ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਈਸਟ ਇੰਡੀਆ ਪ੍ਰਧਾਨ ਸਤਨਾਮ ਸਿੰਘ ਗੰਭੀਰ ਨੇ ਕਿਹਾ ਕਿ ਫੈਡਰੇਸ਼ਨ ਵੱਲੋਂ 1984 ਦੇ ਸਿੱਖ ਕਤਲੇਆਮ ਨਾਲ ਪੀੜਿਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਹਾਈਕੋਰਟ ਰਾਂਚੀ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ‘ਤੇ ਕਾਰਵਾਈ ਕਰਦਿਆਂ ਮਾਣਯੋਗ ਹਾਈਕੋਰਟ ਨੇ ਇੱਕ ਕਮਿਸ਼ਨ ਦਾ ਗਠਨ ਕੀਤਾ ਸੀ। ਹਜ਼ਾਰੀਬਾਗ ਦੇ ਰਹਿਣ ਵਾਲੇ ਸਰਦਾਰ ਬਲਵੰਤ ਸਿੰਘ 1984 ਦੇ ਕਤਲੇਆਮ ਤੋਂ ਬਾਅਦ ਆਪਣੇ ਪਰਿਵਾਰ ਨਾਲ ਜੰਮੂ ਚਲਾ ਗਿਆ ਸੀ ਅਤੇ ਉਸ ਨੇ ਕਮਿਸ਼ਨ ਕੋਲ ਪਟੀਸ਼ਨ ਦਾਇਰ ਕਰਕੇ ਕਤਲੇਆਮ ਵਿਚ ਹੋਏ ਨੁਕਸਾਨ ਬਾਰੇ ਜਾਣਕਾਰੀ ਦੇਣ ਦੇ ਨਾਲ ਉਸਦੇ ਠੋਸ ਦਸਤਾਵੇਜ਼ ਪੇਸ਼ ਕੀਤੇ ਸਨ। ਪੂਰੀ ਜਾਂਚ ਅਤੇ ਨੁਕਸਾਨ ਦਾ ਮੁਲਾਂਕਣ ਕਰਨ ਤੋਂ ਬਾਅਦ, ਕਮਿਸ਼ਨ ਨੇ ਹਜ਼ਾਰੀਬਾਗ ਦੇ ਡਿਪਟੀ ਕਮਿਸ਼ਨਰ ਨੂੰ ਸਿੱਖ ਕਤਲੇਆਮ ਨਾਲ ਪੀੜਤ ਬਲਵੰਤ ਸਿੰਘ ਨੂੰ 12 ਲੱਖ ਰੁਪਏ ਮੁਆਵਜ਼ੇ ਵਜੋਂ ਦੇਣ ਦੀ ਸਿਫਾਰਸ਼ ਕੀਤੀ।
ਝਾਰਖੰਡ ਸਰਕਾਰ ਵੱਲੋਂ ਫੰਡ ਮੁਹੱਈਆ ਕਰਵਾਉਣ ਤੋਂ ਬਾਅਦ ਹਜ਼ਾਰੀਬਾਗ ਦੇ ਡਿਪਟੀ ਕਮਿਸ਼ਨਰ ਨੇ ਸਰਦਾਰ ਬਲਵਾਨ ਸਿੰਘ ਦੇ ਖਾਤੇ ਵਿੱਚ 12 ਲੱਖ ਰੁਪਏ ਟਰਾਂਸਫਰ ਕਰ ਦਿੱਤੇ ਹਨ । ਇਸ ਸਬੰਧੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਗੰਭੀਰ ਨੇ ਹਜ਼ਾਰੀਬਾਗ ਦੇ ਡਿਪਟੀ ਕਮਿਸ਼ਨਰ ਨੂੰ ਫੋਨ ਕਰਕੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਹਰ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲੇ।