ਅੰਮ੍ਰਿਤਸਰ:- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼-ਪੁਰਬ ਮਨਾਉਣ ਲਈ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੇ ਹੋਰ ਇਤਿਹਾਸਕ ਸਥਾਨਾਂ ਦੇ ਦਰਸ਼ਨ ਦੀਦਾਰ ਕਰਨ 25 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਲਈ ਪੁਖਤਾ ਪ੍ਰਬੰਧ ਕਰਨ ਲਈ ਬੀਤੇ ਦਿਨ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਮਾਣਯੋਗ ਡਾਕਟਰ ਮਨਮੋਹਨ ਸਿੰਘ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਜਨਾਬ ਰਜਾ ਪ੍ਰਵੇਜ ਆਸਿਫ ‘ਤੇ ਦਿੱਲੀ ਸਥਿਤ ਹਾਈ ਕਮਿਸ਼ਨ ਨੂੰ ਪੱਤਰ ਲਿਖੇ ਗਏ ਹਨ।
ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਬੀਤੇ ਕੁਝ ਦਿਨਾਂ ਤੋਂ ਮੀਡੀਏ ਵਿੱਚ ਪ੍ਰਕਾਸ਼ਤ ਖਬਰਾਂ ਅਨੁਸਾਰ ਪਾਕਿਸਤਾਨ ‘ਚ ਕੁਝ ਕੱਟੜ ਪੰਥੀ ਸੰਗਠਨਾ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼-ਪੁਰਬ ਮਨਾਉਣ ਜਾਣ ਵਾਲੇ ਸਿੱਖ ਸ਼ਰਧਾਲੂਆਂ ਉੱਪਰ ਹਮਲਾ ਕਰਨ ਦੀਆਂ ਪ੍ਰਕਾਸ਼ਿਤ ਹੋਈਆਂ ਖਬਰਾਂ ਨੂੰ ਮੱਦੇ ਨਜ਼ਰ ਰੱਖਦਿਆਂ ਭਾਰਤ ਅਤੇ ਪਾਕਿਸਤਾਨ ਦੇ ਮਾਨਯੋਗ ਪ੍ਰਧਾਨ ਮੰਤਰੀਆਂ ਨੂੰ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਲਈ ਪੁਖਤਾ ਪ੍ਰਬੰਧ ਕਰਨ/ਕਰਵਾਉਣ ਵਾਸਤੇ ਪੱਤਰ ਲਿਖੇ ਗਏ ਹਨ।
ਉਨ੍ਹਾਂ ਕਿਹਾ ਕਿ ਨਿਰਧਾਰਤ ਪ੍ਰੋਗਰਾਮ ਅਨੁਸਾਰ 25 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼-ਪੁਰਬ ਮਨਾਉਣ ਲਈ ਜਥੇਦਾਰ ਜੰਗ ਬਹਾਦਰ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ ਦੀ ਅਗਵਾਈ ‘ਚ ਜਥਾ ਪਾਕਿਸਤਾਨ ਜਾਵੇਗਾ ਜੋ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਤੇ ਹੋਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 4 ਦਸੰਬਰ ਨੂੰ ਵਾਪਸ ਦੇਸ਼ ਪਰਤ ਆਵੇਗਾ।