ਚੰਡੀਗੜ੍ਹ- ਪੰਜਾਬ ਵਿਧਾਨ ਸੱਭਾ ਚੋਣਾਂ ਵਿੱਚ ਕਾਂਗਰਸ ਦੀ ਹਾਰ ਤੋਂ ਬਾਅਦ ਪਾਰਟੀ ਵਿੱਚ ਚੱਲ ਰਹੀ ਖਿਚੋਤਾਣ ਕਰਕੇ ਪਾਰਟੀ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਕੈਪਟਨ ਨੇ ਚੋਣਾਂ ਵਿੱਚ ਹੋਈ ਹਾਰ ਤੇ ਪਾਰਟੀ ਵਿੱਚ ਉਨ੍ਹਾਂ ਦੇ ਖਿਲਾਫ਼ ਉਠ ਰਹੀ ਬਗਾਵਤ ਤੇ ਆਪਣੀ ਸਫਾਈ ਦਿੱਤੀ।
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸਾਰੀ ਜਾਣਕਾਰੀ ਹਾਸਿਲ ਕਰਨ ਤੋਂ ਬਾਅਦ ਜਲਦੀ ਹੀ ਅਗਲੀ ਮੀਟਿੰਗ ਕਰਨ ਦੀ ਗੱਲ ਕੀਤੀ ਹੈ। ਪੰਜਾਬ ਵਿੱਚ ਹਾਰ ਦੇ ਕਾਰਣਾਂ ਦਾ ਪਤਾ ਲਗਾਉਣ ਲਈ ਅਤੇ ਅਗਲੀ ਰਣਨੀਤੀ ਤਿਆਰ ਕਰਨ ਲਈ ਏਆਈਸੀਸੀ ਨੇ ਰੱਖਿਆ ਮੰਤਰੀ ਐਂਟਨੀ,ਮੁੱਖਮੰਤਰੀ ਸ਼ੀਲਾ ਦੀਕਸ਼ਤ ਅਤੇ ਕੇਂਦਰੀ ਮੰਤਰੀ ਸੁਸ਼ੀਲ ਛਿੰਦੇ ਦੀ ਤਿੰਨ ਮੈਂਬਰੀ ਕਮੇਟੀ ਬਣਾਈ ਹੈ। ਇਸ ਕਮੇਟੀ ਨੇ ਸ਼ੁਕਰਵਾਰ ਨੂੰ ਕੈਪਟਨ ਅਮਰਿੰਦਰ ਸਿੰਘ, ਬੀਬੀ ਭੱਠਲ ਅਤੇ ਹੋਰ ਨੇਤਾਵਾਂ ਨਾਲ ਗੱਲਬਾਤ ਕੀਤੀ ਸੀ। ਕੈਪਟਨ ਹੁਣ ਐਂਟਨੀ, ਸ਼ੀਲਾ ਦੀਕਸ਼ਤ ਅਤੇ ਛਿੰਦੇ ਨਾਲ ਵਿਸ਼ੇਸ਼ ਮੁਲਾਕਾਤ ਕਰਨਗੇ। ਪਾਰਟੀ ਦਾ ਕਹਿਣਾ ਹੈ ਕਿ ਅਜੇ ਪੰਜਾਬ ਕਾਂਗਰਸ ਪ੍ਰਧਾਨ ਨੂੰ ਬਦਲਣ ਸਬੰਧੀ ਕੋਈ ਫੈਸਲਾ ਨਹੀਂ ਲਿਆ ਗਿਆ।