ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਖ਼ਾਲਸਾ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਕਿਹਾ ਕਿ ਕੌਮ ਲਈ ਆਪਾ ਵਾਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਨਾ ਸਾਡਾ ਕੌਮੀ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ 1984 ’ਚ ਤੱਤਕਾਲੀ ਕਾਂਗਰਸ ਸਰਕਾਰ ਨੇ ਫ਼ੌਜੀ ਹਮਲਾ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ-ਢੇਰੀ ਕੀਤਾ ਤੇ ਅਨੇਕਾਂ ਬੇਦੋਸ਼ੀਆਂ ਸੰਗਤਾਂ ਨੂੰ ਸ਼ਹੀਦ ਕੀਤਾ। ਭਾਈ ਸਤਵੰਤ ਸਿੰਘ, ਭਾਈ ਬੇਅੰਤ ਸਿੰਘ ਤੇ ਭਾਈ ਕੇਹਰ ਸਿੰਘ ਨੇ ਇਸ ਦਾ ਬਦਲਾ ਲੈਂਦਿਆਂ ਸਿੱਖ ਕੌਮ ਦਾ ਸਿਰ ਉੱਚਾ ਕੀਤਾ ਅਤੇ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਇਹ ਕੌਮ ਦੇ ਮਹਾਨ ਸ਼ਹੀਦ ਹਨ, ਜਿਨ੍ਹਾਂ ਨੂੰ ਸਿੱਖ ਕੌਮ ਹਮੇਸ਼ਾ ਯਾਦ ਰੱਖੇਗੀ। ਸਮਾਗਮ ਦੌਰਾਨ ਸ਼ਹੀਦ ਭਾਈ ਸਤਵੰਤ ਸਿੰਘ ਦੇ ਭਰਾ ਭਾਈ ਵਰਿਆਮ ਸਿੰਘ ਤੇ ਹੋਰ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਸਕੱਤਰ ਸ. ਪ੍ਰਤਾਪ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਪ੍ਰੀਤਪਾਲ ਸਿੰਘ, ਮੀਤ ਸਕੱਤਰ ਸ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਮੈਨੇਜਰ ਸ. ਬਘੇਲ ਸਿੰਘ, ਸ. ਜਗਤਾਰ ਸਿੰਘ, ਸ. ਇਕਬਾਲ ਸਿੰਘ ਮੁਖੀ, ਦਲ ਖਾਲਸਾ ਦੇ ਆਗੂ ਸ. ਕੰਵਲਪਾਲ ਸਿੰਘ, ਪ੍ਰੋ. ਬਲਜਿੰਦਰ ਸਿੰਘ, ਸ. ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸ. ਉਪਕਾਰ ਸਿੰਘ ਸੰਧੂ, ਭਾਈ ਮੋਹਕਮ ਸਿੰਘ, ਸ. ਬਲਵੰਤ ਸਿੰਘ ਗੋਪਾਲਾ, ਸ. ਜਰਨੈਲ ਸਿੰਘ ਸਖੀਰਾ ਸਮੇਤ ਸੰਗਤਾਂ ਮੌਜੂਦ ਸਨ।