ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਲੌਂਗੋਵਾਲ ਵਿਖੇ ਕਿਸਾਨਾਂ ਉੱਤੇ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਨਿੰਦਾ ਕਰਦਿਆਂ ਇਸ ਦੌਰਾਨ ਜਾਨ ਗੁਆਉਣ ਵਾਲੇ ਕਿਸਾਨ ਦੇ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਦੁੱਖਦਾਈ ਹੋਣ ਦੇ ਨਾਲ ਨਾਲ ਸਰਕਾਰ ਦੀ ਲੋਕਾਂ ਪ੍ਰਤੀ ਜਿੰਮੇਵਾਰੀ ਦੇ ਵਿਰੁੱਧ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਅੰਦਰ ਕੁਦਰਤੀ ਆਫਤ ਹੜ੍ਹ ਕਾਰਨ ਬਣੇ ਹਾਲਾਤ ਉਪਰੰਤ ਕਿਸਾਨ ਜਥੇਬੰਦੀਆਂ ਲਗਾਤਾਰ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੀਆਂ ਹਨ, ਜਿਸ ਦੀ ਸ਼੍ਰੋਮਣੀ ਕਮੇਟੀ ਹਿਮਾਇਤ ਕਰਦੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਹੜ੍ਹ ਕਾਰਨ ਕਿਸਾਨਾਂ ਨੂੰ ਫਸਲਾਂ ਦਾ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ ਅਤੇ ਦੂਸਰੇ ਪਾਸੇ ਸਰਕਾਰ ਕਿਸਾਨਾਂ ’ਤੇ ਤਸ਼ੱਦਦ ਕਰ ਰਹੀ ਹੈ। ਉਨ੍ਹਾਂ ਕਿ ਲੌਂਗੋਵਾਲ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਵਿਰੁੱਧ ਸੰਗੀਨ ਧਾਰਾਵਾਂ ਤਹਿਤ ਪਰਚੇ ਦਰਜ ਕਰਨਾ ਅਤਿ ਨਿੰਦਣਯੋਗ ਕਾਰਵਾਈ ਹੈ, ਜਿਸ ਨੂੰ ਸਰਕਾਰ ਤੁਰੰਤ ਵਾਪਸ ਲਵੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਿਸਾਨ ਪੂਰੇ ਦੇਸ਼ ਲਈ ਅੰਨ ਦੀ ਪੂਰਤੀ ਕਰਦੇ ਹਨ ਅਤੇ ਪੰਜਾਬ ਦੇ ਕਿਸਾਨਾਂ ਨੇ ਕੁਦਰਤੀ ਆਫਤਾਂ ਸਮੇਂ ਵੀ ਹਮੇਸ਼ਾ ਖੁੱਲ੍ਹੇ ਦਿਲ ਨਾਲ ਮਨੁੱਖਤਾ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦਕਿ ਸਰਕਾਰ ਕਿਸਾਨਾਂ ਨੂੰ ਬਣਦੇ ਹੱਕ ਦੇਣ ਦੀ ਬਜਾਏ ਉਨ੍ਹਾਂ ਨਾਲ ਧੱਕਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਿਸਾਨੀ ਅਧਾਰਤ ਸੂਬਾ ਹੈ ਜਿੱਥੇ ਬਹੁਗਿਣਤੀ ਲੋਕ ਇਸ ਕਿੱਤੇ ਨਾਲ ਜੁੜੇ ਹੋਏ ਹਨ। ਚੋਣਾਂ ਸਮੇਂ ਕਿਸਾਨਾਂ ਨਾਲ ਕਈ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਹੁਣ ਉਨ੍ਹਾਂ ਦੀਆਂ ਹੱਕੀ ਮੰਗਾਂ ਪੂਰੀਆਂ ਕਰਨ ਤੋਂ ਵੀ ਭੱਜ ਰਹੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਸਰਕਾਰ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਸੂਬੇ ਦੀ ਆਰਥਿਕਤਾ ਨੂੰ ਮਜਬੂਤ ਕਰਨ ਵਾਲੇ ਕਿੱਤੇ ਕਿਸਾਨੀ ਨੂੰ ਉੱਚਾ ਚੁੱਕਣ ਲਈ ਕਾਰਜ ਕਰੇ, ਪਰ ਸਰਕਾਰ ਇਸ ਤੋਂ ਭੱਜਦਿਆਂ ਕਿਸਾਨਾਂ ਨੂੰ ਦਬਾ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਚਨਬੱਧਤਾ ਪ੍ਰਗਟਾਈ ਕਿ ਸਿੱਖ ਸੰਸਥਾ ਲੋੜ ਪੈਣ ਉੱਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਕਰੇਗੀ।