ਸ੍ਰੀ ਮੁਕਤਸਰ ਸਾਹਿਬ,(ਸੁਨੀਲ ਬਾਂਸਲ) ‑ ਮਾਦਾ ਭਰੂਣ ਹੱਤਿਆ ਨੂੰ ਸਖ਼ਤੀ ਨਾਲ ਰੋਕਣ ਵਿਚ ਸਰਕਾਰੀ ਅਫ਼ਸਰਾਂ ਅਤੇ ਕਰਮਚਾਰੀਆਂ ਦੀ ਭੁਮਿਕਾ ਅਹਿਮ ਹੁੰਦੀ ਹੈ ਅਤੇ ਇਸ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਵਿਚ ਸਰਕਾਰੀ ਸੇਵਕਾਂ ਨੂੰ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਇਹ ਗੱਲ ਅੱਜ ਇੱਥੇ ਡਿਪਟੀ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ ਨੇ ਜ਼ਿਲ੍ਹੇ ਦੇ ਵੱਖ‑ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਕਹੀ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਮਾਦਾ ਭਰੂਣ ਹੱਤਿਆ ਰੋਕਣ, ਲਿੰਗਾਤਮਕ ਪੱਖਪਾਤ, ਲਿੰਗ ਚੋਣ ਅਤੇ ਔਰਤਾਂ ਦੇ ਖਿਲਾਫ ਹਿੰਸਾ ਦੇ ਮਾਮਲਿਆਂ ਨੂੰ ਰੋਕਣ ਲਈ ਸਖਤ ਮਿਹਨਤ ਕਰਨ ਦਾ ਪ੍ਰਣ ਵੀ ਦਿਵਾਇਆ।
ਡਿਪਟੀ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ ਨੇ ਕਿਹਾ ਕਿ ਲਿੰਗ ਅਨੁਪਾਤ ਵਿਚ ਸੁਧਾਰ ਲਈ ਲਾਜ਼ਮੀ ਹੈ ਕਿ ਸਮਾਜ ਵਿਚ ਲਿੰਗ ਅਧਾਰਿਤ ਭੇਦਭਾਵ ਅਤੇ ਜੁਰਮਾਂ ਤੇ ਸਖਤੀ ਨਾਲ ਰੋਕ ਲੱਗੇ। ਲੜਕੀਆਂ ਨੂੰ ਵੀ ਅੱਗੇ ਵੱਧਣ ਦੇ ਬਰਾਬਰ ਮੌਕੇ ਮਿਲਣ ਅਤੇ ਦਾਜ ਵਰਗੀਆਂ ਬੁਰਾਈਆਂ ਨੂੰ ਬੰਦ ਕੀਤਾ ਜਾਵੇ। ਇਸ ਲਈ ਸਾਰੇ ਸਬੰਧਤ ਵਿਭਾਗ ਮਾਦਾ ਭਰੂਣ ਹੱਤਿਆ ਰੋਕਣ ਵਿਚ ਆਪਣਾ ਬਣਦਾ ਯੋਗਦਾਨ ਪਾਉਣ। ਬੈਠਕ ਦੌਰਾਨ ਉਨ੍ਹਾਂ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਗਰਭਵਤੀ ਔਰਤਾਂ ਦੀ ਰਜਿਸ਼ਟਰੇਸ਼ਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਉਸ ਤੋਂ ਬਾਅਦ ਲਗਾਤਾਰ ਆਸ਼ਾ ਵਰਕਰ ਗਰਭਵਤੀ ਔਰਤ ਦੇ ਸੰਪਰਕ ਵਿਚ ਰਹੇ ਅਤੇ ਉਸ ਨੂੰ ਸਿਹਤ ਸਹੁਲਤਾਂ ਦੇ ਨਾਲ ਨਾਲ ਜਣੇਪਾ ਸਰਕਾਰੀ ਹਸਪਤਾਲ ਵਿਚ ਕਰਵਾਉਣ ਦੀ ਕੋਸ਼ਿਸ ਕੀਤੀ ਜਾਵੇ। ਇਸੇ ਤਰਾਂ ਅਲਟਰਾ ਸਾਉਂਡ ਸੈਂਟਰਾਂ ਤੇ ਵੀ ਤਿੱਖੀ ਨਜ਼ਰ ਰੱਖੀ ਜਾਵੇ। ਉਨ੍ਹਾਂ ਨੇ ਇਸ ਸਬੰਧੀ ਜਾਗਰੂਕਤਾ ਪੈਦਾ ਕਰਨ ਦੀ ਲੋੜ ਤੇ ਵੀ ਜੋਰ ਦਿੱਤਾ। ਉਨ੍ਹਾਂ ਕਿਹਾ ਕਿ ਮਾਦਾ ਭਰੂਣ ਹੱਤਿਆ ਨਾ ਕੇਵਲ ਸਮਾਜਿਕ ਬੁਰਾਈ ਹੈ ਸਗੋਂ ਇਹ ਕਾਨੂੰਨਨ ਸਜਾ ਯੋਗ ਅਪਰਾਧ ਵੀ ਹੈ।
ਬੈਠਕ ਦੌਰਾਨ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ: ਨਰਿੰਦਰ ਸਿੰਘ ਬਾਠ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ: ਕੁਲਦੀਪ ਸਿੰਘ, ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਸ: ਦਲਵਿੰਦਰਜੀਤ ਸਿੰਘ, ਐਸ.ਡੀ.ਐਮ. ਗਿੱਦੜਬਾਹਾ ਸ੍ਰੀ ਪ੍ਰੇਮ ਚੰਦ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਨਵਲ ਕੁਮਾਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ: ਰਾਜਵਿੰਦਰ ਸਿੰਘ ਗਿੱਲ ਆਦਿ ਵੀ ਹਾਜਰ ਸਨ।