ਲੁਧਿਆਣਾ:‘‘ਕੁਦਰਤੀ ਸੋਮਿਆਂ ਦੀ ਸੰਜਮ ਨਾਲ ਵਰਤੋਂ ਅਤੇ ਉਨ੍ਹਾਂ ਦਾ ਉਚਿਤ ਪ੍ਰਬੰਧ ਸਮੇਂ ਦੀ ਮੁੱਖ ਜ਼ਰੂਰਤ ਹੈ।’’ ਇਹ ਸ਼ਬਦ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਨੇ ਯੂਨੀਵਰਸਿਟੀ ਵਿਖੇ ਆਯੋਜਿਤ ਵਰਕਸ਼ਾਪ ਦੌਰਾਨ ਕਹੇ। ਇਕ ਰੋਜ਼ਾ ਇਹ ਵਰਕਸ਼ਾਪ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਅਤੇ ਪੰਜਾਬ ਸਰਕਾਰ ਦੇ ਸਾਇਲ ਐਂਡ ਵਾਟਰ ਕਨਜ਼ਰਵੇਸ਼ਨ ਵਿਭਾਗ ਵੱਲੋਂ ਸਾਂਝੇ ਤੌਰ ਤੇ ਆਯੋਜਿਤ ਕੀਤੀ ਗਈ ਸੀ।
ਇਸ ਵਰਕਸ਼ਾਪ ਵਿੱਚ ਵੱਖ ਵੱਖ ਖੋਜ ਕੇਂਦਰਾਂ ਤੋਂ ਇਲਾਵਾ ਕ੍ਰਿਸ਼ੀ ਵਿਗਿਆਨ ਕੇਂਦਰਾਂ ਦੇ ਸਾਇੰਸਦਾਨਾਂ ਅਤੇ ਵਿਭਾਗ ਦੇ ਪਸਾਰ ਮਾਹਿਰਾਂ ਨੇ ਭਾਗ ਲਿਆ। ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਡਾ: ਢਿੱਲੋਂ ਨੇ ਕਿਹਾ ਕਿ ਜਿਵੇਂ ਕਿ ਗੁਰਬਾਣੀ ਵਿੱਚ ਲਿਖਿਆ ਹੈ ਪਵਨ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ਦੀ ਭਾਵਨਾ ਸਮਝਣੀ ਚਾਹੀਦੀ ਹੈ ਅਤੇ ਸਾਨੂੰ ਇਨ੍ਹਾਂ ਤਿੰਨਾਂ ਨੁੰ ਪ੍ਰਦੂਸ਼ਿਤ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਕੋ ਫ਼ਸਲੀ ਚੱਕਰ ਅਪਨਾਉਣ ਕਾਰਨ ਮਿੱਟੀ ਦੀ ਸਿਹਤ ਵਿੱਚ ਨਿਘਾਰ ਆ ਰਿਹਾ ਹੈ ਅਤੇ ਪਾਣੀ ਦਾ ਪੱਧਰ ਹੇਠਾਂ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੁਦਰਤੀ ਸੋਮਿਆਂ ਦੀ ਸੰਜਮ ਨਾਲ ਵਰਤੋਂ ਕਰਨੀ ਚਾਹੀਦੀ ਹੈ। ਵਿਭਾਗ ਦੇ ਮੁਖੀ ਇੰਜ: ਰਣਜੀਤ ਸਿੰਘ ਸਹੋਤਾ ਨੇ ਭੂਮੀ ਦੀ ਉਪਜਾਊ ਸ਼ਕਤੀ ਵਿੱਚ ਕਮੀ, ਘੱਟ ਵਰਖਾ, ਕੰਢੀ ਅਤੇ ਦੂਜੇ ਖੇਤਰਾਂ ਵਿੱਚ ਵਿਗੜ ਰਹੀ ਮਿੱਟੀ ਦੀ ਸਿਹਤ ਆਦਿ ਵਿਸ਼ਿਆਂ ਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਦੱਸਿਆ ਕਿ ਪਾਣੀ ਦੇ ਡਿੱਗਦੇ ਪੱਧਰ ਕਾਰਨ ਮੁੱਢਲੀਆਂ ਲਾਗਤਾਂ ਵਿੱਚ ਵਾਧਾ ਹੋ ਰਿਹਾ ਹੈ ਅਤੇ ਮੁਨਾਫ਼ਾ ਸੁੰਗੜ ਰਿਹਾ ਹੈ। ਇਸ ਮੌਕੇ ਯੂਨੀਵਰਸਿਟੀ ਦੇ ਅਪਰ ਨਿਰਦੇਸ਼ਕ ਖੋਜ (ਕੁਦਰਤੀ ਸੋਮੇ ਅਤੇ ਪੌਦ ਸਿਹਤ ਪ੍ਰਬੰਧ) ਡਾ: ਜਗਤਾਰ ਸਿੰਘ ਧੀਮਾਨ ਨੇ ਕਿਹਾ ਕਿ ਸਾਨੂੰ ਭਵਿੱਖ ਵਿੱਚ ਖੇਤੀ ਵਿਭਿੰਨਤਾ ਅਤੇ ਸੂਖ਼ਮ ਖੇਤੀ ਵੱਲ ਵੱਧ ਤੋਂ ਵੱਧ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਅਸੀਂ ਖੁਰਾਕੀ ਤੱਤਾਂ ਦੀ ਸੁਯੋਗ ਵਰਤੋਂ ਕਰ ਸਕੀਏ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਕੀਤੀਆਂ ਸਿਫਾਰਸ਼ਾਂ ਦੇ ਨਾਲ ਇਨ੍ਹਾਂ ਸੋਮਿਆਂ ਨੂੰ ਸੁਚੱਜੇ ਢੰਗ ਨਾਲ ਵਰਤਿਆ ਜਾ ਸਕਦਾ ਹੈ। ਇਸ ਤੋਂ ਪਹਿਲਾਂ ਬੇਸਿਕ ਸਾਇੰਸਜ ਅਤੇ ਹਿਊਮੈਨੇਟੀਜ ਕਾਲਜ ਦੇ ਡੀਨ ਡਾ: ਰਜਿੰਦਰ ਸਿੰਘ ਸਿੱਧੂ ਨੇ ਆਪਣੇ ਸਵਾਗਤੀ ਭਾਸ਼ਣ ਵਿੱਚ ਕਿਹਾ ਕਿ ਸਾਨੂੰ ਇਨ੍ਹਾਂ ਉਨਤ ਤਕਨੀਕਾਂ ਬਾਰੇ ਕਿਸਾਨਾਂ ਤੀਕ ਜਾਣਕਾਰੀ ਪਹੁੰਚਾਉਣੀ ਚਾਹੀਦੀ ਹੈ।
ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ: ਮੁਖਤਾਰ ਸਿੰਘ ਗਿੱਲ ਨੇ ਆਪਣੇ ਧੰਨਵਾਦੀ ਸ਼ਬਦਾਂ ਵਿੱਚ ਕਿਹਾ ਕਿ ਇਸ ਵਰਕਸ਼ਾਪ ਦੌਰਾਨ ਪਸਾਰ ਮਾਹਿਰਾਂ ਅਤੇ ਵਿਭਾਗ ਦੇ ਸਾਇੰਸਦਾਨਾਂ ਨੂੰ ਨਵੀਆਂ ਚੁਣੌਤੀਆਂ ਅਤੇ ਮਿਥੇ ਟੀਚਿਆਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਨਾਲ ਵਿਗਿਆਨੀਆਂ ਦੇ ਨਾਲ ਨਾਲ ਪਸਾਰ ਮਾਹਿਰਾਂ ਨੂੰ ਦੁਪਾਸੜਾ ਫਾਇਦਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਰਕਸ਼ਾਪ ਦੌਰਾਨ ਵੱਖ ਵੱਖ ਤਕਨੀਕੀ ਸੈਸ਼ਨ ਵਿਗਿਆਨੀਆਂ ਲਈ ਭਰਪੂਰ ਲਾਹੇਵੰਦ ਹੋਣਗੇ।
ਯੂਨੀਵਰਸਿਟੀ ਦੇ ਵੱਖ ਵੱਖ ਵਿਭਾਗਾਂ ਵੱਲੋਂ ਇਸ ਮੌਕੇ ਇਕ ਪ੍ਰਭਾਵਸ਼ਾਲੀ ਪ੍ਰਦਰਸ਼ਨੀ ਵੀ ਲਗਾਈ ਗਈ।