ਅੰਮ੍ਰਿਤਸਰ – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਸਾਲਾਨਾ ਬਰਸੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਮਨਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ, ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਕਿਹਾ ਕਿ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਕੌਮੀ ਸ਼ਹੀਦ ਹਨ, ਜਿਨ੍ਹਾਂ ਨੇ ਕੌਮ ਖਾਤਰ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿੰਘਾਂ ਵੱਲੋਂ ਕੌਮੀ ਜਜ਼ਬੇ ਖ਼ਾਤਰ ਦਿੱਤੀਆਂ ਸ਼ਹਾਦਤਾਂ ਨੂੰ ਕੌਮ ਹਮੇਸ਼ਾਂ ਸਜਦਾ ਕਰਦੀ ਹੈ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਭਾਈ ਭੁਪਿੰਦਰ ਸਿੰਘ, ਬੀਬੀ ਕੁਲਵੰਤ ਕੌਰ, ਭਾਈ ਸਤਵੰਤ ਸਿੰਘ ਹਾਜ਼ਰ ਸਨ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ ਗਏ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਪ੍ਰਤਾਪ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਵਧੀਕ ਸਕੱਤਰ ਸ. ਪ੍ਰੀਤਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਤੋਂ ਇਲਾਵਾ ਸ. ਕੰਵਰਪਾਲ ਸਿੰਘ, ਸ. ਨਰੈਣ ਸਿੰਘ ਚੌੜਾ, ਪ੍ਰੋ. ਬਲਜਿੰਦਰ ਸਿੰਘ, ਭਾਈ ਦਲਜੀਤ ਸਿੰਘ ਬਿੱਟੂ, ਭਾਈ ਮੋਹਕਮ ਸਿੰਘ, ਸ. ਜਰਨੈਲ ਸਿੰਘ ਸਖੀਰਾ, ਸ. ਬੇਅੰਤ ਸਿੰਘ ਖਿਆਲਾ, ਭਾਈ ਰਾਜਿੰਦਰ ਸਿੰਘ, ਸ. ਪਰਮਜੀਤ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਮੀਤ ਮੈਨੇਜਰ ਸ. ਅਜੈ ਸਿੰਘ ਖੱਖ ਆਦਿ ਹਾਜ਼ਰ ਸਨ।