ਨਵੀਂ ਦਿੱਲੀ- ਮੁੱਖਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫੇ ਤੋਂ ਬਾਅਦ ਉਪ-ਰਾਜਪਾਲ ਦੀ ਸਿਫਾਰਸ਼ ਤੇ ਕੇਂਦਰ ਸਰਕਾਰ ਨੇ ਤਾਜ਼ਾ ਸਥਿਤੀ ਨੂੰ ਵੇਖਦੇ ਹੋਏ ਸ਼ਨਿਚਰਵਾਰ ਦੀ ਰਾਤ ਨੂੰ ਦਿੱਲੀ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰ ਦਿੱਤਾ ਗਿਆ ਹੈ। ਨਜੀਬ ਜੰਗ ਦੀ ਰਿਪੋਰਟ ਤੇ ਸੋਚ-ਵਿਚਾਰ ਕਰਨ ਤੋਂ ਬਾਅਦ ਪ੍ਰਧਾਨਮੰਤਰੀ ਮਨਮੋਹਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਦੀ ਬੈਠਕ ਵਿੱਚ ਇਹ ਫੈਸਲਾ ਲਿਆ ਗਿਆ।
ਅਰਵਿੰਦ ਕੇਜਰੀਵਾਲ ਨੇ ਅਸਤੀਫਾ ਦਿੰਦੇ ਸਮੇਂ ਇਹ ਸਿਫਾਰਸ਼ ਕੀਤੀ ਸੀ ਕਿ ਦਿੱਲੀ ਵਿਧਾਨਸਭਾ ਭੰਗ ਕਰਕੇ ਦੁਬਾਰਾ ਚੋਣ ਕਰਵਾਈ ਜਾਵੇ। ਲੇਕਿਨ ਗ੍ਰਹਿ ਵਿਭਾਗ ਦੀ ਰਾਏ ਸੀ ਕਿ ਉਪ-ਰਾਜਪਾਲ ਨੂੰ ਇੱਕ ਵਾਰ ਫਿਰ ਤੋਂ ਨਵੀਂ ਸਰਕਾਰ ਦੇ ਗਠਨ ਦੀ ਸੰਭਾਵਨਾ ਤਲਾਸ਼ਣ ਲਈ ਸਮਾਂ ਮਿਲਣਾ ਚਾਹੀਦਾ ਹੈ। ਕੈਬਨਿਟ ਨੇ ਗ੍ਰਹਿ ਵਿਭਾਗ ਦੇ ਇਸ ਫੈਸਲੇ ਨੂੰ ਸਵੀਕਾਰ ਕਰ ਲਿਆ ਹੈ। ਕੈਬਨਿਟ ਦੇ ਫੈਸਲੇ ਨੂੰ ਹੁਣ ਰਾਸ਼ਟਰਪਤੀ ਕੋਲ ਭੇਜਿਆ ਜਾਵੇਗਾ ਅਤੇ ਰਾਸ਼ਟਰਪਤੀ ਦੀ ਮੁਹਰ ਲਗਦਿਆਂ ਹੀ ਦਿੱਲੀ ਵਿੱਚ ਰਾਸ਼ਟਰਪਤੀ ਰਾਜ ਲਾਗੂ ਹੋ ਜਾਵੇਗਾ।ਗ੍ਰਹਿ ਵਿਭਾਗ ਦੇ ਇੱਕ ਅਧਿਕਾਰੀ ਦਾ ਕਹਿਣਾ ਹੈ ਕਿ ਸੁਪਰੀਮਕੋਰਟ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਵਿਧਾਨਸਭਾ ਭੰਗ ਕਰਨ ਤੋਂ ਪਹਿਲਾਂ ਸਰਕਾਰ ਬਣਾਉਣ ਦੀਆਂ ਸਾਰੀਆਂ ਸੰਭਾਵਨਾਵਾਂ ਤੇ ਵਿਚਾਰ ਕਰਨੀ ਚਾਹੀਦੀ ਹੈ। ਇਹ ਵੀ ਚਰਚਾ ਹੈ ਕਿ ਲੋਕਸਭਾ ਦੀਆਂ ਚੋਣਾਂ ਦੇ ਨਾਲ ਹੀ ਦਿੱਲੀ ਦੀਆਂ ਵਿਧਾਨਸਭਾ ਚੋਣਾਂ ਵੀ ਹੋ ਸਕਦੀਆਂ ਹਨ।