ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) – ਸੜਕ ਸੁਰੱਖਿਆ ਕਮੇਟੀ ਦੀ ਬੈਠਕ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀ ਸੰਦੀਪ ਰਿਸ਼ੀ ਦੀ ਪ੍ਰਧਾਨਗੀ ਹੇਠ ਹੋਈ। ਬੈਠਕ ਵਿਚ ਜ਼ਿਲ੍ਹਾ ਪੰਚਾਇਤ ਅਤੇ ਵਿਕਾਸ ਅਫ਼ਸਰ ਸ੍ਰੀ ਨਵਲ ਕੁਮਾਰ, ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਦਵਿੰਦਰ ਕੁਮਾਰ, ਟ੍ਰੈਫਿਕ ਪੁਲਿਸ ਤੋਂ ਸ: ਸੁਖਵਿੰਦਰ ਸਿੰਘ, ਬੀ.ਐਫ.ਓ. ਸ: ਤਰਸੇਮ ਸਿੰਘ, ਸ੍ਰੀ ਨਰੇਸ਼ ਪਰੂਥੀ ਆਦਿ ਨੇ ਵੀ ਸਿਰਕਤ ਕੀਤੀ।
ਬੈਠਕ ਵਿਚ ਸ੍ਰੀ ਸੰਦੀਪ ਰਿਸ਼ੀ ਨੇ ਨਿਰਦੇਸ਼ ਦਿੱਤੇ ਕਿ ਆਵਾਜਾਈ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਲੋਕਾਂ ਨੂੰ ਜਾਗਰੁਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੈਰ ਸਰਕਾਰੀ ਸੰਸਥਾਵਾਂ ਤੋਂ ਲੋਕਾਂ ਨੂੰ ਚੇਤਨ ਕਰਨ ਲਈ ਮਦਦ ਲਈ ਜਾਵੇਗੀ। ਉਨ੍ਹਾਂ ਟ੍ਰੈਫਿਕ ਪੁਲਿਸ ਨੂੰ ਕਿਹਾ ਕਿ ਟ੍ਰੈਫਿਕ ਨਿਯਮਾਂ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇ। ਬੀ.ਐਂਡ.ਆਰ. ਅਤੇ ਮੰਡੀ ਬੋਰਡ ਨੂੰ ਨਿਰਦੇਸ਼ ਦਿੱਤੇ ਗਏ ਕਿ ਜਿੱਥੇ ਸੰਪਰਕ ਸੜਕਾਂ ਦਾ ਮੁੱਖ ਸੜਕਾਂ ਨਾਲ ਮੇਲ ਹੁੰਦਾ ਹੈ ਉੱਥੇ ਸੰਪਰਕ ਸੜਕਾਂ ‘ਤੇ ਗਤੀ ਰੋਕੂ ਹੰਪ ਬਣਾਏ ਜਾਣ। ਸਕੂਲ ਵਾਹਨਾਂ ਦੀਆਂ ਵਧ ਰਹੀਆਂ ਦੁਰਘਾਟਨਾਵਾਂ ਦੇ ਮੱਦੇਨਜ਼ਰ ਸਕੂਲਾਂ ਨੂੰ ਅਪੀਲ ਕੀਤੀ ਗਈ ਕਿ ਉਹ ਸਕੂਲ ਵਾਹਨਾਂ ਸਬੰਧੀ ਸੁਪਰੀਮ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਨਹੀਂ ਤਾਂ ਪ੍ਰਸ਼ਾਸਨ ਨੂੰ ਸਖਤ ਕਾਰਵਾਈ ਕਰਨ ਲਈ ਮਜਬੂਰ ਹੋਣਾ ਪਵੇਗਾ।