ਅੰਮ੍ਰਿਤਸਰ: – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਪਾਕਿਸਤਾਨ ਦੇ ਸੂਬੇ ਪਿਸ਼ੌਰ (ਪਾਕਿਸਤਾਨ) ਦੇ ਔਰਾਕਜਾਈ ਕਬਾਇਲੀ ਖੇਤਰ ’ਚ ਪੈਂਦੇ ਪਿੰਡ ਕਾਸਿਮਖੇਲ ’ਚ ਜਜੀਆ ਟੈਕਸ ਲਾਉਣ ਅਤੇ ਸਿੱਖਾਂ ਨੂੰ ਘਰੋਂ ਬੇਘਰ ਕੀਤੇ ਜਾਣ ਦੀ ਘਟਨਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਾਕਿਸਤਾਨ ’ਚ ਵੱਸਦੇ ਸਿੱਖਾਂ ਦੇ ਜਾਨ-ਮਾਲ ਦੀ ਰਾਖੀ ਲਈ ਫੌਰੀ ਕਦਮ ਚੁੱਕੇ ਜਾਣ।
ਇਥੋਂ ਜਾਰੀ ਇਕ ਪ੍ਰੈਸ ਰਲੀਜ਼ ’ਚ ਉਨ੍ਹਾਂ ਕਿਹਾ ਕਿ ਤਾਲਿਬਾਨ ਦੀ ਇਸ ਘਿਨਾਉਣੀ ਕਾਰਵਾਈ ਨਾਲ ਪਾਕਿਸਤਾਨ ’ਚ ਵੱਸਦੇ ਘੱਟ-ਗਿਣਤੀ ਸਿੱਖਾਂ ਵਿਚ ਡਰ ਤੇ ਸਹਿਮ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਤਸ਼ਵੀਸ਼ਨਾਕ ਖਬਰਾਂ ਮਿਲ ਰਹੀਆਂ ਹਨ ਕਿ ਵੱਡੀ ਗਿਣਤੀ ’ਚ ਸਿੱਖ ਭਾਈਚਾਰੇ ਨੂੰ ਆਪਣੇ ਘਰ ਖਾਲੀ ਕਰ ਦਿੱਤੇ ਜਾਣ ਲਈ ਮਜ਼ਬੂਰ ਕਰਕੇ ਉਨ੍ਹਾਂ ਨੂੰ ਸ਼ਰਨਾਰਥੀ ਬਣਾ ਦਿਤਾ ਗਿਆ ਹੈ। ਜਥੇਦਾਰ ਅਵਤਾਰ ਸਿੰਘ ਨੇ ਅਜਿਹੇ ਹਲਾਤ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜੇ ਸਥਿਤੀ ਨੂੰ ਸੰਭਾਲਿਆ ਨਾਂ ਗਿਆ ਤਾਂ ਇਸ ਨਾਲ ਸਮੁੱਚੇ ਪਾਕਿਸਤਾਨ ’ਚ ਵੱਸਦੇ ਸਿੱਖਾਂ ’ਚ ਆਪਣੇ ਜਾਨਮਾਲ ਦੀ ਅਸੁਰੱਖਿਆ ਦੀ ਭਾਵਨਾ ਪੈਦਾ ਹੋਵੇਗੀ। ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਇਕ ਪੱਤਰ ਲਿਖ ਕੇ ਇਸ ਮਾਮਲੇ ’ਚ ਦਖਲ ਦੇਣ ਦੀ ਮੰਗ ਕੀਤੀ ਹੈ ਕਿ ਸਿੱਖਾਂ ਦੀ ਸੁਰੱਖਿਆ ਲਈ ਪਾਕਿਸਤਾਨ ਸਰਕਾਰ ਨੂੰ ਜ਼ੋਰ ਦੇ ਕੇ ਕਹਿਣਾ ਚਾਹੀਦਾ ਹੈ।
ਉਨ੍ਹਾਂ ਹੋਰ ਕਿਹਾ ਕਿ ਉਨ੍ਹਾਂ ਨੇ ਦਿੱਲੀ ਸਥਿਤ ਦੂਤਾਵਾਸ ਰਾਹੀਂ ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਤੇ ਪ੍ਰਧਾਨ ਮੰਤਰੀ ਯੂਸਫ ਰਜ਼ਾ ਗਿਜ਼ਾਨੀ ਨੂੰ ਪੱਤਰ ਲਿਖ ਕੇ ਪਾਕਿਸਤਾਨ ’ਚ ਵੱਸਦੇ ਸਿੱਖਾਂ ਦੀ ਜਾਨ-ਮਾਲ ਦੀ ਰਾਖੀ ਲਈ ਅਪੀਲ ਕੀਤੀ ਹੈ।