ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੋ ਨਵ-ਨਿਯੁਕਤ ਗ੍ਰੰਥੀ ਸਿੰਘ ਸਾਹਿਬਾਨ ਨੂੰ ਪੰਥਕ ਮਰਯਾਦਾ ਅਨੁਸਾਰ ਸੇਵਾ ਸੰਭਾਲਣ ਸਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਤੌਰ ’ਤੇ ਸੇਵਾ ਸੰਭਾਲ ਸਮਾਗਮ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਗਿਆਨੀ ਕੇਵਲ ਸਿੰਘ ਅਤੇ ਗਿਆਨੀ ਪਰਵਿੰਦਰਪਾਲ ਸਿੰਘ ਦੇ ਨਾਵਾਂ ਦਾ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਦੇ ‘ਗ੍ਰੰਥੀ ਸਿੰਘ’ ਵਜੋਂ ਐਲਾਨ ਕੀਤਾ, ਜਿਨ੍ਹਾਂ ਨੂੰ ਹਾਜ਼ਰ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ।
ਇਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਸਮੇਤ ਵੱਖ-ਵੱਖ ਸਿੱਖ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਜਥੇਬੰਦੀਆਂ, ਸ਼੍ਰੋਮਣੀ ਅਕਾਲੀ ਦਲ, ਕਾਰਸੇਵਾ ਵਾਲੇ ਮਹਾਂਪੁਰਖਾਂ, ਚੀਫ ਖਾਲਸਾ ਦੀਵਾਨ, ਸਿੱਖ ਸਟੂਡੈਂਟਸ ਫੈਡਰੇਸ਼ਨਾਂ ਤੇ ਧਾਰਮਿਕ ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਅਤੇ ਪ੍ਰਮੁੱਖ ਧਾਰਮਿਕ ਸਖ਼ਸ਼ੀਅਤਾਂ ਨੇ ਨਵ-ਨਿਯੁਕਤ ਗ੍ਰੰਥੀ ਸਿੰਘ ਸਾਹਿਬਾਨ ਨੂੰ ਦਸਤਾਰਾਂ ਅਤੇ ਸਿਰੋਪਾਓ ਭੇਟ ਕੀਤੇ।
ਸੇਵਾ ਸੰਭਾਲ ਸਮਾਗਮ ਮਗਰੋਂ ਨਵੇਂ ਨਿਯੁਕਤ ਹੋਏ ਦੋਵਾਂ ਗ੍ਰੰਥੀ ਸਿੰਘ ਸਾਹਿਬਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾਈ ਅਤੇ ਸਿੱਖ ਰਵਾਇਤ ਅਨੁਸਾਰ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਲੈ ਕੇ ਸੇਵਾ ਸ਼ੁਰੂ ਕੀਤੀ। ਇਸੇ ਦੌਰਾਨ ਉਨ੍ਹਾਂ ਨੇ ਬਾਬਾ ਅਟੱਲ ਰਾਏ ਸਾਹਿਬ ਵੀ ਚੱਲਦੀ ਆ ਰਹੀ ਪੰਥਕ ਰਵਾਇਤ ਤਹਿਤ ਦੇਗ ਕਰਵਾਈ ਅਤੇ ਪਾਵਨ ਹੁਕਮਨਾਮਾ ਲਿਆ।
ਸੇਵਾ ਸੰਭਾਲ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪਾਵਨ ਅਸਥਾਨ ਦੀ ਸੇਵਾ ਸੰਭਾਲ ਦੇ ਇਤਿਹਾਸ ਅਤੇ ਰਵਾਇਤ ਤੋਂ ਜਾਣੂ ਕਰਵਾਉਂਦਿਆਂ ਇਸ ਸੇਵਾ ਨੂੰ ਗੁਰੂ ਸਾਹਿਬ ਦੀ ਬਖ਼ਸ਼ਿਸ਼ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪਹਿਲਾ ਪ੍ਰਕਾਸ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ ਅਤੇ ਬਾਬਾ ਬੁੱਢਾ ਸਾਹਿਬ ਜੀ ਨੂੰ ਸੇਵਾ-ਸੰਭਾਲ ਲਈ ਪਹਿਲੇ ਗ੍ਰੰਥੀ ਥਾਪਿਆ। ਇਸ ਤਰ੍ਹਾਂ ਇਹ ਸਿੱਖ ਕੌਮ ਅੰਦਰ ਬੇਹੱਦ ਸਤਿਕਾਰ ਵਾਲੀ ਪਦਵੀ ਹੈ, ਜਿਸ ਦੀ ਸੇਵਾ ਵੱਡੇ ਭਾਗਾਂ ਨਾਲ ਪ੍ਰਾਪਤ ਹੁੰਦੀ ਹੈ। ਗਿਆਨੀ ਰਘਬੀਰ ਸਿੰਘ ਨੇ ਨਵੇਂ ਨਿਯੁਕਤ ਹੋਏ ਗ੍ਰੰਥੀ ਸਾਹਿਬਾਨ ਨੂੰ ਵਧਾਈ ਦਿੱਤੀ ਅਤੇ ਪਾਵਨ ਅਸਥਾਨ ਦੀ ਮਰਯਾਦਾ ਅਨੁਸਾਰ ਸੇਵਾ ਨਿਭਾਉਣ ਦੀ ਪ੍ਰੇਰਣਾ ਕੀਤੀ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਸਮਾਜ ਅੰਦਰ ਗ੍ਰੰਥੀ ਸਿੰਘ ਦਾ ਰੁਤਬਾ ਬਹੁਤ ਵੱਡਾ ਹੈ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾਵਾਂ ਨਿਭਾਉਣੀਆਂ ਵੱਡੇ ਮਾਣ ਵਾਲੀ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਪਹਿਲੇ ਗ੍ਰੰਥੀ ਬਾਬਾ ਬੁੱਢਾ ਜੀ ਤੋਂ ਲੈ ਕੇ ਕਈ ਨਾਮਵਰ ਸਖਸ਼ੀਅਤਾਂ ਨੇ ਸੇਵਾ ਨਿਭਾਈ ਹੈ। ਉਨ੍ਹਾਂ ਨਵੇਂ ਨਿਯੁਕਤ ਹੋਏ ਗ੍ਰੰਥੀ ਸਿੰਘ ਸਾਹਿਬਾਨ ਨੂੰ ਮੁਬਾਰਕ ਦਿੰਦਿਆਂ ਆਸ ਪ੍ਰਗਟਾਈ ਕਿ ਇਹ ਦੋਵੇਂ ਸ਼ਖ਼ਸੀਅਤਾਂ ਪੰਥ ਦੀ ਇਸ ਸਤਿਕਾਰਤ ਪਦਵੀ ਦੀ ਮਾਣ-ਮਰਯਾਦਾ ਦੀ ਪਾਲਣਾ ਕਰਦਿਆਂ ਸਿੱਖ ਪੰਥ ਦੀ ਸੇਵਾ ਕਰਨਗੀਆਂ।
ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਸਟੇਜ ਦੀ ਸੇਵਾ ਨਿਭਾਈ ਅਤੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬਾਨ ਦੇ ਇਤਿਹਾਸਕ ਪਿਛੋਕੜ, ਰਵਾਇਤ ਅਤੇ ਸੇਵਾ ਸੰਭਾਲ ਬਾਰੇ ਜਾਣਕਾਰੀ ਸਾਂਝੀ ਕੀਤੀ।