ਅੰਮ੍ਰਿਤਸਰ:- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਤੇ ਦਿਨੀਂ ਸਪੇਨ ‘ਚ ਗੁਰਦੁਆਰਾ ਸਾਹਿਬ ‘ਗੁਰੂ ਲਾਧੋ ਰੇ’ ਸੰਤਾ ਕਾਲੋਮਾਂ ਦੀ ਗਰਾਮਾਨੇਤ ਦੀ ਇਮਾਰਤ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਗਨ ਭੇਟ ਹੋਣ ਤੇ ਅਫ਼ਸੋਸ ਜ਼ਾਹਿਰ ਕਰਦਿਆਂ ਦੇਸ਼-ਵਿਦੇਸ਼ ਦੀਆਂ ਗੁਰਦੁਆਰਾ ਕਮੇਟੀਆਂ ਨੂੰ ਗੁਰੂ-ਘਰਾਂ ਦੇ ਪ੍ਰਬੰਧ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ‘ਤੇ ਜ਼ੋਰ ਦਿੱਤਾ ਹੈ।
ਦਫਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈੱਸ ਰਿਲੀਜ਼ ‘ਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ ਜਿਸ ਨਾਲ ਗੁਰੂ-ਘਰਾਂ ਦੇ ਪ੍ਰਬੰਧਕਾਂ ਦੀ ਬੇਧਿਆਨੀ ਸਾਬਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਮਨੁੱਖਤਾ ਦੇ ਰਹਿਬਰ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਡੇ ਗੁਰੂ ਹਨ ਤੇ ਇਸ ਵਿਚ ਦਰਜ ਗੁਰਬਾਣੀ ਅਨੁਸਾਰ ਹੀ ਹਰ ਗੁਰਸਿੱਖ ਆਪਣਾ ਜੀਵਨ ਬਤੀਤ ਕਰਦਾ ਹੈ ਇਸ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਗੁਰੂ-ਘਰ ਦੀ ਇਮਾਰਤ ਵੱਲ ਵਿਸ਼ੇਸ਼ ਧਿਆਨ ਨਾ ਦਿੱਤੇ ਜਾਣ ਕਰਕੇ ਹੀ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ।
ਉਨ੍ਹਾਂ ਕਿਹਾ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁੱਖ-ਆਸਨ ਅਸਥਾਨ ਵੱਲ ਖਾਸ ਧਿਆਨ ਦੇਣ ਦੀ ਜ਼ਰੂਰਤ ਹੁੰਦੀ ਹੈ ਕਿਉਂਕਿ ਜ਼ਿਆਦਾਤਰ ਅਗਜਨੀ ਦੀਆਂ ਘਟਨਾਵਾਂ ਬਿਜਲੀ ਤਾਰਾਂ ਦੀ ਸਪਾਰਕ ਦੇ ਕਾਰਨ ਹੀ ਵਾਪਰ ਰਹੀਆਂ ਹਨ। ਇਸ ਲਈ ਗ੍ਰੰਥੀ ਸਿੰਘਾਂ ਤੇ ਪ੍ਰਬੰਧਕਾਂ ਨੂੰ ਚਾਹੀਦਾ ਹੈ ਕਿ ਉਹ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁੱਖ ਆਸਨ ਅਸਥਾਨ ‘ਤੇ ਸੁਸ਼ੋਭਿਤ ਹੋਣ ਉਪਰੰਤ ਚੰਗੀ ਤਰ੍ਹਾਂ ਲਾਈਟਾਂ ਆਦਿ ਬੰਦ ਕਰ ਦੇਣ।