ਅੰਮ੍ਰਿਤਸਰ- ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬੱਚਨ ਸਿੰਘ ਜੀ ਨੇ ਪੰਜਾਬ ਦੇ ਮੁੱਖਮੰਤਰੀ ਪਰਕਾਸ਼ ਸਿੰਘ ਬਾਦਲ ਅਤੇ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੂੰ ਇਹ ਹੁਕਮ ਦਿੱਤਾ ਹੈ ਕਿ ਉਹ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਸਬੰਧੀ ਦਿੱਤੇ ਗਏ ਫੈਸਲੇ ਤੇ ਰਾਸ਼ਟਰਪਤੀ ਨੂੰ ਮਿਲਣ। ਸ੍ਰੀ ਅਕਾਲ ਤਖਤ ਸਾਹਿਬ ਤੇ ਸ਼ੁਕਰਵਾਰ ਨੂੰ ਰਾਜੋਆਣਾ ਨੂੰ ਦਿੱਤੀ ਗਈ ਫਾਂਸੀ ਦੀ ਸਜ਼ਾ ਬਾਰੇ ਸਿੱਖ ਜੱਥੇਬੰਦੀਆਂ ਨਾਲ ਕੀਤੇ ਗਏ ਵਿਚਾਰ ਵਟਾਂਦਰੇ ਤੋਂ ਬਾਅਦ ਸਿੰਘ ਸਹਿਬਾਨ ਵੱਲੋਂ ਇਹ ਹੁਕਮ ਸੁਣਾਇਆ ਗਿਆ।
ਸਿੰਘ ਸਹਿਬਾਨ ਨੇ ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੁਕਮ ਜਾਰੀ ਕਰਕੇ ਦੇਸ਼ ਅਤੇ ਵਿਦੇਸ਼ ਦੇ ਸਿੱਖਾਂ ਤੋਂ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਸਬੰਧੀ ਸੁਝਾਅ ਮੰਗੇ ਸਨ। ਸ਼ੁਕਰਵਾਰ ਨੂੰ ਅਕਾਲ ਤਖਤ ਸਾਹਿਬ ਤੇ ਮਿਲੇ ਸੁਝਾਵਾਂ ਤੇ ਲੰਬਾ ਸਮਾਂ ਵਿਚਾਰ ਚਰਚਾ ਚਲੀ ਅਤੇ ਸੱਭ ਕੁਝ ਧਿਆਨ ਵਿੱਚ ਰੱਖਦਿਆਂ ਹੋਇਆਂ ਸਿੰਘ ਸਹਿਬਾਨ ਨੇ ਮੱਕੜ ਅਤੇ ਬਾਦਲ ਨੂੰ ਇਹ ਹੁਕਮ ਸੁਣਾਇਆ, ਤਾਂ ਜੋ ਕੌਮ ਦੇ ਇਸ ਅਨਮੋਲ ਹੀਰੇ ਨੂੰ ਬਚਾਇਆ ਜਾ ਸਕੇ। ਜਿਕਰਯੋਗ ਹੈ ਕਿ ਸ. ਬਲਵੰਤ ਸਿੰਘ ਰਾਜੋਆਣਾ ਨੇ ਇਸ ਫਾਂਸੀ ਦੀ ਸਜ਼ਾ ਨੂੰ ਮਾਫ਼ ਕਰਵਾਉਣ ਲਈ ਅਪੀਲ ਕਰਨ ਤੋਂ ਮਨ੍ਹਾ ਕੀਤਾ ਹੋਇਆ ਹੈ। ਸਿੱਖ ਜੱਥੇਬੰਦੀਆਂ ਨੇ ਇਸ ਤੋਂ ਪਹਿਲਾਂ ਅਕਾਲ ਤਖਤ ਦੇ ਜੱਥੇਦਾਰ ਨੂੰ ਇਹ ਅਪੀਲ ਕੀਤੀ ਸੀ ਕਿ ਉਹ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਬਲਵੰਤ ਸਿੰਘ ਰਾਜੋਆਣਾ ਦੀਆਂ ਭਾਵਨਾਵਾਂ ਦਾ ਖਿਆਲ ਰੱਖਣ।