ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਜੋ ਕਿ 28 ਸਾਲਾਂ ਤੋਂ ਜੇਲ ‘ਚ ਬੰਦ ਹਨ ਅਤੇ ਉਨ੍ਹਾਂ ਨੂੰ ਪੰਜਾਬ ਦੇ ਤਤਕਾਲੀ ਮੁੱਖਮੰਤਰੀ ਬੇਅੰਤ ਸਿੰਘ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ, ਦੀ ਰਹਿਮ ਦੀ ਅਪੀਲ ‘ਤੇ ਫੈਸਲਾ ਕਰਨ ਲਈ ਚਾਰ ਹਫਤਿਆਂ ਦਾ ਸਮਾਂ ਦਿੱਤਾ ਹੈ । ਜਸਟਿਸ ਬੀਆਰ ਗਵਈ, ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੇਂਦਰ ਸਰਕਾਰ ਦੀ ਬੇਨਤੀ ‘ਤੇ ਇਹ ਹੁਕਮ ਦਿੱਤਾ। ਬੈਂਚ ਦੇ ਸਾਹਮਣੇ ਕੇਂਦਰ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਦਲੀਲ ਦਿੱਤੀ ਕਿ ਇਸ ਮਾਮਲੇ ਵਿੱਚ ਕੁਝ ਸੰਵੇਦਨਸ਼ੀਲਤਾ ਸ਼ਾਮਲ ਹੈ। ਐਡੀਸ਼ਨਲ ਸਾਲਿਸਟਰ ਜਨਰਲ ਕੇਐਮ ਨਟਰਾਜ ਨੇ ਵੀ ਕਿਹਾ ਕਿ ਇਸ ਮਾਮਲੇ ਵਿੱਚ ਕੁਝ ਹੋਰ ਜਾਣਕਾਰੀ ਇਕੱਠੀ ਕਰਨ ਦੀ ਲੋੜ ਹੈ, ਇਸ ਲਈ ਕੇਂਦਰ ਸਰਕਾਰ ਵੱਲੋਂ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ ਹੈ।
ਜਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਬੀਤੀ 18 ਨਵੰਬਰ ਨੂੰ ਰਾਸ਼ਟਰਪਤੀ ਦ੍ਰੋਪਦੀ ਮਮਰੂ ਦੇ ਸਕੱਤਰ ਨੂੰ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ‘ਤੇ ਦੋ ਹਫ਼ਤਿਆਂ ਦੇ ਅੰਦਰ ਫੈਸਲਾ ਕਰਨ ਦੀ ਬੇਨਤੀ ਦੇ ਨਾਲ ਉਸ ਦੇ ਸਾਹਮਣੇ ਰੱਖਣ ਦੇ ਨਿਰਦੇਸ਼ ਦਿੱਤੇ ਸਨ। ਹਾਲਾਂਕਿ, ਬਾਅਦ ਵਿੱਚ ਉਸੇ ਦਿਨ, ਅਦਾਲਤ ਨੇ ਸਾਲਿਸਟਰ ਜਨਰਲ ਦੀ ਬੇਨਤੀ ‘ਤੇ ਆਪਣੇ ਆਦੇਸ਼ ‘ਤੇ ਰੋਕ ਲਗਾ ਦਿੱਤੀ ਸੀ । ਅਦਾਲਤ ਨੂੰ ਦੱਸਿਆ ਗਿਆ ਸੀ ਕਿ ਮਾਮਲੇ ਦੇ ਸਬੰਧਤ ਦਸਤਾਵੇਜ਼ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਹਨ ਨਾ ਕਿ ਰਾਸ਼ਟਰਪਤੀ ਦਫ਼ਤਰ ਕੋਲ।
ਇਸ ਤੋਂ ਪਹਿਲਾਂ ਸਿਖਰਲੀ ਅਦਾਲਤ ਨੇ 4 ਨਵੰਬਰ ਨੂੰ ਭਾਈ ਰਾਜੋਆਣਾ ਦੀ ਅੰਤਰਿਮ ਰਾਹਤ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਉਸ ਦੇ ਵਕੀਲ ਨੇ ਉਦੋਂ ਦਲੀਲ ਦਿੱਤੀ ਸੀ ਕਿ ਇਹ ਇਕ ਹੈਰਾਨ ਕਰਨ ਵਾਲਾ ਮਾਮਲਾ ਹੈ, ਕਿਉਂਕਿ ਪਟੀਸ਼ਨਰ ਲਗਭਗ 29 ਸਾਲਾਂ ਤੋਂ ਹਿਰਾਸਤ ਵਿਚ ਹੈ ਅਤੇ ਕਦੇ ਵੀ ਜੇਲ੍ਹ ਤੋਂ ਬਾਹਰ ਨਹੀਂ ਆਇਆ ਹੈ, ਉਸ ਨੇ ਕਿਹਾ ਸੀ ਕਿ ਇਹ ਸੰਵਿਧਾਨ ਦੀ ਧਾਰਾ 21 ਦੀ ਪੂਰੀ ਤਰ੍ਹਾਂ ਉਲੰਘਣਾ ਹੈ, ਕਿਉਂਕਿ ਉਸ ਦੀ ਰਹਿਮ ਦੀ ਪਟੀਸ਼ਨ ਅਦਾਲਤ ਅੰਦਰ ਪਿਛਲੇ 12 ਸਾਲਾਂ ਤੋਂ ਪੈਂਡਿੰਗ ਹੈ। ਸੁਪਰੀਮ ਕੋਰਟ ਨੇ 3 ਮਈ, 2023 ਨੂੰ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਰਹਿਮ ਦੀ ਅਪੀਲ ਦਾ ਫੈਸਲਾ ਕਰਨ ਵਿੱਚ 10 ਸਾਲ ਤੋਂ ਵੱਧ ਦੇਰੀ ਕਾਰਨ ਭਾਈ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਘਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਵੀ ਰੱਦ ਕਰ ਦਿੱਤਾ ਸੀ , ਜਿਸ ਵਿੱਚ ਕਿਹਾ ਗਿਆ ਸੀ ਕਿ ਅਜਿਹੇ ਸੰਵੇਦਨਸ਼ੀਲ ਮੁੱਦਿਆਂ ‘ਤੇ ਫੈਸਲੇ ਲੈਣਾ ਕਾਰਜਕਾਰਨੀ ਦਾ ਅਧਿਕਾਰ ਖੇਤਰ ਹੈ।