ਅੰਮ੍ਰਿਤਸਰ:- ਜਦੋਂ ਸੰਸਾਰ ਤੇ ਕੂੜ-ਕੁਸੱਤ ਅਤੇ ਅਧਰਮ ਦਾ ਬੋਲਬਾਲਾ ਸੀ ਤਾਂ ਅਕਾਲ ਪੁਰਖ ਆਪਣੇ ਦਰ ਤੋਂ ਵਰੋਸਾਈ ਹੋਈ ਕਿਸੇ ਆਤਮਾ ਨੂੰ ਧਰਤੀ ਤੇ ਭੇਜਦਾ ਹੈ। ਸਿੱਖ ਧਰਮ ਦੇ ਬਾਨੀ, ਮਾਨਵਤਾ ਦੇ ਮਹਾਨ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਵੀ ਅਜਿਹੇ ਮਨੋਰਥ ਦੀ ਪੂਰਤੀ ਲਈ ਹੋਇਆ ਸੀ। ਇਤਿਹਾਸ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਸਮੇਂ ਵੀ ਜ਼ੁਲਮ, ਅਨਿਆਂ ਅਤੇ ਅਧਰਮ ਦਾ ਇਸ ਧਰਤੀ ਤੇ ਬੋਲਬਾਲਾ ਸੀ। ਉਸ ਵਕਤ ਪਰਉਪਕਾਰੀ ਸਤਿਗੁਰੂ ਚੌਹਾਂ ਉਦਾਸੀਆਂ ਰਾਹੀਂ ਚਾਰੇ ਦਿਸ਼ਾਵਾਂ ਵਿੱਚ ਧਰਮ ਦਾ ਪ੍ਰਸਾਰ ਕੀਤਾ। ਪਰਉਪਕਾਰੀ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ‘ਚ ਵਿਸ਼ਾਲ ਨਗਰ-ਕੀਰਤਨ ਆਯੋਜਿਤ ਕੀਤਾ ਗਿਆ। ਫੁੱਲਾਂ ਨਾਲ ਸੱਜੀ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜੀ ਚੌਰ ਸਾਹਿਬ ਦੀ ਸੇਵਾ ਕਰ ਰਹੇ ਸਨ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਸ. ਹਰਜਾਪ ਸਿੰਘ ਸੁਲਤਾਨਵਿੰਡ ਮੈਂਬਰ ਸ਼੍ਰੋਮਣੀ ਕਮੇਟੀ, ਸ. ਤਰਲੋਚਨ ਸਿੰਘ ਸਕੱਤਰ, ਸ. ਮਨਜੀਤ ਸਿੰਘ, ਸ.ਮਹਿੰਦਰ ਸਿੰਘ ਆਹਲੀ, ਸ. ਹਰਭਜਨ ਸਿੰਘ ਤੇ ਸ. ਦਿਲਬਾਗ ਸਿੰਘ ਐਡੀਸ਼ਨਲ ਸਕੱਤਰ, ਸ. ਦਿਲਜੀਤ ਸਿੰਘ ਬੇਦੀ, ਸ. ਹਰਭਜਨ ਸਿੰਘ ਮਨਾਵਾਂ, ਸ. ਕੁਲਦੀਪ ਸਿੰਘ, ਸ.ਬਲਵੀਰ ਸਿੰਘ, ਸ.ਬਲਵਿੰਦਰ ਸਿੰਘ ਜੌੜਾ, ਸ.ਗੁਰਚਰਨ ਸਿੰਘ ਘਰਿੰਡਾ ਤੇ ਸ. ਰਣਜੀਤ ਸਿੰਘ ਮੀਤ ਸਕੱਤਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸਰਾਵਾਂ ਸ. ਪ੍ਰਤਾਪ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ ਵਿਭਾਗ, ਸ. ਕਰਮਬੀਰ ਸਿੰਘ, ਸ.ਹਰਜਿੰਦਰ ਸਿੰਘ, ਸ.ਸੁਖਬੀਰ ਸਿੰਘ ਮੂਲੇਚੱਕ ਤੇ ਸ.ਗੁਰਮੀਤ ਸਿੰਘ ਇੰਚਾਰਜ, ਸ. ਹਰਮਿੰਦਰ ਸਿੰਘ ਮੂਧਲ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਸ. ਸੁਖਦੇਵ ਸਿੰਘ ਤਲਵੰਡੀ, ਸ.ਸਤਨਾਮ ਸਿੰਘ ਮਾਂਗਾਸਰਾਏ ਤੇ ਸ. ਗੁਰਿੰਦਰ ਸਿੰਘ ਮਥਰੇਵਾਲ ਐਡੀਸ਼ਨਲ ਮੈਨੇਜਰ, ਸ. ਮੰਗਲ ਸਿੰਘ, ਸ. ਸੁਖਰਾਜ ਸਿੰਘ ਤੇ ਸ.ਭੁਪਿੰਦਰ ਸਿੰਘ ਮੀਤ ਮੈਨੇਜਰ, ਸਕੂਲਾਂ/ਕਾਲਜਾਂ ਦੇ ਵਿਦਿਆਰਥੀ, ਸਿੰਘ ਸਭਾਵਾਂ, ਟਕਸਾਲਾਂ, ਧਾਰਮਿਕ ਸਭਾ-ਸੁਸਾਇਟੀਆਂ, ਨਿਹੰਗ ਸਿੰਘ ਜਥੇਬੰਦੀਆਂ, ਗਤਕਾ ਪਾਰਟੀਆਂ ਤੇ ਵੱਖ-ਵੱਖ ਬੈਂਡ ਪਾਰਟੀਆਂ, ਸਕੂਲੀ ਬੈਂਡ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੁੱਚੇ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ ‘ਚ ਪੈਦਲ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਇਹ ਨਗਰ ਕੀਰਤਨ ਬ੍ਰਹਮ ਬੂਟਾ ਮਾਰਕੀਟ, ਮਾਹਣਾ ਸਿੰਘ ਰੋਡ, ਸੱਟੀ ਬਜ਼ਾਰ, ਕਟੜਾ ਆਹਲੂਵਾਲੀਆ, ਚੌਂਕ ਘੰਟਾ ਘਰ, ਬਜ਼ਾਰ ਮਾਈ ਸੇਵਾ, ਬਜ਼ਾਰ ਕਾਠੀਆਂ, ਬਜ਼ਾਰ ਪਾਪੜਾਂ, ਬਜ਼ਾਰ ਬਾਂਸਾਂ ਵਾਲਾ, ਚੌਂਕ ਛੱਤੀ ਖੁਹੀ, ਚਾਵਲ ਮੰਡੀ, ਚੌਂਕ ਢਾਬ ਵਸਤੀਰਾਮ, ਚੌਂਕ ਲਛਮਣਸਰ, ਚੌਂਕ ਮੋਨੀ, ਚੌਂਕ ਕਰੋੜੀ, ਚੌਂਕ ਬਾਬਾ ਸਾਹਿਬ, ਚੌਕ ਪਰਾਗਦਾਸ ਤੋਂ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਤ ਹੋਇਆ।
28 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਵੇਰੇ 10 ਵਜੇ ਤੋਂ 12 ਵਜੇ ਤੀਕ ਸੁੰਦਰ ਜਲੌ ਸਜਾਏ ਜਾਣਗੇ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਵੇਰੇ ਮੁੱਖਵਾਕ ਦੀ ਕਥਾ ਉਪਰੰਤ ਸਕੂਲੀ ਬੱਚਿਆਂ ਦੇ ਜਥੇ ਕੀਰਤਨ ਕਰਨਗੇ ਅਤੇ ਬੱਚਿਆਂ ਨੂੰ ਗੁਰੂ ਨਾਨਕ ਗੁਰਪੁਰਬ ਕਮੇਟੀ ਵੱਲੋਂ ਇਨਾਮ ਵੀ ਦਿੱਤੇ ਜਾਣਗੇ। ਪ੍ਰਸਿੱਧ ਢਾਡੀ ਕਵੀਸ਼ਰ ਬੀਰ ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਰਾਤ 7 ਵਜੇ ਤੋਂ 9 ਵਜੇ ਤੀਕ ਕੀਰਤਨ ਸਮਾਗਮ ਹੋਵੇਗਾ ਜਿਸ ਵਿੱਚ ਪ੍ਰਸਿੱਧ ਰਾਗੀ ਜਥੇ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਰਾਤ 9 ਵਜੇ ਤੋਂ ਬਾਅਦ ਕਵੀ ਸਮਾਗਮ ਹੋਵੇਗਾ ਜਿਸ ਵਿੱਚ ਉੱਚ ਕੋਟੀ ਦੇ ਕਵੀ-ਜਨ ਹਿੱਸਾ ਲੈਣਗੇ, ਰਾਤ ਨੂੰ ਦੀਪਮਾਲਾ ਕੀਤੀ ਜਾਵੇਗੀ ਤੇ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਮਨਮੋਹਕ ਆਤਿਸ਼ਬਾਜੀ ਵੀ ਚਲਾਈ ਜਾਵੇਗੀ।
ਸਮੂੰਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਮਹਾਨ ਪਰਉਪਕਾਰੀ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰਾਂ ਸਮੇਤ ਹਾਜ਼ਰੀਆਂ ਭਰਦਿਆਂ ਗੁਰਬਾਣੀ ਸਰਵਣ ਕਰਕੇ ਜਨਮ ਸਫ਼ਲਾ ਤੇ ਗੁਰੂ-ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੀਏ।