ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਅਤੇ ਗੁਰਦੁਆਰਾ ਚੋਣ ਹਲਕਾ ਪੰਜਾਬੀ ਬਾਗ ਤੋਂ ਪਾਰਟੀ ਉਮੀਦਵਾਰ ਸ੍ਰ. ਪਰਮਜੀਤ ਸਿੰਘ ਸਰਨਾ ਦੇ ਹੱਕ ਵਿੱਚ ਗੁਰੁ ਹਰਿਕ੍ਰਿਸ਼ਨ ਨਗਰ ਵਿਖੇ ਵਿਸ਼ਾਲ ਚੋਣ ਜਲਸੇ ਦਾ ਆਯੋਜਨ ਕੀਤਾ ਗਿਆ।ਇਸ ਚੋਣ ਜਲਸੇ ਵਿੱਚ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ,ਬੀਬੀ ਸੁਰਜੀਤ ਕੌਰ ਬਰਨਾਲਾ,ਕਾਂਗਰਸ ਵਿਧਾਇਕ ਮਾਸਟਰ ਬਿਜੇਂਦਰ ਸਿੰਘ, ਗਗਨਜੀਤ ਸਿੰਘ ਬਰਨਾਲਾ ਅਤੇ ਹਰਵਿੰਦਰ ਸਿੰਘ ਸਰਨਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਨੇ ਹਾਜ਼ਰੀ ਭਰੀ।ਮਹਾਰਾਣੀ ਪਰਨੀਤ ਕੌਰ ਨੇ ਕਿਹਾ ਕਿ ਬਾਦਲ ਦਲ ਨੇ ਪੰਜਾਬ ਵਿੱਚ ਸ਼ਰਾਬ ਅਤੇ ਪੈਸੇ ਦੀ ਦੁਰਵਰਤੋਂ ਕਰਕੇ ਚੋਣਾਂ ਜਿੱਤੀਆਂ ਸਨ ਅਤੇ ਉਹੋ ਤਜ਼ਰਬਾ ਉਹ ਹੁਣ ਦਿੱਲੀ ਵਿੱਚ ਦੁਹਰਾਉਣਾ ਚਾਹੁੰਦੇ ਹਨ।ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਸ਼੍ਰੌਮਣੀ ਕਮੇਟੀ ਦੇ ਫੰਡਾਂ ਦੀ ਗਲਤ ਵਰਤੋਂ ਕਰਕੇ ਬਾਦਲ ਦਲ ਦੇ ਆਗੂਆਂ ਨੂੰ ਲਾਭ ਪਹੁੰਚਾਇਆ ਜਾਂਦਾ ਹੈ।ਉਨ੍ਹਾਂ ਨੇ ਕਿਹਾ ਕਿ ਸਰਨਾ ਦੀ ਬੇਨਤੀ ਤੇ ਹੀ ਉਨ੍ਹਾਂ ਨੇ ਵਿਦੇਸ਼ੀ ਸਿੱਖਾਂ ਦੀ ਕਾਲੀ ਸੂਚੀ ਨੂੰ ਖਤਮ ਕੀਤਾ।ਸਰਨਾ ਭਰਾਵਾਂ ਨੇ ਕਿਹਾ ਕਿ ਜੋ ਵਾਅਦੇ ਬਾਦਲ ਦਲ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਕੀਤੇ ਹਨ, ਉਸ ਤਰ੍ਹਾਂ ਦੇ ਵਾਅਦੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵਿੱਚ ਕਿਉਂ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਅਕਾਲ ਤਖਤ ਸਾਹਿਬ ਤੇ ਅਸੀਂ ਨਿਮਾਣੇ ਸਿੱਖ ਵਜੋਂ ਪੇਸ਼ ਹੋ ਕੇ ਹਰ ਵਾਰ ਨਿਰਦੋਸ਼ ਸਾਬਿਤ ਹੋਏ ਹਾਂ ਜਦੋਂ ਕਿ ਬਾਦਲ ਦਲ ਨੇ ਕਈ ਵਾਰ ਅਕਾਲ ਤਖਤ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ।