ਨਵੀਂ ਦਿੱਲੀ- ਪ੍ਰਧਾਨਮੰਤਰੀ ਮਨਮੋਹਨ ਸਿੰਘ ਨੇ ਉਦਯੋਗਿਕ ਅਸੰਤੋਸ਼ ਦੇ ਮਾਮਲਿਆਂ ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਸਰਕਾਰ ਮਜ਼ਦੂਰ ਕਲਿਆਣ ਲਈ ਲੇਬਰ ਕਾਨੂੰਨਾਂ ਵਿੱਚ ਸੁਧਾਰ ਲਿਆਉਣ ਤੇ ਕੰਮ ਕਰ ਰਹੀ ਹੈ।ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰ ਲੇਬਰ ਸੁਧਾਰ ਦੇ ਸਬੰਧ ਵਿੱਚ ਉਨ੍ਹਾਂ ਖੇਤਰਾਂ ਵਿੱਚ ਹੀ ਅੱਗੇ ਵਧੇਗੀ,ਜਿਥੇ ਸੁਧਾਰਾਂ ਤੇ ਆਮ ਸਹਿਮਤੀ ਬਣੀ ਹੈ।
ਪ੍ਰਧਾਨਮੰਤਰੀ ਨੇ ਉਦਯੋਗਿਕ ਵਿਕਾਸ ਵਿੱਚ ਕਰਮਚਾਰੀਆਂ ਅਤੇ ਪ੍ਰਬੰਧਕਾਂ ਵਿੱਚਕਾਰ ਮਜ਼ਬੂਤ ਸਬੰਧਾਂ ਬਾਰੇ ਗੱਲ ਕਰਦੇ ਹੋਏ ਕਿਹਾ ਕਿ ਦੋਵਾਂ ਧਿਰਾਂ ਨੂੰ ਆਪਸੀ ਸਹਿਯੋਗ ਅਤੇ ਗਠਬੰਧਨ ਦੀ ਭਾਵਨਾ ਨਾਲ ਕੰਮ ਕਰਨਾ ਚਾਹੀਦਾ ਹੈ। ਅਜਿਹਾ ਕਰਦੇ ਹੋਏ ਉਨ੍ਹਾਂ ਨੂੰ ਵਿਕਾਸ ਦੇ ਮੁੱਦੇ ਨੂੰ ਨਹੀਂ ਭੁਲਣਾ ਚਾਹੀਦਾ। ਡਾ: ਮਨਮੋਹਨ ਸਿੰਘ ਨੇ ਲੇਬਰ ਪੁਰਸਕਾਰ ਪ੍ਰਦਾਨ ਕਰਦੇ ਹੋਏ ਕਿਹਾ ਕਿ ਹਾਲ ਹੀ ਵਿੱਚ ਉਦਯੋਗਿਕ ਅਸੰਤੋਸ਼ ਦੀਆਂ ਕੁਝ ਘਟਨਾਵਾਂ ਸਾਹਮਣੇ ਆਈਆਂ ਹਨ। ਇਹ ਮੇਰੇ ਲਈ ਗੰਭੀਰ ਚਿੰਤਾ ਦਾ ਵਿਸ਼ਾ ਹਨ ਅਤੇ ਸਾਨੂੰ ਇਸ ਮੁੱਦੇ ਨੂੰ ਬਹੁਤ ਹੀ ਸਮਝਦਾਰੀ ਅਤੇ ਗੰਭੀਰਤਾ ਨਾਲ ਹਲ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਉਦਯੋਗ ਮਾਲਿਕਾਂ ਅਤੇ ਮਜ਼ਦੂਰਾਂ ਦਰਮਿਆਨ ਚੰਗੇ ਸਬੰਧ ਪੈਦਾ ਕਰਨ ਲਈ ਹਰ ਸੰਭਵ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਸਾਡੇ ਲੇਬਰ ਕਾਨੂੰਨ ਬਹੁਤ ਗੁੰਝਲਦਾਰ ਹਨ ਜੋ ਸਾਡੇ ਵਿਕਾਸ ਦੇ ਰਸਤੇ ਵਿੱਚ ਰੁਕਾਵਟਾਂ ਖੜ੍ਹੀਆਂ ਕਰਦੇ ਹਨ। ਪ੍ਰਧਾਨਮੰਤਰੀ ਨੇ ਕਿਹਾ ਕਿ ਸਾਨੂੰ ਸਾਡੀ ਤੇਜ਼ੀ ਨਾਲ ਵਿਕਸਿਤ ਹੋ ਰਹੀ ਅਰਥਵਿਵਸਥਾ ਅਤੇ ਮਜ਼ਦੂਰ ਹਿੱਤਾਂ ਵਿੱਚ ਸੰਤੁਲਨ ਬਣਾਉਣ ਦੀ ਲੋੜ ਹੈ।