ਨਵੀਂ ਦਿੱਲੀ – ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦੀ ਸਜ਼ਾ ਸੁਪਰੀਮ ਕੋਰਟ ਨੇ ਉਮਰ ਕੈਦ ਵਿੱਚ ਤਬਦੀਲ ਕਰ ਦਿੱਤੀ ਹੈ। ਸੁਪਰੀਮ ਕੋਰਟ ਵੱਲੋਂ ਭੁੱਲਰ ਵੱਲੋਂ ਦਾਇਰ ਕੀਤੀ ਗਈ ਅਰਜ਼ੀ ਤੇ ਇਹ ਫੈਸਲਾ ਸੁਣਾਇਆ ਗਿਆ ਹੈ। ਭੁੱਲਰ ਨੂੰ 1993 ਵਿੱਚ ਦਿੱਲੀ ਵਿੱਚ ਯੂਥ ਕਾਂਗਰਸ ਦੇ ਦਫਤਰ ਵਿੱਚ ਬਲਾਸਟ ਕਰਨ ਦਾ ਦੋਸ਼ੀ ਕਰਾਰ ਦਿੱਤਾ ਗਿਆ ਸੀ।
ਅਦਾਲਤ ਵਿੱਚ ਪੇਸ਼ ਕੀਤੀ ਗਈ ਦਰਖਾਸਤ ਵਿੱਚ ਇਹ ਕਿਹਾ ਗਿਆ ਸੀ ਕਿ ਭੁੱਲਰ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ। ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਹ ਵੀ ਕਿਹਾ ਗਿਆ ਸੀ ਕਿ ਰਹਿਮ ਦੀ ਅਪੀਲ ਤੇ ਨਿਰਣਾ ਲੈਣ ਵਿੱਚ 8 ਸਾਲ ਦਾ ਸਮਾਂ ਲਗਾਇਆ ਗਿਆ ਹੈ। ਕੇਂਦਰ ਸਰਕਾਰ ਨੇ ਵੀ ਇਹ ਕਿਹਾ ਸੀ ਕਿ ਜੇ ਅਦਾਲਤ ਭੁੱਲਰ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਦੀ ਹੈ ਤਾਂ ਉਸ ਨੂੰ ਕੋਈ ਇਤਰਾਜ਼ ਨਹੀਂ ਹੋਵੇਗਾ। ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ ਸੁਪਰੀਮ ਕੋਰਟ ਨੇ ਇਹ ਫੈਂਸਲਾ ਸੁਣਾਇਆ। ਭੁੱਲਰ ਦੀ ਪਤਨੀ ਵੱਲੋਂ ਆਪਣੇ ਪਤੀ ਦੀ ਖਰਾਬ ਮਾਨਸਿਕ ਹਾਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਪਰੀਮ ਕੋਰਟ ਵਿੱਚ ਉਨ੍ਹਾਂ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਗਈ ਸੀ।