ਗੁਲਜ਼ਾਰ ਗਰੁੱਪ ਆਫ਼ ਇੰਸਟੀਟਿਊਸ਼ਨਸ, ਖੰਨਾ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਨਸ਼ਾ ਵਿਰੋਧ ਥੀਮ ’ਤੇ ਧੂਮਧਾਮ ਨਾਲ ਮਨਾਇਆ। ਇਸ ਸਮਾਗਮ ਦਾ ਮੁੱਖ ਉਦੇਸ਼ ਮਹਿਲਾਵਾਂ ਦੀ ਨਸ਼ੇ ਦੇ ਖ਼ਿਲਾਫ਼ ਲੜਾਈ ਵਿਚ ਅਹਿਮ ਭੂਮਿਕਾ ਨੂੰ ਉਜਾਗਰ ਕਰਨਾ ਅਤੇ ਇੱਕ ਸਿਹਤਮੰਦ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨਾ ਸੀ। ਇਸ ਸਮਾਗਮ ਵਿਚ ਆਈ ਪੀ ਐਸ ਜਗਦਾਲੇ ਨਿਲੰਬਰੀ ਵਿਜੈ, ਡੀ ਆਈ ਜੀ ਲੁਧਿਆਣਾ ਰੇਂਜ, ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦ ਕਿ ਐਸ ਐਸ ਪੀ ਖੰਨਾ ਡਾ. ਜਯੋਤੀ ਯਾਦਵ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦੋਂ ਕਿ ਗੁਲਜ਼ਾਰ ਗਰੁੱਪ ਆਫ਼ ਇੰਸਟੀਟਿਊਸ਼ਨਸ ਦੇ ਐਗਜ਼ੀਕਿਊਟਿਵ ਡਾਇਰੈਕਟਰ ਸ੍ਰੀ ਗੁਰਕੀਰਤ ਸਿੰਘ ਨੇ ਸਮਾਗਮ ਦੀ ਅਗਵਾਈ ਕੀਤੀ।
ਇਸ ਦੌਰਾਨ ਸਮਾਗਮ ਵਿਚ ਵਿਦਿਆਰਥੀਆਂ ਵੱਲੋਂ ਨਸ਼ਾ ਵਿਰੋਧੀ ਥੀਮ ’ਤੇ ਕੇਂਦਰਿਤ ਨਾਟਕ, ਭਾਸ਼ਣ ਅਤੇ ਪੇਸ਼ਕਾਰੀਆਂ ਸ਼ਾਮਲ ਸਨ। ਇਨ੍ਹਾਂ ਪ੍ਰੋਗਰਾਮਾਂ ਨੇ ਨਸ਼ੇ ਦੀ ਲਤ ਦੇ ਵਿਅਕਤੀਗਤ, ਪਰਿਵਾਰਕ ਅਤੇ ਸਮਾਜਿਕ ਪ੍ਰਭਾਵਾਂ ਨੂੰ ਉਜਾਗਰ ਕਰਦੇ ਹੋਏ ਮਹਿਲਾਵਾਂ ਨੂੰ ਬਦਲਾਅ ਦੇ ਕੇਂਦਰ ਵਜੋਂ ਪੇਸ਼ ਕੀਤਾ।
ਇਸ ਮੌਕੇ ਤੇ ਆਪਣੇ ਜਾਗਰੂਕਤਾ ਭਰੇ ਭਾਸ਼ਣ ਵਿਚ ਵਿਦਿਆਰਥੀਆਂ ਨੂੰ ਆਈ ਪੀ ਐਸ ਜਗਦਾਲੇ ਨਿਲੰਬਰੀ ਵਿਜੈ ਨੇ ਨਸ਼ੇ ਦੇ ਖ਼ਿਲਾਫ਼ ਲੜਾਈ ਵਿਚ ਮਹਿਲਾਵਾਂ ਦੀ ਅਹਿਮ ਭੂਮਿਕਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਮਹਿਲਾਵਾਂ ਸਮਾਜ ਦੀ ਰੀੜ੍ਹ ਦੀ ਹੱਡੀ ਹਨ। ਇਸ ਲਈ ਜਾਗਰੂਕਤਾ ਮੁਹਿੰਮਾਂ ਅਤੇ ਪੁਨਰਵਾਸ ਯਤਨਾਂ ਵਿਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਨਸ਼ੇ ਦੇ ਖ਼ਿਲਾਫ਼ ਲੜਾਈ ਵਿਚ ਵੱਡਾ ਬਦਲਾਅ ਲਿਆ ਸਕਦੀ ਹੈ।
ਐਸ ਐਸ ਪੀ ਖੰਨਾ ਨੇ ਨਸ਼ੇ ਨਾਲ ਜੁੜੇ ਮੁੱਦਿਆਂ ਨੂੰ ਹੱਲ ਕਰਨ ਵਿਚ ਸਮਾਜ ਦੇ ਹਰ ਵਰਗ ਦੀ ਹਿੱਸੇਦਾਰੀ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੀ ਭੂਮਿਕਾ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ ਇਸ ਸਮਾਗਮ ਦੇ ਆਯੋਜਨ ਲਈ ਸੰਸਥਾ ਦੀ ਪ੍ਰਸ਼ੰਸਾ ਕੀਤੀ। ਡਾ. ਜਯੋਤੀ ਯਾਦਵ ਨੇ ਆਪਣੇ ਪ੍ਰੇਰਣਾਦਾਇਕ ਭਾਸ਼ਣ ਵਿਚ ਮਹਿਲਾਵਾਂ ਨੂੰ ਆਪਣੇ ਪਰਿਵਾਰਾਂ ਅਤੇ ਸਮਾਜ ਨੂੰ ਨਸ਼ੇ ਦੇ ਖ਼ਤਰਿਆਂ ਬਾਰੇ ਜਾਗਰੂਕ ਕਰਨ ਲਈ ਅਗਵਾਈ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਗੁਲਜ਼ਾਰ ਗਰੁੱਪ ਆਫ਼ ਇੰਸਟੀਟਿਊਸ਼ਨਸ ਦੀ ਸਮਾਜਿਕ ਮੁੱਦਿਆਂ ਨਾਲ ਜੁੜੇ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਦੇ ਆਯੋਜਨ ਲਈ ਪ੍ਰਸ਼ੰਸਾ ਕੀਤੀ।
ਗੁਲਜ਼ਾਰ ਗਰੁੱਪ ਦੇ ਐਗਜ਼ੀਕਿਊਟਿਵ ਡਾਇਰੈਕਟਰ ਗੁਰਕੀਰਤ ਸਿੰਘ ਨੇ ਨਸ਼ੇ ਦੇ ਖ਼ਿਲਾਫ਼ ਲੜਾਈ ਵਿਚ ਮਹਿਲਾਵਾਂ ਅਤੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਦੇ ਮਹੱਤਵ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਜਾਗਰੂਕਤਾ ਨਸ਼ੇ ਦੇ ਖ਼ਿਲਾਫ਼ ਲੜਾਈ ਵਿਚ ਸਾਡੇ ਸਭ ਤੋਂ ਮਜ਼ਬੂਤ ਹਥਿਆਰ ਹਨ। ਮਹਿਲਾਵਾਂ ਨੂੰ ਸਸ਼ਕਤ ਬਣਾ ਕੇ, ਅਸੀਂ ਪੂਰੇ ਸਮਾਜ ਨੂੰ ਇਸ ਸਮਾਜਿਕ ਬੁਰਾਈ ਦੇ ਖ਼ਿਲਾਫ਼ ਖੜ੍ਹਾ ਕਰ ਸਕਦੇ ਹਾਂ।
ਸਮਾਗਮ ਦਾ ਸਮਾਪਨ ਸਾਰੇ ਦਰਸ਼ਕਾਂ ਵੱਲੋਂ ਇੱਕ ਨਸ਼ਾ ਮੁਕਤ ਸਮਾਜ ਦੀ ਦਿਸ਼ਾ ਵਿਚ ਕੰਮ ਕਰਨ ਅਤੇ ਮਹਿਲਾਵਾਂ ਨੂੰ ਇਸ ਮਿਸ਼ਨ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨ ਦੇ ਸੰਕਲਪ ਨਾਲ ਹੋਇਆ।