ਇਸਲਾਮਾਬਾਦ- ਪਾਕਿਸਤਾਨ ਦੇ ਪ੍ਰਧਾਨਮੰਤਰੀ ਨਵਾਜ਼ ਸ਼ਰੀਫ਼ ਨੇ ਕਿਹਾ ਹੈ ਕਿ ਭਾਰਤ ਅਤੇ ਪਾਕਿਸਤਾਨ ਦੋਵਾਂ ਦੇਸ਼ਾਂ ਲਈ ਇਹ ਜਰੂਰੀ ਹੈ ਕਿ ਕਸ਼ਮੀਰ ਦੀ ਸਰਹੱਦ ਤੇ ਜੰਗਬੰਦੀ ਨੂੰ ਕਾਇਮ ਰੱਖਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਦੋਵਾਂ ਦੇਸ਼ਾਂ ਦੇ ਨੇਤਾਵਾਂ ਵੱਲੋਂ ਰਚਨਾਤਮਿਕ ਤੌਰ ਤੇ ਨਿਸ਼ਠਾ ਅਤੇ ਵਿਸ਼ਵਾਸ਼ ਸਥਾਪਤ ਕਰਨ ਲਈ ਕੰਮ ਕਰਨਾ ਹੋਵੇਗਾ।
ਪ੍ਰਧਾਨਮੰਤਰੀ ਸ਼ਰੀਫ਼ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਜਮੂੰ ਕਸ਼ਮੀਰ ਦੇ ਪੁੰਛ ਖੇਤਰ ਵਿੱਚ ਪਾਕਿਸਤਾਨੀ ਸੈਨਾ ਦੁਆਰਾ ਕੀਤੀ ਗਈ ਗੋਲੀਬਾਰੀ ਦੌਰਾਨ ਪੰਜ ਭਾਰਤੀ ਜਵਾਨਾਂ ਦੇ ਸ਼ਹੀਦ ਹੋਣ ਨਾਲ ਦੋਵਾਂ ਦੇਸ਼ਾਂ ਦਰਮਿਆਨ ਤਣਾਅ ਵਾਲੀ ਸਥਿਤੀ ਬਣੀ ਹੋਈ ਹੈ। ਭਾਰਤ ਦੇ ਰੱਖਿਆ ਮੰਤਰੀ ਨੇ ਸੰਸਦ ਵਿੱਚ ਕਿਹਾ ਹੈ ਕਿ ਭਾਰਤੀ ਸੈਨਿਕਾਂ ਤੇ ਹੋਏ ਹਮਲੇ ਵਿੱਚ ਪਾਕਿਸਤਾਨੀ ਸੈਨਾ ਦੇ ਵਿਸ਼ੇਸ਼ ਦਸਤੇ ਸ਼ਾਮਿਲ ਸਨ। ਜਦੋਂ ਕਿ ਪਾਕਿਸਤਾਨ ਦੀ ਸਰਕਾਰ ਆਪਣੀ ਸੈਨਾ ਦੀ ਭੂਮਿਕਾ ਤੋਂ ਇਨਕਾਰ ਕਰ ਰਹੀ ਹੈ।
ਨਿਊਯਾਰਕ ਵਿੱਚ ਪ੍ਰਧਾਨਮੰਤਰੀ ਮਨਮੋਹਨ ਸਿੰਘ ਅਤੇ ਪਾਕਿਸਤਾਨੀ ਪ੍ਰਧਾਨਮੰਤਰੀ ਨਵਾਜ਼ ਸ਼ਰੀਫ਼ ਵਿੱਚਕਾਰ ਹੋਣ ਵਾਲੀ ਮੀਟਿੰਗ ਤੇ ਵੀ ਸਵਾਲ ਉਠ ਰਹੇ ਹਨ, ਪਰ ਨਵਾਜ਼ ਸ਼ਰੀਫ਼ ਨੇ ਉਮੀਦ ਜਾਹਿਰ ਕੀਤੀ ਹੈ ਕਿ ਨਿਊਯਾਰਕ ਵਿੱਚ ਹੋਣ ਵਾਲੀ ਸੰਯੁਕਤ ਰਾਸ਼ਟਰ ਮਹਾਂਸੱਭਾਂ ਦੌਰਾਨ ਭਾਰਤੀ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਾਲ ਉਨ੍ਹਾਂ ਦੀ ਬੈਠਕ ਜਰੂਰ ਹੋਵੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਬੈਠਕ ਦੌਰਾਨ ਅਸੀਂ ਦੋਵਾਂ ਦੇਸ਼ਾਂ ਵਿੱਚ ਵਿਸ਼ਵਾਸ਼ ਵਧਾਉਣ ਅਤੇ ਆਪਸੀ ਸਬੰਧਾਂ ਨੂੰ ਮਜ਼ਬੂਤ ਬਣਾਉਣ ਸਬੰਧੀ ਗੱਲਬਾਤ ਕੀਤੀ ਜਾਵੇਗੀ।