ਅੰਮ੍ਰਿਤਸਰ – ਗੁਜਰਾਤ ਦੇ ਜਾਮਨਗਰ ਸਥਿਤ ਈ.ਐਸ.ਐਸ. ਏ.ਆਰ. ਤੇਲ ਸੋਥਕ ਕਾਰਖਾਨੇ ਵਿੱਚ ਕੰਮ ਕਰਦੇ 300 ਦੇ ਕਰੀਬ ਅੰਮ੍ਰਿਤਧਾਰੀ ਸਿੱਖਾਂ ਨੂੰ ਸਿਰੀ ਸਾਹਿਬ ਪਾ ਕੇ ਕਾਰਖਾਨੇ ਅੰਦਰ ਆਉਂਣ ਤੇ ਲਾਈ ਪਾਬੰਦੀ ਦਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਨੋਟਿਸ ਲੈਂਦਿਆਂ ਇਸ ਨੂੰ ਘੱਟ ਗਿੱਣਤੀ ਨਾਲ ਧੱਕਾ ਤੇ ਗੁਜਰਾਤ ਸਰਕਾਰ ਦਾ ਨਾਦਰਸ਼ਾਹੀ ਫੁਰਮਾਨ ਦੱਸਿਆ ਹੈ।
ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਹਰੇਕ ਅੰਮ੍ਰਿਤਧਾਰੀ ਸਿੰਘ ਲਈ ਕ੍ਰਿਪਾਨ ਉਸਦਾ ਅਨਿੱਖੜਵਾਂ ਅੰਗ ਹੈ ਤੇ ਸਰੀਰ ਨਾਲੋਂ ਇਸ ਨੂੰ ਕਿਸੇ ਵੀ ਕੀਮਤ ਤੇ ਵੱਖ ਨਹੀ ਕੀਤਾ ਜਾ ਸਕਦਾ ਇਸ ਲਈ ਗੁਜਰਾਤ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਨਾਦਰਸ਼ਾਹੀ ਫੁਰਮਾਨ ਨੂੰ ਵਾਪਸ ਲਵੇ। ਜੇਕਰ ਗੁਜਰਾਤ ਸਰਕਾਰ ਅਜਿਹਾ ਨਹੀ ਕਰਦੀ ਤਾਂ ਦੇਸ਼ ਅਤੇ ਵਿਦੇਸ਼ਾ ਵਿੱਚ ਬੈਠੇ ਸਿੱਖ ਭਾਈਚਾਰੇ ਦੀ ਭਾਰੀ ਵਿਰੋਧਤਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਬਹੁ-ਧਰਮੀ ਦੇਸ਼ ਹੈ ਤੇ ਦੇਸ਼ ਦੇ ਸਵਿਧਾਨ ਮੁਤਾਬਿਕ ਹਰੇਕ ਫਿਰਕਾ ਆਪਣੇ-ਆਪਣੇ ਧਰਮ ਤੇ ਰੀਤੀ ਰਿਵਾਜਾਂ ਅਨੁਸਾਰ ਜੀਵਨ ਜੀਉਣ ਦਾ ਹੱਕ ਰੱਖਦਾ ਹੈ। ਦੇਸ਼ ਲਈ ਸਭ ਤੋਂ ਵੱਧ ਕੁਰਬਾਨੀਆਂ ਸਿੱਖਾਂ ਦੇ ਹਿੱਸੇ ਆਈਆਂ ਹਨ ਪਰ ਅਫ਼ਸੋਸ ਦੀ ਗੱਲ ਹੈ ਕਿ ਆਪਣੇ ਹੀ ਦੇਸ਼ ‘ਚ ਕੁਝ ਸਰਕਾਰਾਂ/ਸੰਸਥਾਵਾਂ ਕੋਈ ਨਾ ਕੋਈ ਬਹਾਨਾ ਬਣਾ ਕੇ ਬਿਨ੍ਹਾਂ ਵਜ੍ਹਾ ਸਿੱਖ ਭਾਈਚਾਰੇ ਨੂੰ ਤੰਗ ਪ੍ਰੇਸ਼ਾਨ ਕਰ ਰਹੀਆਂ ਹਨ ਜੋ ਸਰਾਸਰ ਗਲਤ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਮੰਤਰੀ ਗੁਜਰਾਤ ਨੂੰ ਪੱਤਰ ਲਿਖ ਕੇ ਤੁਰੰਤ ਇਸ ਮਸਲੇ ਨੂੰ ਹੱਲ ਕਰਨ ਲਈ ਕਹਿਣਗੇ ਤੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਮੁੱਖ ਮੰਤਰੀ ਪੰਜਾਬ ਸ.ਪ੍ਰਕਾਸ਼ ਸਿੰਘ ਬਾਦਲ ਨੂੰ ਮਿਲਕੇ ਸਾਰਾ ਮਾਮਲਾ ਉਨ੍ਹਾਂ ਦੇ ਧਿਆਨ ‘ਚ ਲਿਆਉਣਗੇ ਤਾਂ ਜੋ ਗੁਜਰਾਤ ਦੇ ਮੁੱਖ ਮੰਤਰੀ ਨਾਲ ਗੱਲਬਾਤ ਕਰਕੇ ਇਸ ਮਾਮਲੇ ਨੂੰ ਹੱਲ ਕਰਵਾਇਆ ਜਾ ਸਕੇ।