ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 896 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਭਲਕੇ 25 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸੇ ਦੌਰਾਨ ਅੱਜ ਸ਼ਰਧਾਲੂਆਂ ਨੇ ਆਪਣੇ ਵੀਜਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕੀਤੇ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ 1684 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਸਫ਼ਾਰਤਖ਼ਾਨੇ ਨੇ 896 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ 788 ਸ਼ਰਧਾਲੂਆਂ ਨੂੰ ਦੂਤਾਵਾਸ ਨੇ ਵੀਜ਼ਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਦੇ ਵੱਡੀ ਗਿਣਤੀ ਵਿਚ ਵੀਜ਼ੇ ਰੱਦ ਕਰਨਾ ਮੰਦਭਾਗਾ ਹੈ। ਜਦੋਂ ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲਦਾ ਤਾਂ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ।
ਇਨ੍ਹਾਂ ਦੇ ਨਾਲ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਵਾਸਤੇ 172 ਸ਼ਰਧਾਲੂਆਂ ਦਾ ਜੱਥਾ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਰਵਾਨਾ ਕੀਤਾ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਇਹ ਜੱਥਾ ਕਮੇਟੀ ਮੈਂਬਰ ਸਰਦਾਰ ਪਰਮਜੀਤ ਸਿੰਘ ਚੰਢੋਕ ਤੇ ਸਰਦਾਰ ਜਤਿੰਦਰਪਾਲ ਸਿੰਘ ਗੋਲਡੀ ਦੀ ਅਗਵਾਈ ਹੇਠ ਰਵਾਨਾ ਹੋਇਆ ਹੈ ਜੋ ਅੱਜ ਇਥੋਂ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਬੱਸਾਂ ਰਾਹੀਂ ਅੰਮ੍ਰਿਤਸਰ ਪਹੁੰਚੇਗਾ ਤੇ ਭਲਕੇ ਹੋਰ ਸੰਗਤਾਂ ਦੇ ਨਾਲ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਵਿਚ ਪ੍ਰਵੇਸ਼ ਕਰੇਗਾ। ਉਹਨਾਂ ਦੱਸਿਆ ਕਿ ਗੁਰਧਾਮਾਂ ਦੇ ਦਰਸ਼ਨਾਂ ਉਪਰੰਤ ਇਹ ਜੱਥੇ 4 ਅਤੇ 5 ਦਸੰਬਰ ਦੀ ਸਵੇਰ ਨੂੰ ਵਾਪਸ ਵਤਨ ਪਰਤਣਗੇ ।