ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਵਿਸ਼ਵ ਚੈਂਪੀਅਨਸ਼ਿਪ ‘ਚ ਕਈ ਤਗਮੇ ਜਿੱਤਣ ਵਾਲੀ ਪਹਿਲਵਾਨ ਵਿਨੇਸ਼ ਫੋਗਾਟ ਨੇ ਬੀਤੇ ਦਿਨੀਂ ਆਪਣਾ ਖੇਡ ਰਤਨ ਅਤੇ ਅਰਜੁਨ ਪੁਰਸਕਾਰ ਵਾਪਸ ਕਰ ਦਿੱਤਾ। ਉਸ ਨੇ ਇਹ ਦੋਵੇਂ ਪੁਰਸਕਾਰ ਰਾਸ਼ਟਰੀ ਰਾਜਧਾਨੀ ਵਿਚ ਪ੍ਰਧਾਨ ਮੰਤਰੀ ਦਫ਼ਤਰ ਨੂੰ ਜਾਂਦੇ ਇਕ ਰਸਤੇ ਦੇ ਵਿਚਕਾਰ ਰੱਖੇ ਕਿਉਂਕਿ ਦਿੱਲੀ ਪੁਲਿਸ ਨੇ ਉਸ ਨੂੰ ਪ੍ਰਧਾਨ ਮੰਤਰੀ ਦਫ਼ਤਰ ਪਹੁੰਚਣ ਤੋਂ ਰੋਕ ਦਿੱਤਾ ਸੀ । 26 ਦਸੰਬਰ ਨੂੰ ਏਸ਼ੀਆਈ ਖੇਡਾਂ ਦੀ ਸੋਨ ਤਗਮਾ ਜੇਤੂ ਪਹਿਲਵਾਨ ਨੇ ਆਪਣਾ ਖੇਡ ਰਤਨ ਅਤੇ ਅਰਜੁਨ ਪੁਰਸਕਾਰ ਸਰਕਾਰ ਨੂੰ ਵਾਪਸ ਕਰਨ ਦਾ ਫੈਸਲਾ ਕਰਦੇ ਹੋਏ ਕਿਹਾ ਸੀ ਕਿ ਅਜਿਹੇ ਸਨਮਾਨਾਂ ਦਾ ਉਸ ਸਮੇਂ ਅਰਥਹੀਣ ਹੋ ਗਿਆ ਹੈ ਜਦੋਂ ਪਹਿਲਵਾਨ ਇਨਸਾਫ਼ ਲਈ ਸੰਘਰਸ਼ ਕਰ ਰਹੇ ਹਨ।
ਸ਼ਨੀਵਾਰ ਨੂੰ ਉਸ ਨੇ ਆਪਣੇ ਪੁਰਸਕਾਰ ਵਾਪਸ ਕਰਨ ਲਈ ਪ੍ਰਧਾਨ ਮੰਤਰੀ ਦਫਤਰ ਪਹੁੰਚਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਨੇ ਉਸ ਨੂੰ ਉੱਥੇ ਪਹੁੰਚਣ ਤੋਂ ਰੋਕ ਦਿੱਤਾ। ਇਸ ਦੇ ਵਿਰੋਧ ਵਿੱਚ, ਉਸਨੇ ਪ੍ਰਧਾਨ ਮੰਤਰੀ ਦਫ਼ਤਰ ਨੂੰ ਜਾਂਦੇ ਰਾਹ ਵਿੱਚ ਦੋਵੇਂ ਪੁਰਸਕਾਰ ਛੱਡ ਦਿੱਤੇ। ਬਾਅਦ ਵਿਚ ਉਸ ਨੂੰ ਦਿੱਲੀ ਪੁਲਿਸ ਨੇ ਫੜ ਲਿਆ। ਵਿਨੇਸ਼ ਨੇ ਓਲੰਪਿਕ ਤਮਗਾ ਜੇਤੂ ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਨਾਲ ਮਿਲ ਕੇ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਕਰੀਬੀ ਸੰਜੇ ਸਿੰਘ ਦੀ ਚੋਣ ਦਾ ਵਿਰੋਧ ਕੀਤਾ ਸੀ। ਉਸ ਨੇ ਬ੍ਰਿਜ ਭੂਸ਼ਣ ‘ਤੇ ਮਹਿਲਾ ਪਹਿਲਵਾਨਾਂ ਦਾ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ ਲਗਾਇਆ ਸੀ। ਇਸ ਮਾਮਲੇ ਦੀ ਸੁਣਵਾਈ ਦਿੱਲੀ ਹਾਈ ਕੋਰਟ ਵਿੱਚ ਚੱਲ ਰਹੀ ਹੈ। ਦੱਸਣਯੋਗ ਹੈ ਕਿ 21 ਦਸੰਬਰ ਨੂੰ ਬ੍ਰਿਜ ਭੂਸ਼ਣ ਦੇ ਕਰੀਬੀ ਸੰਜੇ ਸਿੰਘ ਨੂੰ ਭਾਰਤੀ ਕੁਸ਼ਤੀ ਮਹਾਸੰਘ ਦਾ ਮੁਖੀ ਚੁਣੇ ਜਾਣ ਤੋਂ ਬਾਅਦ ਸਾਕਸ਼ੀ ਮਲਿਕ ਨੇ ਕੁਸ਼ਤੀ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਸੀ, ਜਦਕਿ ਬਜਰੰਗ ਨੇ ਆਪਣਾ ਪਦਮ ਸ਼੍ਰੀ ਪੁਰਸਕਾਰ ਵਾਪਸ ਕਰ ਦਿੱਤਾ ਸੀ ਅਤੇ 26 ਦਸੰਬਰ ਨੂੰ ਵਿਨੇਸ਼ ਨੇ ਵੀ ਉਸਦਾ ਖੇਡ ਰਤਨ ਅਤੇ ਅਰਜੁਨ ਅਵਾਰਡ ਵਾਪਸੀ ਦਾ ਫੈਸਲਾ ਕੀਤਾ ਸੀ। ਇਹ ਕਦਮ ਭਾਰਤੀ ਕੁਸ਼ਤੀ ਮਹਾਸੰਘ ਦੇ ਨਵੇਂ ਚੁਣੇ ਗਏ ਅਤੇ ਵਿਵਾਦਤ ਪ੍ਰਧਾਨ ਸੰਜੇ ਸਿੰਘ ਵੱਲੋਂ ਇਸ ਸਾਲ ਦੇ ਅੰਤ ਵਿੱਚ ਉੱਤਰ ਪ੍ਰਦੇਸ਼ ਦੇ ਗੋਂਡਾ ਦੇ ਨੰਦਿਨੀ ਨਗਰ ਵਿੱਚ ਅੰਡਰ-15 ਅਤੇ ਅੰਡਰ-20 ਰਾਸ਼ਟਰੀ ਮੁਕਾਬਲੇ ਕਰਵਾਏ ਜਾਣ ਦੇ ਐਲਾਨ ਤੋਂ ਬਾਅਦ ਚੁੱਕਿਆ ਗਿਆ ਹੈ। ਉਨ੍ਹਾਂ ਦੇ ਇਸ ਐਲਾਨ ਨੂੰ ਖੇਡ ਮੰਤਰਾਲੇ ਨੇ ‘ਜਲਦਬਾਜੀ’ ਕਰਾਰ ਦਿੱਤਾ ਹੈ।