ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕਤੱਰ ਜਨਰਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ. ਹਰਵਿੰਦਰ ਸਿੰਘ ਸਰਨਾ ਨੇ ਇਥੇ ਦਸਿਆ ਕਿ ਪਾਕਿਸਤਾਨ ਦੇ ਗੁਰਦੁਆਰਿਆਂ ਦੀ ਸੇਵਾ-ਸੰਭਾਲ ਦੀ ਜ਼ਿਮੇਂਦਾਰੀ ਨਿਭਾ ਰਹੇ ਪਾਕਿਸਤਾਨ ਵਕਫ ਬੋਰਡ ਅਤੇ ਪਕਿਸਤਾਨ ਸਰਕਾਰ ਨੇ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਅਤੇ ਗੁਰਦੁਆਰਾ ਬੇਰ ਸਾਹਿਬ ਦੀ ਸੇਵਾ ਕਰਵਾਉਣ ਦੀ ਜ਼ਿਮੇਂਦਾਰੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੂੰ ਸੌਂਪਣ ਦਾ ਫੈਸਲਾ ਕੀਤਾ ਹੈ। ਸ. ਹਰਵਿੰਦਰ ਸਿੰਘ ਸਰਨਾ ਨੇ ਦਸਿਆ ਕਿ ਪਾਕਿਸਤਾਨ ਸਰਕਾਰ ਅਤੇ ਪਾਕਿਸਤਾਨ ਵਕਫ ਬੋਰਡ ਦੇ ਮੁਖੀਆਂ ਵਲੋਂ ਆਪਣੇ ਇਸ ਫੈਸਲੇ ਦੀ ਜਾਣਕਾਰੀ, ਸ਼੍ਰੋਮਣੀ ਅਕਾਲੀ ਦਲ ਦਿੱਲੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੂੰ ਉਸ ਸਮੇਂ ਦਿੱਤੀ ਗਈ ਜਦੋਂ ਉਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੀਆਂ ਸਰਗਰਮੀਆਂ ਦੀ ਅਰੰਭਤਾ ਕਰਨ ਤੋਂ ਪਹਿਲਾਂ ਗੁਰੂ ਚਰਨਾਂ ਵਿਚ ਅਰਦਾਸ ਕਰ ਮਾਰਗ-ਦਰਸ਼ਨ ਅਤੇ ਆਸ਼ੀਰਵਾਦ ਲੈਣ ਲਈ ਸ੍ਰੀ ਨਨਕਾਣਾ ਸਾਹਿਬ ਜਾਂਦੇ ਹੋਏ, ਥੋੜੀ ਦੇਰ ਲਈ ਲਾਹੋਰ ਵਿਖੇ ਰੁਕੇ। ਸ. ਹਰਵਿੰਦਰ ਸਿੰਘ ਸਰਨਾ ਨੇ ਦਸਿਆ ਕਿ ਇਸਤੋ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਜਨਮ ਅਸਥਾਨ ਦੀ ਸੇਵਾ ਕਰਵਾਈ ਜਾ ਚੁਕੀ ਹੈ ਅਤੇ ਇਸਤੋਂ ਇਲਾਵਾ ਨਨਕਾਣਾ ਸਾਹਿਬ ਵਿਖੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਦੀ ਰਿਹਾਇਸ਼ ਲਈ ਆਧੁਨਿਕ ਸਹੂਲਤਾਂ ਨਾਲ ਲੈਸ ਸਰਾਂ ਦੀ ਉਸਾਰੀ ਕਰਵਾਉਣ, ਸਰੋਵਰ ਤੇ ਗੁਰਦੁਆਰਾ ਪੰਜਾ ਸਾਹਿਬ ਦੀ ਸੇਵਾ ਵਿਚ ਵੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਵਲੋਂ ਯੋਗਦਾਨ ਪਾਇਆ ਗਿਆ ਹੈ।
ਉਨ੍ਹਾਂ ਦਸਿਆ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਵਲੋਂ ਕੇਵਲ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਿਆਂ ਦੀ ਸੇਵਾ ਕਰਵਾਣ ਵਿਚ ਹੀ ਯੋਗਦਾਨ ਨਹੀਂ ਪਾਇਆ ਗਿਆ ਤੇ ਪਾਇਆ ਜਾ ਰਿਹਾ, ਸਗੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਪ੍ਰਬੰਧਕੀ ਜ਼ਿਮੇਂਦਾਰੀਆਂ ਸੰਭਾਲਣ ਤੋਂ ਉਪਰੰਤ ਉਸਦੇ ਮੁਖੀਆਂ ਵਲੌਨ ਦਿੱਲੀ ਦੇ ਇਤਿਹਾਸਕ ਗੁਰਦੁਆਰਿਆਂ ਦੀ ਦਿਖ ਸੰਵਾਰਨ, ਸੰਗਤਾਂ ਲਈ ਸਹੂਲਤਾਂ ਦਾ ਵਿਸਥਾਰ ਕਰਨ, ਗੁਰਦੁਆਰਾ ਬੰਗਲਾ ਸਾਹਿਬ, ਗੁਰਦੁਆਰਾ ਰਕਾਬ ਗੰਜ ਸਾਹਿਬ ਆਦਿ ਇਤਿਹਾਸਿਕ ਗੁਰਦੁਆਰਾ ਸਾਹਿਬਾਨ ਵਿਖੇ ਵੀ ਬਾਹਰੋਂ ਆਉਣ ਵਾਲੀਆਂ ਸੰਗਤਾਂ ਲਈ ਆਧੁਨਿਕ ਸਹੂਲਤਾਂ ਨਾਲ ਲੈਸ ਨਿਵਾਸਾਂ ਦਾ ਨਿਰਮਾਣ ਕਰਵਾਇਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਮੁਖੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਪ੍ਰਬੰਧਕੀ ਅਤੇ ਦੇਸ਼ ਵਿਦੇਸ਼ ਵਿੱਚ ਵਸਦੇ ਸਿੱਖਾਂ ਦੇ ਹਿਤਾਂ-ਅਧਿਕਾਰਾਂ ਦੀ ਰਖਿਆ ਕਰਨ ਪ੍ਰਤੀ ਆਪਣੀਆਂ ਜ਼ਿਮੇਂਦਾਰੀਆਂ ਨੂੰ ਨਿਭਾਣ ਪ੍ਰਤੀ ਪੂਰੀ ਤਰ੍ਹਾਂ ਜਾਗਰੂਕ ਹਨ।