ਬਲਾਚੌਰ, (ਉਮੇਸ਼ ਜੋਸ਼ੀ) :- ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਨਿਰਦੇਸ਼ਾਂ ਅਨੁਸਾਰ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਵਿੱਚ ਪੰਜ ਸਾਲ ਤੱਕ ਦੇ ਬੱਚਿਆਂ ਤੇ ਗਰਭਵਤੀ ਔਰਤਾਂ ਦੇ 100 ਫੀਸਦੀ ਟੀਕਾਕਰਣ ਲਈ ਤੀਬਰ ਮਿਸ਼ਨ ਇੰਦਰਧਨੁਸ਼-5.0 ਦਾ ਤੀਜਾ ਪੜਾਅ ਚਲਾਇਆ ਜਾ ਰਿਹਾ ਹੈ, ਜਿਸ ਦੌਰਾਨ ਪੰਜ ਸਾਲ ਤੱਕ ਦੇ ਬੱਚਿਆਂ ਤੇ ਗਰਭਵਤੀ ਔਰਤਾਂ ਨੂੰ ਨਿਯਮਤ ਟੀਕਾਕਰਣ ਦੀਆਂ ਸਾਰੀਆਂ ਖੁੰਝੀਆਂ ਖੁਰਾਕਾਂ ਦਿੱਤੀਆਂ ਜਾਣਗੀਆਂ। ਇਸ ਮਿਸ਼ਨ ਦਾ ਮੁੱਖ ਮੰਤਵ ਬੱਚਿਆਂ ਤੇ ਗਰਭਵਤੀ ਔਰਤਾਂ ਦੇ ਸੰਪੂਰਨ ਟੀਕਾਕਰਣ ਨੂੰ ਯਕੀਨੀ ਬਣਾਉਣਾ ਹੈ ਤਾਂ ਜੋ ਬੱਚਿਆਂ ਤੇ ਗਰਭਵਤੀ ਔਰਤਾਂ ਦਾ ਸੰਪੂਰਨ ਟੀਕਾਕਰਣ ਕਰਕੇ ਬਾਲ ਤੇ ਮਾਤਰੀ ਮੌਤ ਦਰ ਨੂੰ ਘਟਾਇਆ ਜਾ ਸਕੇ।ਡਾ. ਕੁਲਵਿੰਦਰ ਮਾਨ ਨੇ ਦੱਸਿਆ ਕਿ ਪੰਜ ਸਾਲ ਤੱਕ ਦੀ ਉਮਰ ਦੇ ਜਿਹੜੇ ਬੱਚੇ ਕਿਸੇ ਵਜ੍ਹਾ ਨਾਲ ਕਿਸੇ ਟੀਕਾਕਰਣ ਤੋਂ ਵਾਂਝੇ ਰਹਿ ਗਏ ਜਾਂ ਫਿਰ ਅਧੂਰਾ ਟੀਕਾਕਰਣ ਹੋਇਆ ਹੈ, ਉਨ੍ਹਾਂ ਨੂੰ ਮਿਸ਼ਨ ਇੰਦਰਧਨੁਸ਼ ਅਧੀਨ ਵਿਸ਼ੇਸ਼ ਕੈਂਪਾਂ ਰਾਹੀਂ ਕਵਰ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜਿਹੜੇ ਬੱਚੇ ਘਰਾਂ ਵਿਚ ਪੈਦਾ ਹੁੰਦੇ ਹਨ ਅਤੇ ਉਨ੍ਹਾਂ ਬੱਚਿਆਂ ਦੀਆਂ ਜਨਮ ਖੁਰਾਕਾਂ ਵੀ ਰਹਿ ਜਾਂਦੀਆਂ ਹਨ, ਉਹ ਬੱਚੇ ਵੀ ਇਸ ਮੁਹਿੰਮ ਵਿਚ ਕਵਰ ਕੀਤੇ ਜਾ ਰਹੇ ਹਨ। ਇਹ ਮੁਹਿੰਮ 20 ਤੋਂ 25 ਨਵੰਬਰ ਤੱਕ ਚਲਾਈ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਹ ਮਿਸ਼ਨ ਉਨ੍ਹਾਂ ਖੇਤਰਾਂ ਵਿੱਚ ਵੀ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾ ਰਿਹਾ ਹੈ, ਜਿੱਥੇ ਨਿਯਮਤ ਟੀਕਾਕਰਣ ਵਿੱਚ ਮੁਸ਼ਕਲਾਂ ਆਉਂਦੀਆਂ ਹਨ। ਇਸ ਵਿਸ਼ੇਸ਼ ਟੀਕਾਕਰਣ ਮਿਸ਼ਨ ਤਹਿਤ ਝੁੱਗੀਆਂ-ਝੌਂਪੜੀਆਂ, ਇੱਟਾਂ ਦੇ ਭੱਠਿਆਂ, ਗੁੱਜਰਾਂ ਦੇ ਡੇਰਿਆਂ, ਸ਼ੈੱਲਰਾਂ, ਦਾਣਾ ਮੰਡੀਆਂ, ਉਸਾਰੀ ਅਧੀਨ ਇਮਾਰਤਾਂ ਵਿਚ ਰਹਿੰਦੇ ਪ੍ਰਵਾਸੀ ਮਜ਼ਦੂਰਾਂ ਦੇ ਬੱਚਿਆਂ, ਖੇਤੀਬਾੜੀ ਦੇ ਕੰਮਾਂ ਵਿਚ ਲੱਗੀ ਪ੍ਰਵਾਸੀ ਆਬਾਦੀ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਤੱਕ ਮੋਬਾਇਲ ਟੀਮਾਂ ਰਾਹੀਂ ਵੀ ਪਹੁੰਚ ਕੀਤੀ ਜਾ ਰਹੀ ਹੈ।ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਨੇ ਦੱਸਿਆ ਕਿ ਇਹ ਮਿਸ਼ਨ ਬਹੁਤ ਮਹੱਤਵਪੂਰਨ ਹੈ ਅਤੇ ਹਰ ਮਹੀਨੇ ਲਗਾਤਾਰ 6 ਦਿਨ ਬੱਚਿਆਂ ਤੇ ਗਰਭਵਤੀ ਔਰਤਾਂ ਦੇ ਸੰਪੂਰਨ ਟੀਕਾਕਰਣ ਲਈ ਜ਼ੋਰਦਾਰ ਹੰਭਲਾ ਮਾਰਿਆ ਜਾਵੇਗਾ। ਉਨ੍ਹਾਂ ਨੇ ਬੱਚਿਆਂ ਤੇ ਗਰਭਵਤੀ ਔਰਤਾਂ ਦੀ ਸਿਹਤ ਸੁਰੱਖਿਆ ਲਈ ਆਮ ਲੋਕਾਂ ਨੂੰ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ ਤਾਂ ਜੋ ਜੱਚਾ-ਬੱਚਾ ਨੂੰ ਜਾਨ-ਲੇਵਾ ਬਿਮਾਰੀਆਂ ਤੋਂ ਬਚਾਇਆ ਜਾ ਸਕੇ।
ਬੱਚਿਆਂ ਤੇ ਗਰਭਵਤੀ ਔਰਤਾਂ ਦੇ 100 ਫੀਸਦੀ ਟੀਕਾਕਰਣ ਨੂੰ ਯਕੀਨੀ ਬਣਾਇਆ ਜਾਵੇ : ਡਾ. ਮਾਨ
This entry was posted in ਪੰਜਾਬ.