ਚੰਡੀਗੜ੍ਹ- ਪੰਜਾਬ ਵਿਧਾਨ ਸੱਭਾ ਚੋਣਾਂ ਵਿੱਚ ਕਾਂਗਰਸ ਦੀ ਹੋਈ ਹਾਰ ਕਾਰਣ ਪਾਰਟੀ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਬਗਾਵਤ ਦੇ ਸੁਰ ਉਚੇ ਹੋ ਰਹੇ ਹਨ। ਪਾਰਟੀ ਵਿੱਚ ਬਗਾਵਤ ਤਾਂ ਪਹਿਲਾਂ ਤੋਂ ਹੀ ਚਲੀ ਆ ਰਹੀ ਹੈ ਪਰ ਹੁਣ ਹਾਰੇ ਹੋਏ ਉਮੀਦਵਾਰ ਖੁਲ੍ਹ ਕੇ ਕੈਪਟਨ ਦੇ ਪ੍ਰਧਾਨਗੀ ਪਦ ਤੋਂ ਅਸਤੀਪ਼ੇ ਦੀ ਮੰਗ ਕਰ ਰਹੇ ਹਨ।
ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਹਾਰ ਦੀ ਜਿੰਮੇਵਾਰੀ ਆਪਣੇ ਸਿਰ ਲੈ ਚੁੱਕੇ ਹਨ। ਉਹ ਪਹਿਲਾਂ ਵੀ ਕਹਿ ਚੁੱਕੇ ਹਨ ਕਿ ਜੇ ਪਾਰਟੀ ਹਾਈ ਕਮਾਨ ਕਹੇਗੀ ਤਾਂ ਉਹ ਅਸਤੀਫਾ ਦੇ ਦੇਣਗੇ, ਪਰ ਅਜੇ ਤੱਕ ਉਨ੍ਹਾਂ ਤੋਂ ਅਸਤੀਫੇ ਦੀ ਮੰਗ ਨਹੀਂ ਕੀਤੀ ਗਈ।
ਸੁਨੀਲ ਜਾਖੜ ਨੂੰ ਵਿਧਾਇਕ ਦਲ ਦਾ ਨੇਤਾ ਬਣਾਏ ਜਾਣ ਤੋਂ ਬਾਅਦ ਪਾਰਟੀ ਵਿੱਚ ਜਿਆਦਾ ਸੰਕਟ ਦੇ ਬੱਦਲ ਛਾ ਗਏ ਹਨ। ਜਾਖੜ ਨੂੰ ਵਿਧਾਇਕ ਦਲ ਦਾ ਨੇਤਾ ਬਣਾਉਣ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਹਿਮ ਭੂਮਿਕਾ ਰਹੀ ਹੈ। ਉਹ ਭੱਠਲ ਗਰੁਪ ਨੂੰ ਨੁਕਰੇ ਲਗਾਉਣਾ ਚਾਹੁੰਦੇ ਸਨ। ਭੱਠਲ ਗਰੁਪ ਤੋਂ ਇਲਾਵਾ ਹੋਰ ਧੜੇ ਵੀ ਕੈਪਟਨ ਦੇ ਵਿਰੋਧ ਵਿੱਚ ਖੜੇ ਹੋ ਗਏ ਹਨ। ਸੁਖਪਾਲ ਸਿੰਘ ਖਹਿਰਾ, ਸੁਰਿੰਦਰਪਾਲ ਸੀਬੀਆ ਅਤੇ ਮੰਗਤ ਰਾਮ ਬਾਂਸਲ ਨੇ ਖੁਲ੍ਹ ਕੇ ਅਮਰਿੰਦਰ ਸਿੰਘ ਦੇ ਖਿਲਾਫ਼ ਬਗਾਵਤ ਦਾ ਬਿਗੁਲ ਵਜਾ ਦਿੱਤਾ ਹੈ। ਸੁਨੀਲ ਜਾਖੜ ਦਾ ਕਹਿਣਾ ਹੈ ਕਿ ਹਾਰ ਲਈ ਕਿਸੇ ਵੀ ਇੱਕ ਵਿਅਕਤੀ ਨੂੰ ਜਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ। ਇਸ ਲਈ ਕੇਵਲ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਹਾਰ ਲਈ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ।