ਗਲੋਬਲ ਸਿੱਖ ਕੌਂਸਲ (ਜੀਐਸਸੀ) , ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀਆਂ ਚੋਣਾਂ ਸਬੰਧੀ ਹਾਲ ਹੀ ਵਿੱਚ ਕੀਤੇ ਗਏ ਐਲਾਨਾਂ ਅਤੇ ਇਸ ਮਹੱਤਵਪੂਰਨ ਸਮਾਗਮ ਦੀਆਂ ਤਿਆਰੀਆਂ ਦੀ ਸ਼ੁਰੂਆਤ ਦਾ ਨਿੱਘਾ ਸੁਆਗਤ ਕਰਦੀ ਹੈ।
ਜੀਐਸਸੀ , ਐਸਜੀਪੀਸੀ ਚੋਣਾਂ ਦੀ ਮਹੱਤਤਾ ਨੂੰ ਪੂਰੀ ਤਰਾਂ ਸਮਝਦੀ ਹੈ ਅਤੇ ਸਿੱਖ ਭਾਈਚਾਰੇ ਲਈ ਇਸ ਦੇ ਡੂੰਘੇ ਅਤੇ ਖਾਸ ਪ੍ਰਭਾਵ ਦੀ ਮਾਨਤਾ ਨੂੰ ਵੀ ਸਵੀਕਾਰ ਕਰਦੀ ਹੈ। ਇਥੇ ਜ਼ਿਕਰਯੋਗ ਹੈ ਕਿ ਪਿਛਲੀਆਂ ਸ਼੍ਰੋਮਣੀ ਕਮੇਟੀ ਚੋਣਾਂ 2011 ਵਿੱਚ ਹੋਈਆਂ ਸਨ ਅਤੇ ਸਿੱਖ ਭਾਈਚਾਰਾ ਆਪਣੇ ਜਮਹੂਰੀ ਹੱਕਾਂ ਦੀ ਵਰਤੋਂ ਕਰਨ ਲਈ ਇਸ ਮੌਕੇ ਦੀ ਬੇਸਬਰੀ ਨਾਲ ਉਡੀਕ ਕਰ ਰਿਹਾ ਹੈ।
ਇਸ ਤੋਂ ਇਲਾਵਾ, ਜੀਐਸਸੀ ਵਿਦੇਸ਼ਾਂ ਵਿਚ ਰਹਿੰਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਣ ਦੀ ਮਹੱਤਤਾ ‘ਤੇ ਜ਼ੋਰ ਦਿੰਦੀ ਹੈ , ਇਹ ਸਭ ਜਣੇ ਹੀ ਗੁਰਦੁਆਰਿਆਂ ਨਾਲ ਡੂੰਘਾ ਸੰਬੰਧ ਰੱਖਦੇ ਹਨ ਅਤੇ ਭਾਈਚਾਰੇ ਦੇ ਮਾਮਲਿਆਂ ਵਿੱਚ ਦਿਲੀਂ ਭਾਵਨਾ ਰੱਖਦੇ ਹਨ। ਇਸ ਲਈ, ਜੀਐਸਸੀ ਰਾਜ ਸਰਕਾਰ, ਪੰਜਾਬ ਦੇ ਮੁੱਖ ਮੰਤਰੀ ਅਤੇ ਚੋਣ ਕਮਿਸ਼ਨ ਨੂੰ ਇਸ ਮਹੱਤਵਪੂਰਨ ਚੋਣ ਪ੍ਰਕਿਰਿਆ ਵਿੱਚ ਸਿੱਖ ਪ੍ਰਵਾਸੀ ਲੋਕਾਂ ਨੂੰ ਸ਼ਾਮਲ ਕਰਨ ਦੇ ਤਰੀਕਿਆਂ ਦੀ ਖੋਜ ਕਰਨ ਲਈ ਦਿਲੋਂ ਅਪੀਲ ਕਰਦੀ ਹੈ।
ਇਸ ਤੋਂ ਪਹਿਲਾਂ ਮਈ ਵਿੱਚ ਗੁਰਦੁਆਰਾ ਚੋਣ ਕਮਿਸ਼ਨ ਦੇ ਮੁੱਖ ਕਮਿਸ਼ਨਰ ਐਸਐਸ ਸਾਰੋਂ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਰ ਸੂਚੀਆਂ ਤਿਆਰ ਕਰਨ ਦੀ ਅਪੀਲ ਕੀਤੀ ਸੀ। ਇਹ ਧਿਆਨ ਦੇਣ ਯੋਗ ਹੈ ਕਿ 1920 ਵਿੱਚ ਸਥਾਪਿਤ ਕੀਤੀ ਗਈ ਐਸਜੀਪੀਸੀ ਨੇ ਭਾਰਤ ਵਿੱਚ ਸਿੱਖ ਇਤਿਹਾਸਕ ਗੁਰਦੁਆਰਿਆਂ ਲਈ ਸਰਵਉੱਚ ਸੰਚਾਲਨ ਸੰਸਥਾ ਵਜੋਂ ਇੱਕ ਪ੍ਰਮੁੱਖ ਭੂਮਿਕਾ ਨਿਭਾਈ ਹੈ, ਸਮੇਂ ਦੇ ਨਾਲ ਇਸਦੇ ਅਧਿਕਾਰ ਖੇਤਰ ਵਿੱਚ ਮਹੱਤਵਪੂਰਨ ਤਬਦੀਲੀਆਂ ਵੇਖੀਆਂ ਗਈਆਂ ਹਨ।
ਗਲੋਬਲ ਸਿੱਖ ਕੌਂਸਲ ਸਿੱਖ ਭਾਈਚਾਰੇ ਦੀ ਭਲਾਈ ਨੂੰ ਅੱਗੇ ਵਧਾਉਣ ਲਈ ਇਸ ਵਿੱਚ ਯੋਗਦਾਨ ਪਾਉਣ ਵਾਲੇ ਸਾਰੇ ਮੈਂਬਰਾਂ ਦਾ ਸਮਰਥਨ ਅਤੇ ਸਹਿਯੋਗ ਕਰਨ ਲਈ ਤਿਆਰ ਹੈ। ਅਸੀਂ ਸਿੱਖ ਧਰਮ ਅੰਦਰ ਜਮਹੂਰੀ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਇਸ ਮਹੱਤਵਪੂਰਨ ਕਦਮ ਲਈ ਧੰਨਵਾਦ ਪ੍ਰਗਟ ਕਰਦੇ ਹਾਂ।