ਬਲਾਚੌਰ, (ਉਮੇਸ਼ ਜੋਸ਼ੀ) : – ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੀ ਰਹਿਨੁਮਾਈ ਹੇਠ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਨੇ ਪੰਜ ਸਾਲ ਤੱਕ ਦੇ ਬੱਚਿਆਂ ਦੇ ਟੀਕਾਕਰਣ ਵਿੱਚ ਪਏ ਪਾੜੇ ਨੂੰ ਭਰਨ ਅਤੇ ਬੱਚਿਆਂ ਤੇ ਗਰਭਵਤੀ ਔਰਤਾਂ ਦੇ 100 ਫੀਸਦੀ ਟੀਕਾਕਰਣ ਨੂੰ ਯਕੀਨੀ ਬਣਾਉਣ ਲਈ 11 ਸਤੰਬਰ ਤੋਂ ਸ਼ੁਰੂ ਹੋ ਰਹੇ ਮਿਸ਼ਨ ਇੰਦਰਧਨੁਸ਼-5.0 ਸਬੰਧੀ ਆਮ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਅੱਜ ਇਕ ਜਾਗਰੂਕਤਾ ਪੋਸਟਰ ਜਾਰੀ ਕੀਤਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਨੇ ਦੱਸਿਆ ਕਿ ਪੰਜ ਸਾਲ ਤੱਕ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ 100 ਫੀਸਦੀ ਟੀਕਾਕਰਣ ਲਈ ਤਿੰਨ ਗੇੜਾਂ ਵਿੱਚ ਤੀਬਰ ਮਿਸ਼ਨ ਇੰਦਰਧਨੁਸ਼-5.0 ਚਲਾਇਆ ਜਾਵੇਗਾ। ਸ਼ਡਿਊਲ ਮੁਤਾਬਕ ਪਹਿਲੇ ਗੇੜ ਦਾ ਆਗਾਜ਼ 11 ਸਤੰਬਰ ਤੋਂ ਹੋਵੇਗਾ। ਦੂਜਾ ਗੇੜ 9 ਅਕਤੂਬਰ ਤੋਂ ਚਲਾਇਆ ਜਾਵੇਗਾ, ਜੋ 14 ਅਕਤੂਬਰ ਤੱਕ ਜਾਰੀ ਰਹੇਗਾ। ਤੀਜਾ ਗੇੜ ਨਵੰਬਰ ਮਹੀਨੇ ਦੇ ਚੌਥੇ ਹਫਤੇ 20 ਨਵੰਬਰ ਤੋਂ 25 ਨਵੰਬਰ ਤੱਕ ਚੱਲੇਗਾ। ਇਸ ਮਿਸ਼ਨ ਦਾ ਮੁੱਖ ਮੰਤਵ ਬੱਚਿਆਂ ਤੇ ਗਰਭਵਤੀ ਔਰਤਾਂ ਦੇ ਸੰਪੂਰਨ ਟੀਕਾਕਰਣ ਨੂੰ ਯਕੀਨੀ ਬਣਾਉਣਾ ਹੈ ਤਾਂ ਜੋ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਸੰਪੂਰਨ ਟੀਕਾਕਰਣ ਕਰਕੇ ਬਾਲ ਤੇ ਮਾਤਰੀ ਮੌਤ ਦਰ ਨੂੰ ਘਟਾਇਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਪੰਜ ਸਾਲ ਤੱਕ ਦੀ ਉਮਰ ਦੇ ਜਿਹੜੇ ਬੱਚੇ ਕਿਸੇ ਵਜ੍ਹਾ ਨਾਲ ਕਿਸੇ ਟੀਕਾਕਰਣ ਤੋਂ ਵਾਂਝੇ ਰਹਿ ਗਏ ਜਾਂ ਫਿਰ ਅਧੂਰਾ ਟੀਕਾਕਰਣ ਹੋਇਆ ਹੈ, ਉਨ੍ਹਾਂ ਨੂੰ ਮਿਸ਼ਨ ਇੰਦਰਧਨੁਸ਼ ਅਧੀਨ ਵਿਸ਼ੇਸ਼ ਕੈਂਪਾਂ ਰਾਹੀਂ ਕਵਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜਿਹੜੇ ਬੱਚੇ ਘਰਾਂ ਵਿਚ ਪੈਦਾ ਹੁੰਦੇ ਹਨ ਅਤੇ ਉਨ੍ਹਾਂ ਬੱਚਿਆਂ ਦੀਆਂ ਜਨਮ ਖੁਰਾਕਾਂ ਵੀ ਰਹਿ ਜਾਂਦੀਆ ਹਨ, ਉਹ ਬੱਚੇ ਵੀ ਇਸ ਮੁਹਿੰਮ ਵਿਚ ਕਵਰ ਕੀਤੇ ਜਾਣਗੇ। ਜਿਨ੍ਹਾਂ ਇਲਾਕਿਆਂ ਵਿੱਚ ਮੀਜ਼ਲ ਜਾਂ ਹੋਰ ਬਿਮਾਰੀਆਂ ਦਾ ਆਊਟਬ੍ਰੇਕ ਹੋਇਆ ਹੈ, ਉਨ੍ਹਾਂ ਇਲਾਕਿਆਂ ਨੂੰ ਵੀ ਟੀਕਾਕਰਣ ਲਈ ਮਾਈਕ੍ਰੋਪਲਾਨ ਵਿਚ ਸ਼ਾਮਲ ਕੀਤਾ ਗਿਆ ਹੈ।ਡਾ. ਮਾਨ ਨੇ ਕਿਹਾ ਕਿ ਵੱਖ-ਵੱਖ ਬਿਮਾਰੀਆਂ ਦੀ ਰੋਕਥਾਮ ਲਈ ਸਾਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਦੀ ਲੋੜ ਹੈ, ਇਸ ਲਈ ਸ਼ਹਿਰੀ ਤੇ ਪੇਂਡੂ ਇਲਾਕਿਆਂ ਖਾਸ ਕਰਕੇ ਹਾਈਰਿਸਕ ਖੇਤਰਾਂ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਸੰਪੂਰਨ ਟੀਕਾਕਰਣ ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇਗਾ। ਇਹ ਮਿਸ਼ਨ ਉਨ੍ਹਾਂ ਖੇਤਰਾਂ ਵਿੱਚ ਵੀ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾਵੇਗਾ, ਜਿੱਥੇ ਨਿਯਮਤ ਟੀਕਾਕਰਣ ਵਿੱਚ ਮੁਸ਼ਕਲਾਂ ਆਉਂਦੀਆਂ ਹਨ। ਇਸ ਵਿਸ਼ੇਸ਼ ਟੀਕਾਕਰਣ ਮਿਸ਼ਨ ਤਹਿਤ ਝੁੱਗੀਆਂ-ਝੌਂਪੜੀਆਂ, ਇੱਟਾਂ ਦੇ ਭੱਠਿਆਂ, ਗੁੱਜਰਾਂ ਦੇ ਡੇਰਿਆਂ, ਸ਼ੈੱਲਰਾਂ, ਦਾਣਾ ਮੰਡੀਆਂ, ਉਸਾਰੀ ਅਧੀਨ ਇਮਾਰਤਾਂ ਵਿਚ ਰਹਿੰਦੇ ਪ੍ਰਵਾਸੀ ਮਜ਼ਦੂਰਾਂ ਦੇ ਬੱਚਿਆਂ, ਖੇਤੀਬਾੜੀ ਦੇ ਕੰਮਾਂ ਵਿਚ ਲੱਗੀ ਪ੍ਰਵਾਸੀ ਆਬਾਦੀ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਤੱਕ ਮੋਬਾਇਲ ਟੀਮਾਂ ਰਾਹੀਂ ਵਿਸ਼ੇਸ਼ ਪਹੁੰਚ ਯਕੀਨੀ ਬਣਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਇਹ ਮਿਸ਼ਨ ਬਹੁਤ ਮਹੱਤਵਪੂਰਨ ਹੈ ਅਤੇ ਹਰ ਮਹੀਨੇ ਲਗਾਤਾਰ 6 ਦਿਨ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਸੰਪੂਰਨ ਟੀਕਾਕਰਣ ਲਈ ਜ਼ੋਰਦਾਰ ਹੰਭਲਾ ਮਾਰਿਆ ਜਾਵੇਗਾ। ਉਨ੍ਹਾਂ ਨੇ ਬੱਚਿਆਂ ਤੇ ਗਰਭਵਤੀ ਔਰਤਾਂ ਦੀ ਸਿਹਤ ਸੁਰੱਖਿਆ ਲਈ ਜ਼ਿਲ੍ਹੇ ਦੇ ਆਮ ਲੋਕਾਂ ਨੂੰ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ ਹੈ ਤਾਂ ਜੋ ਜੱਚਾ-ਬੱਚਾ ਨੂੰ ਜਾਨਲੇਵਾ ਬਿਮਾਰੀਆਂ ਤੋਂ ਬਚਾਇਆ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਤਿੰਨ ਗੇੜਾਂ ਦੇ ਲਾਭਪਾਤਰੀਆਂ ਨੂੰ ਯੂ-ਵਿਨ ਪੋਰਟਲ ਰਾਹੀਂ ਰਜਿਸਟਰ ਤੇ ਵੈਕਸੀਨੇਟ ਕੀਤਾ ਜਾਵੇਗਾ।ਇਸ ਮੌਕੇ ਮੈਡੀਕਲ ਅਫ਼ਸਰ ਡਾ. ਸੰਦੀਪ ਗਿੱਲ, ਬਲਾਕ ਐਕਸਟੈਂਸ਼ਨ ਐਜੂਕੇਟਰ ਨਿਰਮਲ ਸਿੰਘ ਸਮੇਤ ਸਮੂਹ ਐੱਲਐੱਚਵੀਜ ਤੇ ਹੋਰ ਵੀ ਮੌਜੂਦ ਸਨ।