ਨਿਊਯਾਰਕ-ਪ੍ਰਧਾਨਮੰਤੀ ਮਨਮੋਹਨ ਸਿੰਘ ਨੇ ਪਾਕਿਸਤਾਨ ਨੂੰ ਸਖਤ ਸੰਦੇਸ਼ ਦਿੰਦੇ ਹੋਏ ਕਿਹਾ ਕਿ ਊਹ ਆਪਣੇ ਦੇਸ਼ ਵਿੱਚ ਮੌਜੂਦ ‘ਅੱਤਵਾਦ ਦੀ ਮਸ਼ੀਨਰੀ’ਨੂੰ ਬੰਦ ਕਰੇ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਜਮੂੰ-ਕਸ਼ਮੀਰ ਭਾਰਤ ਦਾ ਅਨਿਖੜਵਾਂ ਅੰਗ ਹੈ ਅਤੇ ਭਾਰਤ ਦੀ ਅਖੰਡਤਾ ਦੇ ਨਾਲ ਕੋਈ ਸਮਝੌਤਾ ਨਹੀਂ ਹੋ ਸਕਦਾ। ਉਨ੍ਹਾਂ ਨੇ ਬਦਲਦੇ ਵਕਤ ਅਨੁਸਾਰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿੱਚ ਬਦਲਾਅ ਦੀ ਵੀ ਵਕਾਲਤ ਕੀਤੀ।
ਪ੍ਰਧਾਨਮੰਤਰੀ ਮਨਮੋਹਨ ਸਿੰਘ ਨੇ ਸੰਯੁਕਤ ਰਾਸ਼ਟਰ ਸੱਭਾ ਵਿੱਚ ਆਪਣੇ ਭਾਸ਼ਣ ਦੌਰਾਨ ਪਾਕਿਸਤਾਨ ਦੇ ਪ੍ਰਧਾਨਮੰਤਰੀ ਨਵਾਜ਼ ਸ਼ਰੀਫ਼ ਦੀ ਇਸ ਮੰਗ ਨੂੰ ਨਕਾਰ ਦਿੱਤਾ, ਜਿਸ ਅਨੁਸਾਰ ਕਸ਼ਮੀਰ ਮੁੱਦੇ ਦਾ ਹੱਲ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਪ੍ਰਸਤਾਵ ਦੇ ਤਹਿਤ ਕੀਤਾ ਜਾਵੇ। ਡਾ: ਮਨਮੋਹਨ ਸਿੰਘ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੇ ਸਾਰੇ ਮੁੱਦਿਆਂ ਦਾ ਹਲ ਸ਼ਿਮਲਾ ਸਮਝੌਤੇ ਦੇ ਤਹਿਤ ਹੀ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਅੱਤਵਾਦ ਹਰ ਜਗ੍ਹਾ ਸੁਰੱਖਿਆ ਦੇ ਲਈ ਗੰਭੀਰ ਮੁੱਦਾ ਬਣਿਆ ਹੋਇਆ ਹੈ ਅਤੇ ਦੁਨੀਆਭਰ ਵਿੱਚ ਇਸ ਦੇ ਕਾਰਨ ਬਹੁਤ ਸਾਰੀਆਂ ਜਾਨਾਂ ਜਾਂਦੀਆਂ ਹਨ।