ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ ਵਾਰ ਜੇਲ੍ਹ ‘ਚੋਂ ਪੈਰੋਲ ਮਿਲਣ ‘ਤੇ ਇੱਕ ਵਾਰ ਫਿਰ ਵਿਵਾਦ ਛਿੜ ਗਿਆ ਹੈ, ਕਤਲ ਤੇ ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ 10ਵੀਂ ਵਾਰ ਮੁੜ ਪੈਰੋਲ ਮਿਲਣ ’ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾਂ ਵਿੰਗ ਦੇ ਮੁੱਖੀ ਬੀਬੀ ਰਣਜੀਤ ਕੌਰ ਅਤੇ ਪੰਥਕ ਆਗੂ ਭਾਈ ਪਰਮਜੀਤ ਸਿੰਘ ਵੀਰ ਜੀ ਨੇ ਸਖ਼ਤ ਇਤਰਾਜ਼ ਜਤਾਇਆ ਹੈ।
ਉਨ੍ਹਾਂ ਨੇ ਕਿਹਾ ਕਿ ਸਰਕਾਰਾਂ ਦੀ ਇਹ ਦੋਹਰੀ ਨੀਤੀ ਸਿੱਖਾਂ ਅੰਦਰ ਬੇਵਿਸ਼ਵਾਸੀ ਦਾ ਮਾਹੌਲ ਸਿਰਜ ਰਹੀ ਹੈ, ਕਾਤਲ ਅਤੇ ਬਲਾਤਕਾਰ ਦੇ ਸੰਗੀਨ ਜੁਲਮਾਂ ਦੇ ਦੋਸ਼ੀ ਸੌਦਾ ਸਾਧ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ, ਪਰੰਤੂ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਸੇ ਤੋਂ ਸਿੱਖ ਕੌਮ ਵੱਲੋਂ ਉਠਾਈ ਜਾ ਰਹੀ ਅਵਾਜ਼ ਸਰਕਾਰਾਂ ਨੂੰ ਸੁਣ ਨਹੀਂ ਰਹੀ।
ਉਨ੍ਹਾਂ ਨੇ ਕਿਹਾ ਕਿ ਆਪਣੇ ਸਿਆਸੀ ਹਿੱਤਾਂ ਲਈ ਸਰਕਾਰਾਂ ਵੱਲੋਂ ਗੁਰਮੀਤ ਰਾਮ ਰਹੀਮ ਦੇ ਘਿਨੌਣੇ ਅਪਰਾਧਾਂ ਨੂੰ ਅੱਖੋਂ-ਓਹਲੇ ਕਰਕੇ ਉਸ ਨੂੰ ਬਾਰ-ਬਾਰ ਛੱਡਿਆ ਜਾਣਾ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਉਣ ਵਾਲਾ ਹੈ, ਜੋ ਦੇਸ਼ ਲਈ ਠੀਕ ਨਹੀਂ ਹੈ।