ਅੰਮ੍ਰਿਤਸਰ: – ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਪ੍ਰਕਾਸ਼ ਗੁਰਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੜੀ ਸ਼ਰਧਾ-ਭਾਵਨਾ ਨਾਲ 10 ਨਵੰਬਰ ਨੂੰ ਮਨਾਇਆ ਜਾਵੇਗਾ।
ਇਸ ਸਬੰਧੀ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ ਖੱਟੜਾ ਨੇ ਦੱਸਿਆ ਹੈ ਕਿ ਜਦੋਂ ਸੰਸਾਰ ‘ਤੇ ਕੂੜ-ਕੁਸੱਤ ਅਤੇ ਅਧਰਮ ਦਾ ਬੋਲਬਾਲਾ ਸੀ ਤਾਂ ਅਕਾਲ ਪੁਰਖ ਆਪਣੇ ਦਰ ਤੋਂ ਵਰੋਸਾਈ ਹੋਈ ਕਿਸੇ ਆਤਮਾ ਨੂੰ ਧਰਤੀ ‘ਤੇ ਭੇਜਦਾ ਹੈ। ਸੋ ਸਿੱਖ ਧਰਮ ਦੇ ਬਾਨੀ, ਮਾਨਵਤਾ ਦੇ ਮਹਾਨ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਵੀ ਅਜਿਹੇ ਮਨੋਰਥ ਦੀ ਪੂਰਤੀ ਲਈ ਹੋਇਆ ਸੀ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਸਮੇਂ ਵੀ ਜ਼ੁਲਮ, ਅਨਿਆਂ ਅਤੇ ਅਧਰਮ ਦਾ ਇਸ ਧਰਤੀ ‘ਤੇ ਬੋਲਬਾਲਾ ਸੀ। ਉਸ ਵਕਤ ਪਰਉਪਕਾਰੀ ਸਤਿਗੁਰੂ ਚੌਹਾਂ ਉਦਾਸੀਆਂ ਰਾਹੀਂ ਚਾਰੇ ਦਿਸ਼ਾਵਾਂ ਵਿੱਚ ਧਰਮ ਦਾ ਪ੍ਰਸਾਰ ਕੀਤਾ। ਸੋ ਪਰਉਪਕਾਰੀ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 9 ਨਵੰਬਰ ਨੂੰ ਦੁਪਹਿਰ 12.30 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ‘ਚ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਜਾਵੇਗਾ ਜਿਸ ਵਿੱਚ ਵੱਖ-ਵੱਖ ਧਾਰਮਿਕ ਸਭਾ ਸੁਸਾਇਟੀਆਂ, ਸ਼ਬਦੀ ਜਥੇ, ਸਕੂਲੀ ਬੱਚੇ ਵੱਖ-ਵੱਖ ਬੈਂਡ ਪਾਰਟੀਆਂ, ਨਿਹੰਗ ਸਿੰਘ ਜਥੇਬੰਦੀਆਂ, ਟਕਸਾਲਾਂ ਸ਼ਮੂਲੀਅਤ ਕਰਨਗੀਆਂ।
ਇਹ ਨਗਰ ਕੀਰਤਨ ਬ੍ਰਹਮ ਬੂਟਾ ਮਾਰਕੀਟ, ਚੌਕ ਘੰਟਾ ਘਰ, ਬਜ਼ਾਰ ਮਾਈ ਸੇਵਾ, ਬਜ਼ਾਰ ਕਾਠੀਆਂ, ਬਜ਼ਾਰ ਪਾਪੜਾਂ, ਬਜ਼ਾਰ ਬਾਂਸਾਂ ਵਾਲਾ, ਚੌਕ ਛੱਤੀ ਖੂਹੀ, ਚਾਵਲ ਮੰਡੀ, ਚੌਕ ਢਾਬ ਬਸਤੀ ਰਾਮ, ਚੌਕ ਲਛਮਣਸਰ, ਚੌਕ ਮੋਨੀ, ਚੌਕ ਕਰੋੜੀ, ਚੌਕ ਮੰਨਾ ਸਿੰਘ, ਚੌਕ ਪਰਾਗਦਾਸ ਤੋਂ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਤ ਹੋਵੇਗਾ।
10 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਵੇਰੇ 10 ਵਜੇ ਤੋਂ 12 ਵਜੇ ਤੀਕ ਸੁੰਦਰ ਜਲੌ ਸਜਾਏ ਜਾਣਗੇ। ਇਸੇ ਦਿਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਵੇਰੇ ਮੁੱਖਵਾਕ ਦੀ ਕਥਾ ਉਪਰੰਤ ਸਕੂਲੀ ਬੱਚਿਆਂ ਦੇ ਜਥੇ ਕੀਰਤਨ ਕਰਨਗੇ ਅਤੇ ਬੱਚਿਆਂ ਨੂੰ ਗੁਰੂ ਨਾਨਕ ਗੁਰਪੁਰਬ ਕਮੇਟੀ ਵੱਲੋਂ ਇਨਾਮ ਵੀ ਦਿੱਤੇ ਜਾਣਗੇ। ਪ੍ਰਸਿੱਧ ਢਾਡੀ ਕਵੀਸ਼ਰ ਬੀਰ ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਰਾਤ 7 ਵਜੇ ਤੋਂ 9 ਵਜੇ ਤੀਕ ਕੀਰਤਨ ਸਮਾਗਮ ਹੋਵੇਗਾ ਜਿਸ ਵਿੱਚ ਪ੍ਰਸਿੱਧ ਰਾਗੀ ਜਥੇ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਰਾਤ 9 ਵਜੇ ਤੋਂ ਬਾਅਦ ਕਵੀ ਸਮਾਗਮ ਹੋਵੇਗਾ ਜਿਸ ਵਿੱਚ ਉੱਚ ਕੋਟੀ ਦੇ ਕਵੀ-ਜਨ ਹਿੱਸਾ ਲੈਣਗੇ ਅਤੇ ਰਾਤ ਨੂੰ ਦੀਪਮਾਲਾ ਕੀਤੀ ਜਾਵੇਗੀ ਤੇ ਰਹਿਰਾਸ ਦੇ ਪਾਠ ਉਪਰੰਤ ਸੁੰਦਰ ਆਤਿਸ਼ਬਾਜੀ ਚਲਾਈ ਜਾਵੇਗੀ।
ਸਮੂੰਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਮਹਾਨ ਪਰਉਪਕਾਰੀ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 9 ਨਵੰਬਰ ਨੂੰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅਤੇ 10 ਨਵੰਬਰ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰਾਂ ਸਮੇਤ ਹਾਜ਼ਰੀਆਂ ਭਰਦਿਆਂ ਗੁਰਬਾਣੀ ਸਰਵਣ ਕਰਕੇ ਜਨਮ ਸਫ਼ਲਾ ਤੇ ਗੁਰੂ-ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੀਏ।