ਚੰਡੀਗੜ੍ਹ- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਚੋਣ ਨਤੀਜਿਆਂ ਨੂੰ ਅਜੇ ਇੱਕ ਹਫ਼ਤਾ ਵੀ ਨਹੀਂ ਹੋਇਆ ਤੇ ਕੁਝ ਪੁਲਿਸ ਅਧਿਕਾਰੀਆਂ ਨੇ ਕਾਂਗਰਸੀ ਵਰਕਰਾਂ ਨੂੰ ਤੰਗ ਕਰਨਾ ਸ਼ੁਰੂ ਵੀ ਕਰ ਦਿੱਤਾ ਹੈ। ਇਸ ਲਈ ਕੈਪਟਨ ਨੇ ਬਾਦਲ ਨੂੰ ਇਹ ਅਪੀਲ ਕੀਤੀ ਹੈ ਕਿ ਉਹ ਅਜਿਹੇ ਪੁਲਿਸ ਅਧਿਕਾਰੀਆਂ ਤੇ ਲਗਾਮ ਲਗਾਵੇ ਜੋ ਕਿ ਬਦਲੇ ਦੀ ਭਾਵਨਾ ਨਾਲ ਕਾਂਗਰਸੀ ਵਰਕਰਾਂ ਨੂੰ ਪਰੇਸ਼ਾਨ ਕਰ ਰਹੇ ਹਨ। ਉਨ੍ਹਾ ਨੇ ਕਿਹਾ ਕਿ ਉਨ੍ਹਾਂ ਨੂੰ ਸੂਬੇ ਵਿੱਚੋਂ ਰਿਪੋਰਟਾਂ ਮਿਲ ਰਹੀਆਂ ਹਨ ਕਿ ਕਿਸ ਤਰ੍ਹਾਂ ਸਾਡੇ ਵਰਕਰ ਜੁਲਮ ਦਾ ਸ਼ਿਕਾਰ ਹੋ ਰਹੇ ਹਨ। ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਾਦਲ ਆਪਣੇ ਉਸ ਬਿਆਨ ਤੇ ਖਰਾ ਉਤਰਨਗੇ, ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਉਹ ਬਦਲੇ ਦੀ ਭਾਵਨਾ ਨਾਲ ਕੰਮ ਨਹੀਂ ਕਰਨਗੇ। ਕੈਪਟਨ ਨੇ ਕਿਹਾ ਕਿ ਇਹ ਸਿਰਫ਼ ਸ਼ਬਦਾਂ ਵਿੱਚ ਹੀ ਨਹੀਂ, ਸਗੋਂ ਇਸ ਤੇ ਅਸਰ ਵੀ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਜਿੱਤ-ਹਾਰ ਲੋਕਤੰਤਰ ਦਾ ਹਿੱਸਾ ਹੈ। ਕੋਈ ਵੀ ਚੋਣ ਆਖਰੀ ਚੋਣ ਨਹੀਂ ਹੁੰਦੀ ਤੇ ਨਾਂ ਹੀ ਜਿੱਤ ਸਦਾ ਬਣੀ ਰਹਿੰਦੀ ਹੈ। ਇਸ ਲਈ ਸੱਤਾ ਦੇ ਨਸ਼ੇ ਨੂੰ ਸਿਰ ਨਹੀਂ ਚੜ੍ਹਨ ਦੇਣਾ ਚਾਹੀਦਾ। ਜਿੱਤ ਦਾ ਅਰਥ ਇਹ ਨਹੀਂ ਕਿ ਵਿਰੋਧੀਆਂ ਤੇ ਅਤਿਆਚਾਰ ਸ਼ੁਰੂ ਕਰ ਦੇਵੋ।