ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਨਤੀਜਿਆਂ ਨੇ ਸੱਭ ਨੂੰ ਹੈਰਾਨ ਕਰ ਦਿੱਤਾ ਹੈ। ਅਕਾਲੀ-ਭਾਜਪਾ ਗਠਬੰਧਨ ਨੇ ਵਿਧਾਨ ਸਭਾ ਦੀਆਂ 117 ਸੀਟਾਂ ਵਿੱਚੋਂ 68 ਸੀਟਾਂ ਜਿੱਤ ਕੇ ਇਤਿਹਾਸ ਰਚਿਆ ਹੈ। ਅਕਾਲੀਦਲ ਨੇ ਦੂਸਰੀ ਵਾਰ ਪੰਜਾਬ ਦੀ ਸੱਤਾ ਤੇ ਕਬਜ਼ਾ ਜਮਾਇਆ ਹੈ। ਅਕਾਲੀ ਦਲ ਬਾਦਲ ਨੇ 56 ਸੀਟਾਂ ਤੇ ਜਿੱਤ ਹਾਸਿਲ ਕੀਤੀ ਹੈ ਜਦੋਂ ਕਿ ਕਾਂਗਰਸ ਦੇ ਖਾਤੇ ਵਿੱਚ 46 ਸੀਟਾਂ ਗਈਆਂ ਹਨ ਅਤੇ ਭਾਜਪਾ ਨੂੰ 12 ਸੀਟਾਂ ਮਿਲੀਆਂ ਹਨ ਅਤੇ 3 ਸੀਟਾਂ ਅਜਾਦ ਉਮੀਦਵਾਰਾਂ ਦੇ ਖਾਤੇ ਵਿੱਚ ਗਈਆਂ ਹਨ। ਮੁੱਖਮੰਤਰੀ ਪਰਕਾਸ਼ ਸਿੰਘ ਬਾਦਲ ਨੇ ਜਿੱਤ ਦਾ ਸਿਹਰਾ ਆਪਣੇ ਪੁੱਤਰ ਸੁਖਬੀਰ ਸਿੰਘ ਬਾਦਲ ਨੂੰ ਦਿੱਤਾ ਹੈ। ਕਾਂਗਰਸ ਨੇ ਚੋਣ ਨਤੀਜਿਆਂ ਤੇ ਹੈਰਾਨੀ ਪ੍ਰਗਟ ਕੀਤੀ ਹੈ।
ਪੰਜਾਬ ਵਿੱਚ ਪਿੱਛਲੇ ਚਾਰ ਦਹਾਕਿਆਂ ਤੋਂ ਕੋਈ ਵੀ ਪਾਰਟੀ ਲਗਾਤਾਰ ਦੂਸਰੀ ਵਾਰ ਸੱਤਾ ਤੇ ਵਾਪਿਸ ਨਹੀਂ ਆਈ। ਪਰਕਾਸ਼ ਸਿੰਘ ਬਾਦਲ ਨੇ ਆਪਣੇ ਪਿੰਡ ਬਾਦਲ ਵਿੱਚ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ। ਲੰਬੀ ਤੋਂ ਪਰਕਾਸ਼ ਸਿੰਘ ਬਾਦਲ ਨੇ ਆਪਣੇ ਚਚੇਰੇ ਭਰਾ ਕਾਂਗਰਸ ਦੇ ਉਮੀਦਵਾਰ ਮਹੇਸ਼ਇੰਦਰ ਸਿੰਘ ਬਾਦਲ ਨੂੰ 24,739 ਵੋਟਾਂ ਦੇ ਫਰਕ ਨਾਲ ਹਰਾਇਆ। ਸੁਖਬੀਰ ਬਾਦਲ ਨੇ ਵੀ 50,246 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ। ਪਰਗਟ ਸਿੰਘ ਵੀ ਚੋਣ ਜਿੱਤ ਗਏ ਹਨ। ਕੈਪਟਨ ਅਮਰਿੰਦਰ ਸਿੰਘ 42,000 ਵੋਟਾਂ ਦੇ ਫਰਕ ਨਾਲ ਜਿੱਤ ਗਏ ਹਨ। ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਆਪਣੇ ਵਿਰੋਧੀ ਰੱਖੜਾ ਤੋਂ ਚੋਣ ਹਾਰ ਗਏ ਹਨ। ਮਨਪ੍ਰੀਤ ਸਿੰਘ ਬਾਦਲ ਦੋਵਾਂ ਸੀਟਾਂ ਤੋਂ ਚੋਣ ਹਾਰ ਗਏ ਹਨ। ਰਣਜੀਤ ਸਿੰਘ ਬ੍ਰਹਮਪੁਰਾ, ਬਲਵੰਤ ਸਿੰਘ ਰਾਮੂੰਵਾਲੀਆ ਅਤੇ ਉਪਿੰਦਰ ਕੌਰ ਚੋਣ ਹਾਰ ਗਏ ਹਨ।