ਲੁਧਿਆਣਾ,(ਪ੍ਰੀਤੀ ਸ਼ਰਮਾ): ਜ਼ਿਲ੍ਹਾ ਕਾਂਗਰਸ ਭਵਨ ਵਿਖੇ ਕਾਂਗਰਸ ਪਾਰਟੀ ਵੱਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਉਨ੍ਹਾਂ ਦੇ 83ਵੇਂ ਸ਼ਹੀਦੀ ਦਿਵਸ ’ਤੇ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਦੇਸ਼ ਦੀ ਅਜ਼ਾਦੀ ਲਈ ਹੱਸਦਿਆਂ ਹੱਸਦਿਆਂ ਫਾਂਸੀ ਦੇ ਫੰਦਿਆਂ ਨੂੰ ਚੁੰਮ ਲੈਣ ਵਾਲੇ ਇਨ੍ਹਾਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ। ਪਾਰਟੀ ਆਗੂਆਂ ਨੇ ਕਿਹਾ ਕਿ ਸ਼ਹੀਦਾਂ ਦੇ ਮਾਰਗ ’ਤੇ ਚੱਲ ਕੇ ਉਨ੍ਹਾਂ ਦੇ ਸੁਫਨਿਆਂ ਨੂੰ ਸਾਕਾਰ ਕਰਨਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ, ਜਿਸ ਲਈ ਸਾਨੂੰ ਸਾਰਿਆਂ ਨੂੰ ਜੀ ਜਾਨ ਨਾਲ ਕੋਸ਼ਿਸ਼ਾਂ ਕਰਨੀਆਂ ਚਾਹੀਦੀਆਂ ਹਨ। ਇਸ ਮੌਕੇ ਪਾਰਟੀ ਆਗੂਆਂ ਨਵਨੀਸ਼ ਮਲਹੋਤਰਾ, ਮਦਨ ਲਾਲ ਮਧੂ, ਵਿਪਨ ਅਰੋੜਾ, ਅਨਿਲ ਪਾਰਤੀ, ਸ਼ਿਵ ਵਰਗ, ਰਮਨ ਵੋਹਰਾ, ਰਜਨੀਸ਼ ਟੰਡਨ, ਸਾਧੂ ਰਾਮ ਸਿੰਘੀ, ਸੁਰੇਸ਼ ਭਗਤ, ਪ੍ਰਿੰਸ ਕੁਮਾਰ ਨੇ ਕਿਹਾ ਕਿ ਸ਼ਹੀਦ ਏ ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੇ ਦੇਸ਼ ਨੂੰ ਅੰਗਰੇਜ਼ ਹਕੂਮਤ ਦੇ ਪੰਜਿਆਂ ਤੋਂ ਕੱਢਣ ਦੀ ਠਾਨੀ ਅਤੇ ਉਨ੍ਹਾਂ ਦੀ ਸ਼ਹਾਦਤ ਨੇ ਦੇਸ਼ ਨੂੰ ਗੁਲਾਮੀ ਦੀਆਂ ਜੰਜੀਰਾਂ ਤੋਂ ਛੁਡਾਉਣ ’ਚ ਅਹਿਮ ਯੋਗਦਾਨ ਪਾਇਆ। ਜਿਸਨੇ ਅੰਗਰੇਜ ਹਕੂਮਤ ਨੂੰ ਜੜ੍ਹਾਂ ਤੋਂ ਹਿਲਾ ਕੇ ਰੱਖ ਦਿੱਤਾ। ਉਨ੍ਹਾਂ ਨੇ ਕਿਹਾ ਕਿ ਦੇਸ਼ ਤੇ ਸਮਾਜ ਦੀ ਤਰੱਕੀ ’ਚ ਨੌਜਵਾਨ ਵਰਗ ਦੇ ਜੋਸ਼ ਦਾ ਅਹਿਮ ਯੋਗਦਾਨ ਰਹਿੰਦਾ ਹੈ। ਪਰ ਅੱਜ ਸਾਡਾ ਨੌਜਵਾਨ ਨਸ਼ਿਆਂ ਦੇ ਦਲਦਲ ’ਚ ਧੱਸਦਾ ਜਾ ਰਿਹਾ ਹੈ। ਜਦੋਂ ਤੱਕ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਦਲਦਲ ’ਚੋਂ ਨਹੀਂ ਕੱਢਿਆ ਜਾਦਾ, ਸ਼ਹੀਦ ਏ ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸੁਫਨਾ ਸਾਕਾਰ ਨਹੀਂ ਹੋ ਸਕਦਾ। ਇਸ ਲਈ ਸਾਨੂੰ ਸਾਰਿਆਂ ਨੂੰ ਜੀ ਜਾਨ ਨਾਲ ਕੋਸ਼ਿਸ਼ਾਂ ਕਰਨੀਆਂ ਚਾਹੀਦੀਆਂ ਹਨ।