ਅੰਮ੍ਰਿਤਸਰ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਪਿਛਲੇ ਦਿਨੀ ਹੋਏ ਧਾਰਮਿਕ ਸਮਾਗਮ ਦੌਰਾਨ ਮਰਯਾਦਾ ਦੇ ਉਲੰਘਣ ਸਬੰਧੀ ਅਖਬਾਰਾਂ ਵਿੱਚ ਆਈਆਂ ਖਬਰਾਂ ਦਾ ਸਖਤ ਨੋਟਿਸ ਲੈਦਿਆਂ, ਇਸ ਮਾਮਲੇ ਦੀ ਘੋਖ ਪੜਤਾਲ ਕਰਨ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ, ਜਿਸ ਵਿੱਚ ਸਿੰਘ ਸਾਹਿਬ ਗਿਆਨੀ ਤਰਲੋਚਨ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਸ.ਨਿਰਮੈਲ ਸਿੰਘ ਜੌਲਾਕਲਾਂ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ ਤੇ ਸ.ਹਰਭਜਨ ਸਿੰਘ ਐਡੀਸ਼ਨਲ ਸਕੱਤਰ ਫਲਾਇੰਗ ਵਿਭਾਗ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਕਮੇਟੀ ਦੇ ਕੋਆਰਡੀਨੇਟਰ ਸ.ਪਰਮਦੀਪ ਸਿੰਘ ਇੰਚਾਰਜ ਸੈਕਸ਼ਨ 85 ਵਿਭਾਗ ਹੋਵੇਗਾ।
ਇਸੇ ਤਰ੍ਹਾਂ ਹੀ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ੋਸ਼ਲ ਵੈਬਸਾਈਟ ਫੇਸਬੁੱਕ ਤੇ ਗੁਰੂ ਸਾਹਿਬਾਨ ਸਬੰਧੀ ਵਰਤੀ ਗਈ ਭੱਦੀ ਸ਼ਬਦਾਵਲੀ ਦਾ ਸਖਤ ਨੋਟਿਸ ਲੈਂਦਿਆਂ ਇਸ ਦੀ ਮੁਕੰਮਲ ਘੋਖ ਪੜਤਾਲ ਕਰਨ ਲਈ ਦੋ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।
ਸ਼੍ਰੋਮਣੀ ਕਮੇਟੀ ਤੋਂ ਜਾਰੀ ਇੱਕ ਪ੍ਰੈਸ ਨੋਟ ਵਿੱਚ ਦੱਸਿਆ ਗਿਆ ਕਿ ਜਥੇਦਾਰ ਅਵਤਾਰ ਸਿੰਘ ਨੇ ਇਤਰਾਜਯੋਗ ਵੈਬਸਾਈਟ ਵਿਰੁੱਧ ਪੜਤਾਲ ਕਰਨ ਲਈ ਬੀਬੀ ਕਿਰਨਜੋਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਤੇ ਸ.ਗੁਰਵਿੰਦਰਪਾਲ ਸਿੰਘ ਕਾਦੀਆਂ ਮੈਂਬਰ ਸ਼੍ਰੋਮਣੀ ਕਮੇਟੀ ਤੇ ਅਧਾਰਤ ਕਮੇਟੀ ਕਾਇਮ ਕੀਤੀ ਗਈ ਹੈ, ਜਿਸ ਦੇ ਕੋਆਰਡੀਨੇਟਰ ਸ.ਜਸਪਾਲ ਸਿੰਘ ਐਡਮਨਿਸਟ੍ਰੇਟਰ ਇੰਟਰਨੈਟ ਵਿਭਾਗ ਸ਼੍ਰੋਮਣੀ ਕਮੇਟੀ ਹੋਵੇਗਾ। ਇਹ ਕਮੇਟੀ ਨੂੰ ਜਲਦ ਹੀ ਪੜਤਾਲ ਕਰਕੇ ਰੀਪੋਰਟ ਕਰਨ ਲਈ ਕਿਹਾ ਗਿਆ ਹੈ।