੍ਹਾਂ ਦੀ ਸਮੁੱਚੀ ਟੀਮ ਸਮੇਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ, ਪੰਥਕ ਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਹਾਜਰੀ ਭਰੀ। ਮੰਚ ਸੰਚਾਲਨ ਦੀ ਭੂਮਿਕਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਨਿਭਾਈ ਅਤੇ ਦਿੱਲੀ ਸਮੇਤ ਦੇਸ਼ ਭਰ ਦੇ ਸਿੱਖਾਂ ਨੂੰ ਪੰਥ ਦੀ ਸਿਰਮੌਰ ਨੁਮਾਇੰਦਾ ਜੱਥੇਬੰਦੀਆਂ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਜਬੂਤ ਕਰਨ ਦੀ ਅਪੀਲ ਕੀਤੀ।
ਸ: ਪਰਜੀਤ ਸਿੰਘ ਸਰਨਾ ਨੇ ਆਪਣੇ ਸੰਬੋਧਨ ਦੌਰਾਨ ਦਿੱਲੀ ਦੀਆਂ ਸੰਗਤ ਦਾ ਧੰਨਵਾਦ ਕੀਤਾ ਕਿ ਜਿਨ੍ਹਾਂ ਕੜਕਦੀ ਧੁੱਪ ਵਿਚ 20 ਕਿਲੋਮੀਟਰ ਦੇ ਰੂਟ ’ਤੇ ਕੱਢੇ ਗਏ ਨਗਰ ਕੀਰਤਨ ’ਚ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਥਾਂ-ਥਾਂ ’ਤੇ ਨਗਰ ਕੀਰਤਨ ਦਾ ਸੁਆਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਥ ਦੇ ਦੋਸ਼ੀਆਂ ਨੇ ਬੇਬੁਨਿਆਦ ਬਿਆਨਾਂ ਰਾਹੀਂ ਪ੍ਰੋਗਰਾਮਾਂ ਵਿੱਚ ਵਿਘਨ ਪਾਉਣ ਦੀਆਂ ਨਾਪਾਕ ਕੋਸ਼ਿਸ਼ਾਂ ਕੀਤੀਆਂ ਪਰ ਦਿੱਲੀ ਦੀ ਸੰਗਤ ਨੇ ਉਨ੍ਹਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਦੇਸ਼ ਵਿਚ ਘੱਟ ਗਿਣਤੀ ਹਨ ਇਸ ਲਈ ਸ਼੍ਰੋਮਣੀ ਗੁਰਦੁਆਰਾ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦਾ ਮਜਬੂਤ ਹੋਣਾ ਬਹੁਤ ਜ਼ਰੂਰੀ ਹੈ ਕਿਉਂਕਿ ਜਦੋਂ ਵੀ ਕੌਮ ’ਤੇ ਕੋਈ ਬਿਪਤਾ ਆਉਂਦੀ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਸਿੱਖ ਕੌਮ ਦੀ ਆਵਾਜ਼ ਬਣ ਕੇ ਅੱਗੇ ਆਉਂਦਾ ਹੈ। ਉਨ੍ਹਾਂ ਕਿਹਾ ਕਿ ਸਿੱਖੀ ਨੂੰ ਕਮਜ਼ੋਰ ਕਰਨ ਵਾਲਿਆਂ ਦੀ ਹਮੇਸ਼ਾਂ ਹੀ ਮਨਸ਼ਾ ਰਹੀ ਹੈ ਕਿ ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਨਾਲੋਂ ਕਿਵੇਂ ਤੋੜਿਆ ਜਾਵੇ। ਅਜਿਹੀ ਸਥਿਤੀ ਵਿਚ ਸਮੁੱਚੀ ਸਿੱਖ ਕੌਮ ਨੂੰ ਸੁਚੇਤ ਹੋ ਕੇ ਇਨ੍ਹਾਂ ਜੱਥੇਬੰਦੀਆਂ ਨੂੰ ਮਜਬੂਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ।