ਚੰਡੀਗੜ੍ਹ- ਸਾਬਕਾ ਮੁੱਖਮੰਤਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਾਰਟੀ ਦੇ ਵਰਕਰਾਂ ਨੂੰ ਹੱਲਾਸ਼ੇਰੀ ਦਿੰਦੇ ਹੋਏ ਕਿਹਾ ਹੈ ਕਿ ਐਤਵਾਰ ਨੂੰ ਹੋ ਰਹੀਆਂ ਨਗਰ ਨਿਗਮ ਦੀਆਂ ਚੋਣਾਂ ਵਿੱਚ ਅਕਾਲੀ-ਬੀਜੇਪੀ ਸਰਕਾਰ ਵੱਲੋਂ ਜੇ ਬੂਥ ਕੈਪਚਰਿੰਗ ਜਾਂ ਗੁੰਡਾਗਰਦੀ ਕੀਤੀ ਜਾਂਦੀ ਹੈ ਤਾਂ ਉਸ ਦਾ ਮੂੰਹਤੋੜ ਜਵਾਬ ਦੇਵੋ।ਉਨ੍ਹਾਂ ਨੇ ਕਿਹਾ ਕਿ ਪਾਰਟੀ ਵਰਕਰਾਂ ਨੁੰ ਪਹਿਲਾਂ ਹੀ ਆਪਣੀ ਰਣਨੀਤੀ ਤਿਆਰ ਕਰ ਲੈਣੀ ਚਾਹੀਦੀ ਹੈ ਅਤੇ ਇਸ ਗੁੰਡਾਰਾਜ ਦਾ ਮੁਕਾਬਲਾ ਮਿਲ ਕੇ ਕਰਨਾ ਚਾਹੀਦਾ ਹੈ। ਕੈਪਟਨ ਨੇ ਅਕਾਲੀ ਦਲ ਬਾਦਲ ਅਤੇ ਬੀਜੇਪੀ ਨੇਤਾਵਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇ ਵੋਟਾਂ ਵਾਲੇ ਦਿਨ ਕੋਈ ਵੀ ਅਣ ਸੁਖਾਵੀਂ ਘਟਨਾ ਵਾਪਰੀ ਤਾਂ ਉਸੇ ਢੰਗ ਨਾਲ ਜਵਾਬ ਦਿੱਤਾ ਜਾਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸੀ ਵਰਕਰ ਹੁਣ ਹੋਰ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰਨਗੇ। ਕਾਂਗਰਸੀ ਲੀਡਰਸ਼ਿਪ ਨੂੰ ਇਸ ਸਬੰਧੀ ਪੂਰੀ ਜਾਣਕਾਰੀ ਦੇ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਜੇ ਸਾਡੇ ਕਿਸੇ ਵੀ ਵਰਕਰ ਦੇ ਖਿਲਾਫ਼ ਪੁਲਿਸ ਕੇਸ ਦਰਜ਼ ਕੀਤਾ ਗਿਆ ਤਾਂ ਪੂਰੀ ਸੂਬਾ ਕਾਂਗਰਸ ਉਨ੍ਹਾਂ ਦੇ ਨਾਲ ਖੜ੍ਹੀ ਹੋਵੇਗੀ। ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮੱਦਦ ਮੁਹਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਰਾਜ ਵਿੱਚ ਕਾਨੂੰਨ ਅਵਸਥਾ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਇਸ ਲਈ ਪਾਰਟੀ ਕੋਲ ਹੁਣ ਸਾਹਮਣੇ ਆਕੇ ਮੁਕਾਬਲਾ ਕਰਨ ਤੋਂ ਸਿਵਾ ਹੋਰ ਕੋਈ ਚਾਰਾ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲੋਕਤੰਤਰ ਨੂੰ ਬਚਾਉਣ ਵਾਲੇ ਕਾਂਗਰਸੀ ਨੇਤਾਵਾਂ ਅਤੇ ਵਰਕਰਾਂ ਨੂੰ ਹੌਂਸਲੇ ਅਤੇ ਬਹਾਦਰੀ ਲਈ ਪਾਰਟੀ ਵੱਲੋਂ ਵਿਸ਼ੇਸ਼ ਸਨਮਾਨ ਦਿੱਤਾ ਜਾਵੇਗਾ।