ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦਿੱਲੀ ਵਿਖੇ ਨਵੰਬਰ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਇੱਕ ਮਾਮਲੇ ਵਿੱਚ ਵੱਡੀ ਰਾਹਤ ਮਿਲੀ ਹੈ। ਦਿੱਲੀ ਦੇ ਰੌਜ਼ ਐਵੇਨਿਊ ਅਦਾਲਤ ਨੇ ਤਿੰਨ ਸਿੱਖਾਂ ਦੇ ਕਤਲ ਦੇ ਮਾਮਲੇ ‘ਚ ਉਸ ਨੂੰ ਬਰੀ ਕਰ ਦਿੱਤਾ ਹੈ। ਤਿੰਨਾਂ ਦਾ ਕਤਲ ਸੁਲਤਾਨਪੁਰੀ ਇਲਾਕੇ ਵਿੱਚ ਹੋਇਆ ਸੀ। ਪੁਲਿਸ ਨੇ ਸੱਜਣ ਕੁਮਾਰ ਦੇ ਨਾਲ-ਨਾਲ ਕੁਝ ਹੋਰ ਲੋਕਾਂ ਨੂੰ ਵੀ ਦੋਸ਼ੀ ਬਣਾਇਆ ਸੀ। ਪਰ ਲੰਮੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਸਬੂਤਾਂ ਅਤੇ ਗਵਾਹਾਂ ਨੂੰ ਵਿਚਾਰਨ ਤੋਂ ਬਾਅਦ ਮੰਨਿਆ ਕਿ ਸੱਜਣ ਕੁਮਾਰ ਇਸ ਮਾਮਲੇ ਵਿੱਚ ਬੇਕਸੂਰ ਹੈ। 2018 ਵਿੱਚ ਦਿੱਲੀ ਹਾਈ ਕੋਰਟ ਨੇ ਸਿੱਖਾਂ ਦੇ ਕਤਲ ਨਾਲ ਸਬੰਧਤ ਇੱਕ ਹੋਰ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਉਦੋਂ ਤੋਂ ਉਹ ਤਿਹਾੜ ਜੇਲ੍ਹ ਵਿੱਚ ਬੰਦ ਹੈ। 23 ਅਗਸਤ ਨੂੰ ਦਿੱਲੀ ਦੀ ਇੱਕ ਅਦਾਲਤ ਨੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਵਿਰੁੱਧ ਕਤਲ ਅਤੇ ਅਪਰਾਧਿਕ ਸਾਜ਼ਿਸ਼ ਰਚਣ ਦੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਸੀ। ਜਿਸ ਵਿੱਚ 1984 ਦੇ ਸਿੱਖ ਕਤਲੇਆਮ ਦੌਰਾਨ ਦੋ ਸਿੱਖ ਵਿਅਕਤੀਆਂ ਦੀ ਹੱਤਿਆ ਕਰ ਦਿੱਤੀ ਗਈ ਸੀ ਅਤੇ ਇੱਕ ਨੂੰ ਅੱਗ ਲਾ ਦਿੱਤੀ ਗਈ ਸੀ। ਫਰਵਰੀ 2015 ਵਿੱਚ, ਇੱਕ ਵਿਸ਼ੇਸ਼ ਜਾਂਚ ਟੀਮ ਨੇ ਸਿੱਖ ਕਤਲੇਆਮ ਦੌਰਾਨ ਜਨਕਪੁਰੀ ਅਤੇ ਵਿਕਾਸਪੁਰੀ ਵਿੱਚ ਹਿੰਸਾ ਦੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਕੁਮਾਰ ਵਿਰੁੱਧ ਦੋ ਐਫਆਈਆਰ ਦਰਜ ਕੀਤੀਆਂ ਸਨ। ਜਿਸ ਵਿੱਚ ਸਭ ਤੋਂ ਪਹਿਲਾਂ 1 ਨਵੰਬਰ 1984 ਨੂੰ ਜਨਕਪੁਰੀ ਵਿੱਚ ਦੋ ਵਿਅਕਤੀਆਂ ਸੋਹਣ ਸਿੰਘ ਅਤੇ ਉਸਦੇ ਜਵਾਈ ਅਵਤਾਰ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਦੂਜੀ ਐਫਆਈਆਰ 2 ਨਵੰਬਰ 1984 ਨੂੰ ਵਿਕਾਸਪੁਰੀ ਇਲਾਕੇ ਵਿੱਚ ਕਥਿਤ ਤੌਰ ’ਤੇ ਅੱਗ ਲਾਉਣ ਵਾਲੇ ਗੁਰਚਰਨ ਸਿੰਘ ਦੇ ਮਾਮਲੇ ਵਿੱਚ ਦਰਜ ਕੀਤੀ ਗਈ ਸੀ।
ਬੀਬੀ ਨਿਰਪ੍ਰੀਤ ਕੌਰ ਜੋ ਕਿ ਇਕ ਮਾਮਲੇ ਵਿਚ ਸੱਜਣ ਕੁਮਾਰ ਵਿਰੁੱਧ ਮੁੱਖ ਗਵਾਹ ਹਨ, ਨੇ ਦਿੱਲੀ ਕਮੇਟੀ ਅਤੇ ਉਸਦੇ ਵਕੀਲਾਂ ਤੇ ਗੁਸਾ ਜ਼ਾਹਿਰ ਕਰਦਿਆਂ ਕਿਹਾ ਕਿ ਜਾਣਬੁਝ ਕੇ ਉਨ੍ਹਾਂ ਦੇ ਵਕੀਲ ਅਦਾਲਤ ਅੰਦਰ ਵਿਰੋਧ ਨਹੀਂ ਕਰਦੇ ਸਨ ਤੇ ਉਨ੍ਹਾਂ ਨੇ ਸੱਜਣ ਕੁਮਾਰ ਦੇ ਬਾਹਰ ਆਉਣ ਦਾ ਰਾਹ ਪੱਧਰਾ ਕਰ ਦਿੱਤਾ ਹੈ ।