ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਜਿਵੇਂ ਹਰ ਸਾਲ ਬਨਾਸਪਤੀ ਨੂੰ ਨਵੇਂ ਫੁੱਲ ਖਿੜਦੇ ਅਤੇ ਨਵੀਆਂ ਕਰੂੰਬਲਾਂ ਨਿਕਲਦੀਆਂ ਹਨ ਇਵੇਂ ਹੀ ਸਾਡੇ ਹਿਰਦੇ ਵੀ ਸ਼ੁਭ ਗੁਣਾਂ ਦੇ ਫੁੱਲ ਅਤੇ ਅਗਾਂਹ ਵਧੂ ਵਿਚਾਰਾਂ ਦੀਆਂ ਕਰੂੰਬਲਾਂ ਪੈਦਾ ਹੋਣੀਆਂ ਚਾਹੀਦੀਆਂ ਹਨ। ਜਿਵੇਂ ਕੱਟ ਕੇ ਪਰੂਣੀ ਕੀਤੀ ਵੇਲ ਨੂੰ ਵਧੀਆ ਫਲ ਲੱਗਦੇ ਹਨ ਇਵੇਂ ਹੀ ਬੁਰੇ ਕਰਮ, ਗੰਦੀ ਸੋਚ, ਪਿਛਾਂਹ ਖਿੱਚੂ ਪੁਰਾਣੇ ਤੇ ਬੋਸੇ ਵਿਚਾਰ ਜੋ ਭਰਮ-ਗਿਆਨੀ, ਮਿਥਿਹਾਸਕ ਗ੍ਰੰਥਾਂ ਅਤੇ ਮਨਮਤਿ ਰਾਹੀਂ ਸਾਡੇ ਹਿਰਦੇ ਤੇ ਦਿਲ ਦਿਮਾਗ ਵਿੱਚ ਪਾ ਅਤੇ ਅਮਰਵੇਲ ਵਾਂਗ ਉੱਪਰ ਚੜ੍ਹਾ ਦਿੰਦੇ ਹਨ, ਉਨ੍ਹਾਂ ਨੂੰ ਗੁਰੂ ਸ਼ਬਦ ਗਿਆਨ ਦੇ ਨਸ਼ਤ੍ਰ ਨਾਲ ਕੱਟ ਛੱਟ ਕੇ ਹਰ ਸਾਲ ਪਰੂਣੀ ਕਰਨ ਦੀ ਲੋੜ ਹੈ ਤਾਂ ਕਿ ਸ਼ੁਭ ਗੁਣਾਂ, ਸਰਬ ਪ੍ਰਵਾਣਤ ਅਗਾਂਹ ਵਧੂ ਉਸਾਰੂ ਵਿਚਾਰਾਂ ਦੇ ਚੰਗੇ ਫਲ ਲੱਗ ਸੱਕਣ। ਬੀਬੀ ਰਣਜੀਤ ਕੌਰ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਇਸਤਰੀ ਵਿੰਗ ਦੇ ਪ੍ਰਧਾਨ ਨੇ ਮੀਡੀਆ ਨੂੰ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਜਿਸ ਤਰ੍ਹਾਂ ਹਰੇਕ ਕਾਰੋਬਾਰ ਭਾਵ ਕਿਰਤ ਕਮਾਈ ਕਰਨ ਵਾਲਾ ਇਨਸਾਨ ਲਾਭ ਵਾਸਤੇ ਕੰਮ ਕਰਦਾ ਹੈ। ਹਰ ਸਾਲ ਦੇ ਅਖੀਰ ਤੇ ਲੇਖਾ ਜੋਖਾ ਕਰਦਾ ਹੈ ਕਿ ਕਿਨ੍ਹਾ ਲਾਭ ਹੋਇਆ, ਕਿਨਾ ਘਾਟਾ ਪਿਆ, ਕਿਨਾ ਖਰਚਾ ਹੋਇਆ ਅਤੇ ਮੈਂ ਅੱਗੇ ਕਿਵੇਂ ਕਰਨਾ ਹੈ? ਇਵੇਂ ਹਿਸਾਬ ਕਿਤਾਬ ਰੱਖਣਵਾਲਾ ਇਨਸਾਨ ਹਾਨ-ਲਾਭ ਬਾਰੇ ਸੋਚ ਕੇ ਆਪਣੀ ਦੁਨੀਆਵੀ ਜਿ਼ੰਦਗੀ ਹੋਰ ਬਿਹਤਰ ਬਣਾਉਣ ਦੀ ਕੋਸਿ਼ਸ਼ ਕਰਦਾ ਹੈ, ਪਰ ਬੇਹਿਸਾਬਾ ਵਿਅਕਤੀ ਹਮੇਸ਼ਾਂ ਘਾਟੇ ਵਿੱਚ ਰਹਿੰਦਾ ਹੈ ਅਤੇ ਸੰਸਾਰੀ ਵੀ ਉਸ ਦੀ ਇਜ਼ਤ ਨਹੀਂ ਕਰਦੇ। ਸਿੱਖ ਦੇ ਅਰਥ ਹੀ ਸਿਖਿਆਰਥੀ ਹਨ, ਜੋ ਹਮੇਸ਼ਾ ਸਿੱਖਦਾ ਰਹਿੰਦਾ ਹੈ। ਹਰੇਕ ਸਿੱਖ ਨੂੰ ਗੁਰਬਾਣੀ ਦਾ ਆਪ ਪਾਠ ਕਰਨਾ, ਅਰਥ ਸਿੱਖਣੇ ਅਤੇ ਕਮਉਣੇ ਚਾਹੀਦੇ ਹਨ। ਸਿੱਖ ਰਹਿਤਮਰਯਾਦਾ, ਸਿੱਖ ਫਿਲੌਸਫੀ ਅਤੇ ਇਤਿਹਾਸ ਆਪ ਪੜ੍ਹਦੇ ਜਾਂ ਸੁਣਦੇ ਰਹਿਣਾ ਚਾਹੀਦਾ ਹੈ।
ਆਓ ਨਵੇਂ ਸਾਲ ਤੇ ਪ੍ਰਣ ਕਰੀਏ ਕਿ ਅਸੀਂ ਔਗੁਣਾਂ ਦਾ ਤਿਆਗ ਕਰਕੇ ਸ਼ੁਭ ਗੁਣ ਧਾਰਨ ਕਰਾਂਗੇ। ਧਰਮ ਦੀ ਕਿਰਤ ਕਰਦੇ ਹੋਏ ਵੰਡ ਛਕਾਂਗੇ ਅਤੇ ਅਕਾਲ ਪੁਰਖ ਦਾ ਨਾਮ ਜਪਾਂਗੇ। ਗੁਰਬਾਣੀ ਆਪ ਪੜ੍ਹਦੇ-ਪੜ੍ਹਾਂਦੇ, ਗਾਂਦੇ, ਵਿਚਾਰਦੇ ਅਤੇ ਧਾਰਦੇ ਹੋਏ ਹੋਰਨਾਂ ਨੂੰ ਵੀ ਸਿਖਾਵਾਂਗੇ । ਹਰ ਗੁਰਦੁਆਰੇ ਨਾਲ ਲਾਇਬ੍ਰੇਰੀ, ਸਕੂਲ, ਕਾਲਜ ਅਦਿਕ ਖੋਲਾਂਗੇ ਜਿਥੇ ਦੁਨਿਆਵੀ ਵਿਦਿਆ ਦੇ ਨਾਲ ਧਾਰਮਿਕ ਵਿਦਿਆ ਵੀ ਪ੍ਰਾਪਤ ਕੀਤੀ ਜਾ ਸੱਕੇ। ਔਰਤ ਦਾ ਮਰਦ ਦੇ ਬਰਾਬਰ ਸਨਮਾਨ ਕਰਾਂਗੇ। ਅੰਤ ਵਿਚ ਉਨ੍ਹਾਂ ਕਿਹਾ ਕਿ ਸਿੱਖ ਪੰਥ ਲਈ ਭਾਵੇਂ ਨਾਨਕਸ਼ਾਹੀ ਸੰਮਤ ਅਨੁਸਾਰ ਨਵੇਂ ਸਾਲ ਦੀ ਆਮਦ ਇਕ ਚੇਤ ਨੂੰ ਹੁੰਦੀ ਹੈ ਤੇ ਅਸੀਂ ਓਸ ਨੂੰ ਵੱਡੇ ਪੱਧਰ ਤੇ ਮਨਾਉਂਦੇ ਹਾਂ, ਪਰ ਵੱਖ ਵੱਖ ਭਾਈਚਾਰੇ ਦੇ ਲੋਕ ਇਕ ਜਨਵਰੀ ਨੂੰ ਵੀ ਨਵਾਂ ਸਾਲ ਮਨਾਉਂਦੇ ਹਨ ਇਸ ਲਈ ਈਸਵੀ ਨਵਾਂ ਸਾਲ 2024 ਸਭ ਨੂੰ ਮੁਬਾਰਕ ਹੋਵੇ, ਸਭ ਦੀਆਂ ਦੂਰੀਆਂ ਘਟਣ ਅਤੇ ਆਪਸੀ ਪਿਆਰ ਦੇ ਨਾਲ ਮਿਲਵਰਤਨ ਵੱਧੇ । ਆਪਾਂ ਸਾਰੇ ਪ੍ਰਭੂ ਪ੍ਰਮਾਤਮਾਂ ਦੇ ਸੁਹਾਵਣੇ ਸੰਸਾਰ-ਬਾਗ ਵਿੱਚ, ਵੱਖ-ਵੱਖ ਫੁੱਲਾਂ ਦੇ ਰੂਪ ਦਾ ਗੁਲਦਸਤਾ ਬਣ ਕੇ ਸ਼ੁਭ ਗੁਣਾਂ ਦੀ ਮਹਿਕ ਵੰਡਦੇ ਰਹੀਏ ।