ਲੁਧਿਆਣਾ:-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਗੋਲਡਨ ਜੁਬਲੀ ਵਰ੍ਹੇ ਨੂੰ ਸਮਰਪਿਤ ਅੰਤਰ-ਕਾਲਜ ਯੁਵਕ ਮੇਲੇ ਦੀ ਸ਼ੁਰੂਆਤ ਕੋਲਾਜ ਬਨਾਉਣ, ਰਚਨਾਤਮਕ ਲਿਖਤਾਂ ਅਤੇ ਕਾਰਟੂਨ ਬਨਾਉਣ ਦੇ ਮੁਕਾਬਲਿਆਂ ਨਾਲ ਸ਼ੁਰੂ ਹੋਈ, ਜਿਸ ਵਿੱਚ ਯੂਨੀਵਰਸਿਟੀ ਦੇ ਖੇਤੀਬਾੜੀ ਕਾਲਜ, ਹੋਮ ਸਾਇੰਸ ਕਾਲਜ, ਖੇਤੀਬਾੜੀ ਇੰਜੀਨੀਅਰਿੰਗ ਅਤੇ ਤਕਨਾਲੋਜੀ ਕਾਲਜ ਅਤੇ ਬੇਸਿਕ ਸਾਇੰਸਜ਼ ਅਤੇ ਹਿਊਮੈਨਟੀਜ਼ ਕਾਲਜ ਦੇ ਵਿਦਿਆਰਥੀਆ ਨੇ ਵਧ ਚੜ ਕੇ ਹਿੱਸਾ ਲਿਆ। ਇਸ ਮੌਕੇ ਡਾ: ਪੀ ਕੇ ਖੰਨਾ, ਵਾਈਸ ਚਾਂਸਲਰ ਦੇ ਤਕਨੀਕੀ ਸਲਾਹਕਾਰ ਅਤੇ ਕਾਰਜਕਾਰੀ ਰਜਿਸਟਰਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੰਦਿਆਂ ਡਾ: ਖੰਨਾ ਨੇ ਕਿਹਾ ਕਿ ਇਨ੍ਹਾਂ ਯੁਵਕ ਮੇਲਿਆਂ ਵਿੱਚ ਆਪਣੀ ਕਲਾ ਦੇ ਜ਼ੌਹਰ ਦਿਖਾਉਣ ਲਈ ਵਿਦਿਆਰਥੀਆਂ ਨੂੰ ਵਧ ਚੜ ਕੇ ਹਿੱਸਾ ਲੈਣਾ ਚਾਹੀਦਾ ਹੈ ਕਿਉਂਕਿ ਇਸ ਨਾਲ ਉਨ੍ਹਾਂ ਵਿਚਲੀ ਪ੍ਰਤਿਭਾ ਦਾ ਵਿਕਾਸ ਹੁੰਦਾ ਹੈ, ਜੋ ਉਨ੍ਹਾਂ ਦੀ ਭਵਿੱਖਮਈ ਜ਼ਿੰਦਗੀ ਨੂੰ ਸੁਨਹਿਰਾ ਬਨਾਉਣ ਵਿੱਚ ਮਦਦਗਾਰ ਹੁੰਦਾ ਹੈ। ਇਸ ਮੌਕੇ ਡਾ: ਦਵਿੰਦਰ ਸਿੰਘ ਚੀਮਾ, ਨਿਰਦੇਸ਼ਕ ਵਿਦਿਆਰਥੀ ਭਲਾਈ ਨੇ ਕਿਹਾ ਕਿ ਯੁਵਕ ਗਤੀਵਿਧੀਆਂ ਨਾਲ ਜੁੜੇ ਇਹ ਸਭਿਆਚਾਰਕ ਮੇਲੇ ਵਿਦਿਆਰਥੀਆਂ ਦੀ ਸੋਚ ਨੂੰ ਵਿਸ਼ਾਲ ਕਰਦੇ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਯੂਨੀਵਰਸਿਟੀ ਵਿੱਚ ਵਿਗਿਆਨਿਕ ਵਿਸ਼ਿਆਂ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਲਈ ਇਹ ਸਭਿਆਚਾਰਕ ਮੇਲੇ ਨਿਸ਼ਚੈ ਹੀ ਉਨ੍ਹਾਂ ਦੇ ਅਕਾਦਮਿਕ ਸਫ਼ਰ ਵਿੱਚ ਰੰਗੀਨੀ ਭਰਦੇ ਹਨ। ਉਨ੍ਹਾਂ ਦੱਸਿਆ ਕਿ ਇਸ ਯੁਵਕ ਮੇਲੇ ਦਾ ਰਸਮੀ ਉਦਘਾਟਨ 22 ਅਕਤੂਬਰ ਨੂੰ ਧੂਮ ਧੜੱਕੇ ਨਾਲ ਹੋਵੇਗਾ, ਜਿਸ ਦਾ ਨਜ਼ਾਰਾ ਵੇਖਣਯੋਗ ਹੋਵੇਗਾ।