ਅੰਮ੍ਰਿਤਸਰ:- ਪੰਥ ਦੀ ਸਰਵਉੱਚ ਸਖ਼ਸ਼ੀਅਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਤਰਲੋਚਨ ਸਿੰਘ ਦਾ ਬੀਤੀ ਰਾਤ ਅਚਾਨਕ ਦਿਲ ਦੀ ਧੜਕਣ ਬੰਦ ਹੋਣ ਕਰਕੇ ਅਕਾਲ ਚਲਾਣਾ ਕਰ ਜਾਣ ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ। ਸ਼੍ਰੋਮਣੀ ਕਮੇਟੀ ਦੇ ਪਬਲੀਸਿਟੀ ਵਿਭਾਗ ਤੋਂ ਜਾਰੀ ਪ੍ਰੈਸ ਰਲੀਜ਼ ‘ਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਜਥੇਦਾਰ ਤਰਲੋਚਨ ਸਿੰਘ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਨਾਲ ਪੰਥ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਗਿਆਨੀ ਜੀ ਗੁਰਬਾਣੀ ਦੇ ਰਸੀਏ, ਪੰਥਕ ਸੋਚ ਦੇ ਧਾਰਨੀ ਤੇ ਸਿੱਖੀ ਪ੍ਰਚਾਰ ਦੇ ਸੋਮੇ ਸਨ। ਉਨ੍ਹਾਂ ਦੇ ਇਸ ਤਰ੍ਹਾਂ ਅਚਾਨਕ ਇਸ ਫਾਨੀ ਸੰਸਾਰ ਤੋਂ ਚਲੇ ਜਾਣ ਨਾਲ ਸਮੁੱਚੇ ਸੰਸਾਰ ਵਿੱਚ ਵੱਸਦੇ ਸਿੱਖਾਂ ‘ਚ ਸੋਗ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਗਿਆਨੀ ਜੀ ਬਚਪਨ ਤੋਂ ਹੀ ਧਾਰਮਿਕ ਬਿਰਤੀ ਵਾਲੇ ਸਨ, ਉਨ੍ਹਾਂ ਨੇ ਆਪਣਾ ਪੂਰਾ ਜੀਵਨ ਪੰਥਕ ਰਹੁ-ਰੀਤਾਂ ਅਨੁਸਾਰ ਬਤੀਤ ਕੀਤਾ। ਉਹ ਸਾਲ 1974 ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੇਵਾ ‘ਚ ਆਏ ਅਤੇ 1994 ‘ਚ ਹੈੱਡ ਗ੍ਰੰਥੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਬਣੇ। ਉਨ੍ਹਾਂ ਵੱਲੋਂ ਕੀਤੇ ਪੰਥਕ ਕਾਰਜਾਂ ਨੂੰ ਸਨਮੁਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਨੂੰ ਪਦ-ਉਨਤ ਕਰਕੇ ਸਾਲ 2003 ‘ਚ ਕਾਰਜਕਾਰੀ ਜਥੇਦਾਰ ਥਾਪਿਆ ਗਿਆ ਤੇ ਫਿਰ ਅੰਤ੍ਰਿੰਗ ਕਮੇਟੀ ਵੱਲੋਂ ਸਾਲ 2004 ‘ਚ ਉਨ੍ਹਾਂ ਨੂੰ ਜਥੇਦਾਰ ਦੀ ਸੇਵਾ ਪੱਕੇ ਤੌਰ ਤੇ ਸੌਂਪ ਦਿੱਤੀ ਗਈ। ਉਨ੍ਹਾਂ ਵੱਲੋਂ ਜਥੇਦਾਰ ਹੁੰਦਿਆਂ ਦੇਸ਼-ਵਿਦੇਸ਼ ਵਿੱਚ ਅਨੇਕਾਂ ਧਾਰਮਿਕ ਸਮਾਗਮ ਕਰਵਾਏ ਤੇ ਹਜ਼ਾਰਾਂ ਲੋਕਾਂ ਨੂੰ ਗੁਰਸਿੱਖੀ ਨਾਲ ਜੋੜਦਿਆਂ ਦਸਮ ਪਿਤਾ ਵੱਲੋਂ ਬਖਸ਼ਿਸ਼ ਖੰਡੇ ਬਾਟੇ ਦੀ ਪਾਹੁਲ (ਅੰਮ੍ਰਿਤ) ਛਕਾ ਕੇ ਬਾਣੀ ਤੇ ਬਾਣੇ ਦੇ ਧਾਰਨੀ ਬਣਾਇਆ। ਉਨ੍ਹਾਂ ਕਿਹਾ ਕਿ ਸੰਸਾਰ ਵਿੱਚ ਆਉਣਾ ਤੇ ਜਾਣਾ ਅਕਾਲ ਪੁਰਖ਼ ਦਾ ਹੁਕਮ ਹੈ, ਉਹਦੇ ਅੱਗੇ ਕਿਸੇ ਦਾ ਜੋਰ ਨਹੀਂ। ਅਕਾਲ ਪੁਰਖ਼ ਦੇ ਹੁਕਮ ਅਨੁਸਾਰ ਗਿਆਨੀ ਤਰਲੋਚਨ ਸਿੰਘ ਆਪਣੀ ਸਵਾਸਾਂ ਰੂਪੀ ਪੂੰਜੀ ਖਰਚ ਕਰਕੇ ਗੁਰੂ ਚਰਨਾਂ ‘ਚ ਜਾ ਬਰਾਜੇ ਹਨ। ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਮ ਸੰਸਕਾਰ ਸ੍ਰੀ ਅਨੰਦਪੁਰ ਸਾਹਿਬ ਦੇ ਸ਼ਮਸ਼ਾਨਘਾਟ ਵਿਖੇ 01-08-2013 ਨੂੰ ਸਵੇਰੇ 10.00 ਵਜੇ ਪੰਥਕ ਰਹੂ-ਰੀਤਾਂ ਅਨੁਸਾਰ ਕੀਤਾ ਜਾਵੇਗਾ। ਜਥੇਦਾਰ ਅਵਤਾਰ ਸਿੰਘ ਨੇ ਸਮੂਹ ਪੰਥਕ ਜਥੇਬੰਦੀਆਂ, ਸਿੰਘ-ਸਭਾਵਾਂ, ਸਭਾ-ਸੁਸਾਇਟੀਆਂ, ਟਕਸਾਲਾਂ ਤੇ ਨਿਹੰਗ ਸਿੰਘ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਪੰਥ ਦੀ ਸਿਰਮੌਰ ਸਖਸ਼ੀਅਤ ਦੇ ਅੰਤਮ ਸੰਸਕਾਰ ਮੌਕੇ ਪਹੁੰਚਣ। ਉਨ੍ਹਾਂ ਅਕਾਲ ਪੁਰਖ਼ ਦੇ ਚਰਨਾਂ ‘ਚ ਅਰਦਾਸ ਕੀਤੀ ਕਿ ਅਕਾਲ ਪੁਰਖ਼ ਸਿੰਘ ਸਾਹਿਬ ਗਿਆਨੀ ਤਰਲੋਚਨ ਸਿੰਘ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ਣ ਪਿਛੇ ਪਰਿਵਾਰ ਤੇ ਸਮੁੱਚੇ ਪੰਥ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੁੱਚੇ ਸਟਾਫ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇਕੱਤਰਤਾ ਕਰਕੇ ਸਿੰਘ ਸਾਹਿਬ ਜੀ ਦੇ ਅਕਾਲ ਚਲਾਣਾ ਕਰ ਜਾਣ ਦੇ ਸੋਗ ਵਜੋਂ ਮੂਲ-ਮੰਤਰ ‘ਤੇ ਗੁਰ-ਮੰਤਰ ਦੇ ਜਾਪ ਕੀਤੇ ਗਏ, ਅਰਦਾਸ ਭਾਈ ਕੁਲਵਿੰਦਰ ਸਿੰਘ ਅਰਦਾਸੀਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕੀਤੀ। ਉਪਰੰਤ ਸ.ਤਰਲੋਚਨ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਵੱਲੋਂ ਸੋਗ ਵਜੋਂ ਦੋ ਦਿਨਾਂ ਲਈ ਦਫ਼ਤਰ ਸ਼੍ਰੋਮਣੀ ਕਮੇਟੀ ਤੇ ਇਸ ਨਾਲ ਸਬੰਧਤ ਸਮੂਹ ਅਦਾਰੇ ਬੰਦ ਕਰ ਦਿੱਤੇ ਗਏ।
ਗਿਆਨੀ ਤਰਲੋਚਨ ਸਿੰਘ ਦੇ ਅਕਾਲ ਚਲਾਣੇ ‘ਤੇ ਸ਼੍ਰੋਮਣੀ ਕਮੇਟੀ ਦੇ ਸਮੂਹ ਅਦਾਰੇ ਸੋਗ ਵਜੋਂ ਦੋ ਦਿਨਾਂ ਲਈ ਬੰਦ
This entry was posted in ਪੰਜਾਬ.