ਅੰਮ੍ਰਿਤਸਰ:- ਸਿੱਖ ਜਗਤ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੂਨ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ।
ਰੁਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਗਤੀ ਅਤੇ ਸ਼ਕਤੀ ਦੇ ਪ੍ਰਤੀਕ ਸ੍ਰੀ ਅਕਾਲ ਤਖਤ ਸਾਹਿਬ ਤੇ ਹੋਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਉੱਪਰ ਜੂਨ 1984 ‘ਚ ਸਮੇਂ ਦੀ ਸਰਕਾਰ ਵੱਲੋਂ ਆਪਣੇ ਹੀ ਦੇਸ਼ ਦੀ ਫੌਜ ਕੋਲੋ ਤੋਪਾਂ-ਟੈਕਾਂ ਨਾਲ ਹਮਲਾ ਕਰਵਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾ ਰਹੀਆਂ ਸਿੱਖ ਸੰਗਤਾਂ, ਨੌਜਵਾਨ, ਬਜੁਰਗ, ਬੱਚੇ ਤੇ ਬੱਚੀਆਂ ਨੂੰ ਸ਼ਹੀਦ ਕਰ ਦਿੱਤਾ। ਭਾਰਤੀ ਫੌਜ ਦੀ ਇਸ ਕਾਰਵਾਈ ਦਾ ਡਟਵਾਂ ਵਿਰੋਧ ਕਰਦੇ ਹੋਏ ਦਮਦਮੀ ਟਕਸਾਲ ਦੇ ਮੁੱਖੀ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲੇ, ਆਲ-ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ ਤੇ ਜਨਰਲ ਸ਼ੁਬੇਗ ਸਿੰਘ ਸਮੇਤ ਸੈਂਕੜੇ ਸਿੰਘ ਸ਼ਹੀਦ ਹੋ ਗਏ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਹਨਾਂ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੇ ਹੋਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ, ਜਿੰਨ੍ਹਾਂ ਦਾ ਭੋਗ 6 ਜੂਨ ਨੂੰ ਪਵੇਗਾ। ਉਪਰੰਤ ਰਾਗੀ ਸਿੰਘਾਂ ਵੱਲੋਂ ਇਲਾਹੀ ਗੁਰਬਾਣੀ ਦਾ ਕੀਰਤਨ ਕੀਤਾ ਜਾਵੇਗਾ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕਰਨਗੇ।
ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸ.ਸੁਖਦੇਵ ਸਿੰਘ ਭੂਰਾ ਕੋਹਨਾ ਮੀਤ ਸਕੱਤਰ ਸ਼੍ਰੋਮਣੀ ਕਮੇਟੀ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ.ਕੁਲਵਿੰਦਰ ਸਿੰਘ ਰਮਦਾਸ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀ:ਮੈਨੇਜਰ ਸ. ਬਲਦੇਵ ਸਿੰਘ ਤੋਂ ਇਲਾਵਾ ਵੱਡੀ ਗਿੱਣਤੀ ,ਚ ਸਿੱਖ ਸੰਗਤਾਂ ਮੌਜੂਦ ਸਨ।