ਅੰਮ੍ਰਿਤਸਰ – ਗੁਰੂ ਸਾਹਿਬਾਨ ਦਾ ਫ਼ਲਸਫ਼ਾ ਸਿੱਖ ਦੇ ਸ਼ਖਸੀ ਜੀਵਨ ਦੀ ਘਾੜਤ ਘੜਨ ਦੇ ਨਾਲ-ਨਾਲ ਪੰਥਕ ਅਗਵਾਈ ਲਈ ਵੀ ਬੇਹੱਦ ਅਹਿਮ ਹੈ, ਪਰੰਤੂ ਪੰਥ ਵਿਰੋਧੀ ਤਾਕਤਾਂ ਸਿੱਖਾਂ ਦੀ ਇਸ ਵਿਰਾਸਤ ਅਤੇ ਸਿਧਾਂਤਾਂ ਨੂੰ ਸੱਟ ਮਾਰਨ ਲਈ ਲਗਾਤਾਰ ਕੋਝੇ ਯਤਨ ਕਰਦੀਆਂ ਰਹੀਆਂ ਹਨ। ਇਹ ਵਿਚਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਦਿਵਸ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਖ਼ਾਲਸਾ ਕਾਲਜ ਅੰਮ੍ਰਿਤਸਰ ਵਿਖੇ ਧਰਮ ਪ੍ਰਚਾਰ ਕਮੇਟੀ ਵੱਲੋਂ ਕਰਵਾਏ ਗਏ ਪ੍ਰਭਾਵਸ਼ਾਲੀ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਪ੍ਰਗਟਾਏ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬਾਨ ਵੱਲੋਂ ਦੁਨੀਆ ਦੇ ਧਰਮ ਇਤਿਹਾਸ ਅੰਦਰ ਇੱਕ ਨਿਰਾਲੀ ਵਿਚਾਰਧਾਰਾ ਦਿੱਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਜਦੋਂ ਸਿੱਖ ਕੌਮ ਤੀਜੇ ਅਤੇ ਚੌਥੇ ਪਾਤਸ਼ਾਹ ਜੀ ਨਾਲ ਸਬੰਧਤ ਦੋ ਅਹਿਮ ਸ਼ਤਾਬਦੀਆਂ ਮਨਾ ਰਹੀ ਹੈ ਤਾਂ ਕੌਮੀ ਫ਼ਰਜ਼ ਬਣਦਾ ਹੈ ਕਿ ਗੁਰੂ ਸਾਹਿਬਾਨ ਵੱਲੋਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਜੋ ਸੰਸਥਾਗਤ ਉਪਰਾਲੇ ਕੀਤੇ ਉਸ ਦੀ ਸੇਧ ਵਿੱਚ ਅੱਗੇ ਵਧਿਆ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਧਾਰਮਿਕ ਅਤੇ ਪੰਥਕ ਸੁਮੇਲ ਦੀ ਗੱਲ ਕਰਦਿਆਂ ਕਿਹਾ ਕਿ ਅੱਜ ਮੀਰੀ-ਪੀਰੀ ਦਾ ਸਿੱਖ ਸਿਧਾਂਤ ਵਿਰੋਧੀਆਂ ਨੂੰ ਰੜਕ ਰਿਹਾ ਹੈ। ਇਨ੍ਹਾਂ ਦਾ ਸਾਰਾ ਜ਼ੋਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਇੱਕ ਦੂਜੇ ਤੋਂ ਦੂਰ ਕਰਨ ’ਤੇ ਲੱਗਾ ਹੋਇਆ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਜਿੱਥੇ ਅਸੀਂ ਪੰਥਕ ਪਹਿਰੇਦਾਰੀ ਕਰਨੀ ਹੈ ਉੱਥੇ ਅੱਜ ਸਮਾਜ ਨੂੰ ਵੰਡਣ ਵਾਲੀਆਂ ਸ਼ਕਤੀਆਂ ਦਾ ਮੁਕਾਬਲਾ ਵੀ ਕਰਨਾ ਹੈ।
ਸੈਮੀਨਾਰ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ, ਪ੍ਰਸਿੱਧ ਸਿੱਖ ਵਿਦਵਾਨ ਡਾ. ਹਰਭਜਨ ਸਿੰਘ ਡੇਹਰਾਦੂਨ, ਡਾ. ਪਰਮਵੀਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਡਾ. ਇੰਦਰਜੀਤ ਸਿੰਘ ਗੋਗੋਆਣੀ ਪ੍ਰਿੰਸੀਪਲ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਤੇ ਵਿਚਾਰਧਾਰਾ ਬਾਰੇ ਅਹਿਮ ਅਤੇ ਖੋਜ ਭਰਪੂਰ ਵਿਚਾਰ ਪ੍ਰਗਟ ਕੀਤੇ। ਬੁਲਾਰਿਆਂ ਨੇ ਕਿਹਾ ਕਿ ਗੁਰੂ ਦੀ ਪਾਵਨ ਬਾਣੀ ਵਿੱਚੋਂ ਮਨੁੱਖੀ ਜੀਵਨ ਦੇ ਵਿਕਾਸ ਲਈ ਸਰਬਪੱਖੀ ਉਪਦੇਸ਼ ਪ੍ਰਾਪਤ ਹੁੰਦਾ ਹੈ। ਉਨ੍ਹਾਂ ਗੁਰਬਾਣੀ ਦੇ ਵਿਭਿੰਨ ਪਹਿਲੂਆਂ ਦੇ ਨਾਲ-ਨਾਲ ਇਤਿਹਾਸ ਅੰਦਰ ਸ੍ਰੀ ਅੰਮ੍ਰਿਤਸਰ ਸ਼ਹਿਰ ਦੀ ਵਿਲੱਖਣਤਾ ਬਾਰੇ ਉਭਰਵੇਂ ਵਿਚਾਰ ਸਾਂਝੇ ਕੀਤੇ। ਵਿਦਵਾਨ ਬੁਲਾਰਿਆਂ ਨੇ ਕਿਹਾ ਕਿ ਪੂਰੇ ਵਿਸ਼ਵ ਵਿੱਚ ਵੱਸਦੇ ਸਿੱਖਾਂ ਲਈ ਸ੍ਰੀ ਗੁਰੂ ਰਾਮਦਾਸ ਜੀ ਦੀ ਵਸਾਈ ਨਗਰੀ ਸ੍ਰੀ ਅੰਮ੍ਰਿਤਸਰ ਬੇਹੱਦ ਅਹਿਮ ਹੈ ਕਿਉਂਕਿ ਇੱਥੇ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹਰ ਸਿੱਖ ਦੇ ਹਿਰਦੇ ਵਿੱਚ ਧੜਕਦਾ ਹੈ। ਇਸ ਤੋਂ ਪਹਿਲਾਂ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਸਵਾਗਤੀ ਸ਼ਬਦ ਕਹਿ ਕੇ ਸੈਮੀਨਾਰ ਦੀ ਅਰੰਭਤਾ ਕੀਤੀ।
ਸੈਮੀਨਾਰ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ, ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਬੁਲਾਰਿਆਂ ਨੂੰ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਵੱਲੋਂ ਕਰਵਾਈ ਜਾਂਦੀ ਧਾਰਮਿਕ ਪ੍ਰੀਖਿਆ ਅਤੇ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਵਿੱਚ ਮੋਹਰੀ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਵੀ ਵਜ਼ੀਫ਼ਾ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ।
ਸੈਮੀਨਾਰ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਗੁਰਮੀਤ ਸਿੰਘ ਬੂਹ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਸਤਪਾਲ ਸਿੰਘ ਤਲਵੰਡੀ ਭਾਈ, ਸ. ਦਰਸ਼ਨ ਸਿੰਘ ਸ਼ੇਰਖਾਂ, ਸ. ਅਮਰੀਕ ਸਿੰਘ ਸ਼ਾਹਪੁਰ, ਬੀਬੀ ਕਿਰਨਜੋਤ ਕੌਰ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਸ਼ਾਹਬਾਜ਼ ਸਿੰਘ, ਸ. ਹਰਭਜਨ ਸਿੰਘ ਵਕਤਾ, ਸ. ਮਨਜੀਤ ਸਿੰਘ ਤਲਵੰਡੀ, ਸ. ਸੁਖਬੀਰ ਸਿੰਘ, ਖਾਲਸਾ ਕਾਲਜ ਦੇ ਪ੍ਰਿੰਸੀਪਲ ਸ. ਮਹਿਲ ਸਿੰਘ, ਡਾ. ਅਮਰਜੀਤ ਸਿੰਘ, ਸ. ਹਰਦੀਪ ਸਿੰਘ, ਪ੍ਰਿੰਸੀਪਲ ਕੁਲਵਿੰਦਰ ਸਿੰਘ, ਡਾ. ਮੁਹੱਬਤ ਸਿੰਘ, ਡਾ. ਜਸਪਾਲ ਸਿੰਘ, ਪ੍ਰਿੰਸੀਪਲ ਸਵਰਨ ਸਿੰਘ ਤੁਗਲਵਾਲ, ਪ੍ਰਿੰਸੀਪਲ ਮਨਜੀਤ ਕੌਰ, ਇੰਚਾਰਜ ਡਾ. ਜੋਗੇਸ਼ਵਰ ਸਿੰਘ, ਬੀਬੀ ਅਮਰਜੀਤ ਕੌਰ, ਬੀਬੀ ਰਣਜੀਤ ਕੌਰ, ਸ. ਰਾਜਵਿੰਦਰ ਸਿੰਘ ਜੋਗਾ, ਸ. ਕਰਤਾਰ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਪ੍ਰਿੰ: ਪ੍ਰੀਤ ਕੌਰ ਨਾਗਪਾਲ ਆਦਿ ਮੌਜੂਦ ਸਨ।